ਬੁੱਢਾ ਦਲ ਦਾ ਸਥਾਪਨਾ ਦਿਵਸ ਸਮਾਰੋਹ ਸਮਾਪਤ
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਨਾਂਦੇੜ ਵਿੱਚ ਬੁੱਢਾ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਸ਼ਾਨਦਾਰ ਢੰਗ ਨਾਲ ਸੰਪੂਰਨ ਹੋਇਆ। ਸਮਾਗਮ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਗੱਦੀ ਦਿਵਸ ਨੂੰ ਵੀ ਸਮਰਪਿਤ ਸੀ।
ਸਮਾਪਤੀ ਸਮਾਗਮ ਦੌਰਾਨ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੁੱਢਾ ਦਲ ਦੇ ਇਤਿਹਾਸ ਤੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਬੁੱਢਾ ਦਲ ਸਿੱਖ ਪੰਥ ਦੀ ਅਟੁੱਟ ਧਾਰਾ ਹੈ, ਜਿਸ ਦੇ ਜਥੇਦਾਰਾਂ ਨੇ ਹਮੇਸ਼ਾ ਕੌਮ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਸਾਰਿਆਂ ਨੂੰ ਅੰਮ੍ਰਿਤਧਾਰੀ ਬਣਨ ਦੀ ਅਪੀਲ ਕੀਤੀ।
ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਅਕਾਲੀ ਫੂਲਾ ਸਿੰਘ ਦੇ ਜੀਵਨ ਅਤੇ ਸਿੱਖ ਇਤਿਹਾਸ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਕਾਰਨ ਹੀ ਭਾਰਤੀ ਸਭਿਆਚਾਰ ਅੱਜ ਤੱਕ ਜਿਊਂਦਾ ਹੈ। ਇਸ ਮੌਕੇ ਸੰਗਤ ਨੂੰ ਬੁੱਢਾ ਦਲ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਕਰਵਾਏ ਗਏ।
ਸਮਾਗਮ ਦੌਰਾਨ ਭਾਈ ਬਲਬੀਰ ਸਿੰਘ ਚੰਡੀਗੜ੍ਹ ਵਾਲੇ, ਭਾਈ ਗੁਰਵਿੰਦਰ ਸਿੰਘ ਰੁਦਰਪੁਰ ਵਾਲੇ ਤੇ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਕੀਤਾ। ਭਾਈ ਸੁਖਵਿੰਦਰ ਸਿੰਘ ਨੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿੱਚ ਸੰਤ ਮਹਾਂਪੁਰਸ਼ਾਂ, ਨਿਹੰਗ ਸਿੰਘ ਦਲਾਂ ਅਤੇ ਕਈ ਸੰਪਰਦਾਵਾਂ ਦੇ ਮੁਖੀਆਂ ਨੇ ਹਾਜ਼ਰੀ ਭਰੀ। ਸਟੇਜ ਦੀ ਸੇਵਾ ਬਾਬਾ ਵਿਨੋਦ ਸਿੰਘ ਨੇ ਨਿਭਾਈ।
