ਚੰਡੀਗੜ੍ਹ ਫਰਨੀਚਰ ਮਾਰਕੀਟ ’ਤੇ ਚੱਲੇਗਾ ਬੁਲਡੋਜ਼ਰ
ਯੂਟੀ ਪ੍ਰਸ਼ਾਸਨ ਵੱਲੋਂ 20 ਜੁਲਾਈ ਨੂੰ ਸੈਕਟਰ 53 ਤੇ 54 ਵਿੱਚ ਸਥਿਤ ਫਰਨੀਚਰ ਮਾਰਕੀਟ ’ਤੇ ਬੁਲਡੋਜ਼ਰ ਚਲਾ ਕੇ ਖਾਲੀ ਕਰਵਾ ਦਿੱਤਾ ਜਾਵੇਗਾ। ਇਸ ਸਬੰਧੀ ਅੱਜ ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਫੈਸਲਾ ਲੈ ਲਿਆ ਹੈ। ਫਰਨੀਚਰ ਮਾਰਕੀਟ ਦੀਆਂ ਦੁਕਾਨਾਂ ਢਾਹ ਕੇ ਪ੍ਰਸ਼ਾਸਨ ਦੀ 15 ਏਕੜ ਜ਼ਮੀਨ ਨੂੰ ਖਾਲੀ ਕਰਵਾਇਆ ਜਾਵੇਗਾ। ਜਾਣਕਾਰੀ ਅਨੁਸਾਰ ਯੂਟੀ ਪ੍ਰਸ਼ਾਸਨ ਨੇ ਸਾਲ 2002 ਵਿੱਚ ਸੈਕਟਰ-53, 54 ਤੇ 55 ਲਈ ਕੁੱਲ 227 ਏਕੜ ਜ਼ਮੀਨ ਐਕੁਆਇਰ ਕੀਤੀ ਸੀ। ਇਸ ਵਿੱਚ ਕਜਹੇੜੀ ਪਿੰਡ ਦੀ 114.43 ਏਕੜ, ਬਡਹੇੜੀ ਪਿੰਡ ਦੀ 69.79 ਏਕੜ ਅਤੇ ਪਲਸੌਰਾ ਪਿੰਡ ਦੀ 43 ਏਕੜ ਜ਼ਮੀਨ ਸ਼ਾਮਲ ਸੀ। ਇਸ ਫਰਨੀਚਰ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਕਬਜ਼ਾ ਕਰ ਲਿਆ ਸੀ। ਇਸ ਲਈ ਪ੍ਰਸ਼ਾਸਨ ਨੇ ਜ਼ਮੀਨ ਮਾਲਕਾਂ ਨੂੰ ਮੁਆਵਜ਼ਾ ਦੇ ਨਾਲ-ਨਾਲ ਵਧਾਇਆ ਹੋਇਆ ਮੁਆਵਜ਼ਾ ਵੀ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਫਰਨੀਚਰ ਮਾਰਕੀਟ ਦੇ ਦੁਕਾਨਦਾਰਾਂ ਨੇ 15 ਏਕੜ ਜ਼ਮੀਨ ’ਤੇ ਕਬਜ਼ਾ ਕਰ ਲਿਆ ਸੀ। ਇਸ ਤੋਂ ਬਾਅਦ ਫਰਨੀਚਰ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਹੋਰ ਥਾਂ ਦੇਣ ਦੀ ਮੰਗ ਕੀਤੀ, ਜਿਸ ਨੂੰ ਪ੍ਰਸ਼ਾਸਨ ਨੇ ਠੁਕਰਾ ਦਿੱਤਾ ਸੀ। ਇਸ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ 22 ਜੂਨ 2024 ਨੂੰ ਫਰਨੀਚਰ ਮਾਰਕੀਟ ਨੂੰ ਨੋਟਿਸ ਜਾਰੀ ਕੀਤਾ ਸੀ, ਜਿਸ ਵਿੱਚ ਦੁਕਾਨਦਾਰਾਂ ਨੂੰ ਇੱਕ ਹਫ਼ਤੇ ਦੇ ਅੰਦਰ ਆਪਣੀਆਂ ਦੁਕਾਨਾਂ ਢਾਹ ਕੇ ਸਰਕਾਰੀ ਜ਼ਮੀਨ ਖਾਲੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ। ਇਨ੍ਹਾਂ ਨੋਟਿਸਾਂ ਸਬੰਧੀ ਫਰਨੀਚਰ ਮਾਰਕੀਟ ਐਸੋਸੀਏਸ਼ਨ ਦੇ ਵਫ਼ਦ ਨੇ ਤਤਕਾਲੀ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਬਾਅਦ ਡੀ.ਸੀ. ਨੇ ਉਨ੍ਹਾਂ ਨੂੰ ਆਪਣੇ ਵਿਅਕਤੀਗਤ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਨੋਟਿਸਾਂ ਦਾ ਜਵਾਬ ਨਾ ਦੇਣ ਵਾਲੀਆਂ 29 ਦੁਕਾਨਾਂ ਨੂੰ 30 ਜੂਨ ਨੂੰ ਢਾਹ ਦਿੱਤਾ ਸੀ। ਇਸ ਤੋਂ ਬਾਅਦ ਫਰਨੀਚਰ ਮਾਰਕੀਟ ਦੇ ਦੁਕਾਨਦਾਰਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕੀਤੀ, ਪਰ ਹਾਈ ਕੋਰਟ ਵਿੱਚ ਵੀ ਉਨ੍ਹਾਂ ਨੂੰ ਸਟੇਅ ਨਹੀਂ ਮਿਲੀ। ਅਦਾਲਤ ਨੇ ਪ੍ਰਸ਼ਾਸਨ ਦੇ ਜ਼ਮੀਨ ਮੁੜ ਪ੍ਰਾਪਤ ਕਰਨ ਦੇ ਅਧਿਕਾਰ ਨੂੰ ਬਰਕਰਾਰ ਰੱਖਿਆ ਹੈ। ਯੂਟੀ ਪ੍ਰਸ਼ਾਸਨ ਵੱਲੋਂ ਫਰਨੀਚਰ ਮਾਰਕੀਟ ਨੂੰ ਢਾਹ ਕੇ 15 ਏਕੜ ਜ਼ਮੀਨ ਨੂੰ ਮੁੜ ਪ੍ਰਾਪਤ ਕੀਤਾ ਜਾਵੇਗਾ।