ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਅਕਤੂਬਰ
ਸਿਟੀ ਬਿਊਟੀਫੁੱਲ ’ਤ ਔਰਤਾਂ ਨਾਲ ਛੇੜਛਾੜ ਦੀਆਂ ਵਾਰਦਾਤਾਂ ਨਿੱਤ ਵਧਦੀਆਂ ਜਾ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ ਅੱਜ ਚੰਡੀਗੜ੍ਹ ਦੇ ਸੈਕਟਰ 10 ’ਚ ਸਾਹਮਣੇ ਆਇਆ, ਜਿੱਥੇ ਬਰਤਾਨਵੀ ਡਿਪਲੋਮੇਟ ਔਰਤ ਨਾਲ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਛੇੜਛਾੜ ਕੀਤੀ। ਘਟਨਾ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ 3 ਦੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਨੇ ਬਰਤਾਨਵੀ ਡਿਪਲੋਮੇਟ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਸੈਕਟਰ 9 ਏ ’ਚ ਰਹਿੰਦੀ ਹੈ ਤੇ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਸੈਰ ਕਰਨ ਜਾ ਰਹੀ ਸੀ। ਉਹ ਸੈਕਟਰ 10 ’ਚ ਚੰਡੀਗੜ੍ਹ ਲਾਅਨ ਟੈਨਿਸ ਐਸੋਸੀਸ਼ਏਨ ਵੱਲ ਮੁੜੀ ਤਾਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਦੋ-ਤਿੰਨ ਗੇੜੇ ਮਾਰਦੇ ਹੋਏ ਉਸ ਨਾਲ ਛੇੜਛਾੜ ਕੀਤੀ। ਬਰਤਾਨਵੀ ਮੁਟਿਆਰ ਨੇ ਨੌਜਵਾਨਾਂ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਫ਼ਰਾਰ ਹੋ ਗਏ। ਪੁਲੀਸ ਮੁੱਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲ ਰਹੀ ਹੈ। ਪੁਲੀਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।