ਸਿੱਖਿਆ ਖੇਤਰ ’ਚ ਕ੍ਰਾਂਤੀ ਲਿਆਂਦੀ: ਸਿਸੋਦੀਆ
ਜ਼ਿਲ੍ਹੇ ਦ4ੇ ਸਰਕਾਰੀ ਸਕੂਲਾਂ ਦੇ 100 ਅਧਿਆਪਕਾਂ ਨੂੰ ਉਨ੍ਹਾਂ ਦੀਆਂ ਵਿਲੱਖਣ ਪ੍ਰਾਪਤੀਆਂ ਲਈ ਅੱਜ ਆਮ ਖਾਸ ਬਾਗ ਵਿੱਚ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਕਰਵਾਏ ਸਿੱਖਿਆ ਸੰਵਾਦ ਸਮਾਗਮ ਦੌਰਾਨ ‘ਆਪ’ ਦੇ ਸੂਬਾ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਉਪਲਬਧੀਆਂ ਕੀਤੀਆਂ ਗਈਆਂ ਹਨ ਅਤੇ ਨਸ਼ਿਆਂ ਖਿਲਾਫ਼ ਵੀ ਜ਼ਮੀਨੀ ਪੱਧਰ ’ਤੇ ਮੁਹਿੰਮ ਚਲਾਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਸਨਮਾਨ ਹੱਲਾਸ਼ੇਰੀ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਛੁਪੇ ਹੁਨਰ ਨੂੰ ਤਰਾਸ਼ਣ ਲਈ ਬਿਜ਼ਨਸ ਕਲਾਸ ਦਾ ਵਿਸ਼ਾ ਲਾਜ਼ਮੀ ਕੀਤਾ ਹੈ ਜੋ ਵਿਲੱਖਣ ਪ੍ਰਾਪਤੀ ਹੈ। ਇਸ ਮੌਕੇ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਦੌਰਾਨ ਜਦੋਂ ਉਨ੍ਹਾਂ ਨੂੰ ਸਕੂਲਾਂ ਦੇ ਅਧਿਆਪਕਾਂ ਨਾਲ ਨੇੜਿਓਂ ਮਿਲਣ ਦਾ ਮੌਕਾ ਮਿਲਿਆ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਅਧਿਆਪਕ ਵਿਲੱਖਣ ਸ਼ਖਸੀਅਤ ਰੱਖਦੇ ਹਨ ਅਤੇ ਗਿਆਨ ਦਾ ਚਾਨਣ ਫੈਲਾਉਣ ਲਈ ਆਪਣੇ ਵਿਦਿਆਰਥੀਆਂ ਨੂੰ ਨਿਰਧਾਰਤ ਸਕੂਲ ਸਮੇਂ ਤੋਂ ਵੀ ਵੱਧ ਸਮਾਂ ਦੇ ਰਹੇ ਹਨ ਤਾਂ ਜੋ ਵਿਦਿਆਰਥੀ ਵੱਡੀਆਂ ਮੱਲਾਂ ਮਾਰ ਸਕਣ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਓ ਐੱਸ ਡੀ ਗੁਲਸ਼ਨ ਛਾਬੜਾ, ਵਿਧਾਇਕ ਲਖਬੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਏ ਡੀ ਸੀ ਸੁਰਿੰਦਰ ਸਿੰਘ ਧਾਲੀਵਾਲ, ਐੱਸ ਐੱਸ ਪੀ ਸ਼ੁਭਮ ਅਗਰਵਾਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਆਦਿ ਹਾਜ਼ਰ ਸਨ।
