ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 22 ਅਕਤੂਬਰ
ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ’ਤੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਦੇ ਤਾਜ਼ਾ ਫੈਸਲੇ ਨਾਲ ਅਧਿਆਪਕਾਂ ਸਮੇਤ ਸਮੁੱਚੇ ਮੁਲਾਜ਼ਮ ਵਰਗ ਵਿੱਚ ਹਾਹਾਕਾਰ ਮੱਚੀ ਹੋਈ ਹੈ। ਇਸ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਜੀਟੀਯੂ) ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਅਧਿਆਪਕਾਂ ਨੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਜੀਟੀਯੂ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਅਤੇ ਸੁਰਜੀਤ ਸਿੰਘ ਮੁਹਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਛੇਵਾਂ ਪੇਅ-ਕਮਿਸ਼ਨ ਬਿਠਾਉਣ ਤੋਂ ਬਾਅਦ ਕੇਂਦਰੀ ਸਕੇਲ ਲਾਗੂ ਕਰਨਾ ਤਰਕ ਸੰਗਤ ਨਹੀਂ। ਪੰਜਾਬ ਦੇ ਮੁਲਾਜ਼ਮਾਂ ਨੇ ਸਿਰੜੀ ਸੰਘਰਸ਼ਾਂ ਤੋਂ ਬਾਅਦ ਵੱਖਰੇ ਤਨਖ਼ਾਹ ਸਕੇਲ ਲਾਗੂ ਕਰਵਾਏ ਸਨ ਪਰ ਹੁਣ ਕੈਪਟਨ ਸਰਕਾਰ ਸੰਘਰਸ਼ਾਂ ਰਾਹੀਂ ਪ੍ਰਾਪਤ ਕੀਤੇ ਵੱਖਰੇ ਸਕੇਲਾਂ ਨੂੰ ਇੱਕੋ ਝਟਕੇ ਵਿੱਚ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ 3 ਨਵੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਕੈਪਟਨ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।
ਰੂਪਨਗਰ (ਬਹਾਦਰਜੀਤ ਸਿੰਘ): ਪੰਜਾਬ ਸਰਕਾਰ ਵੱਲੋਂ ਅਧਿਆਪਕ ਵਰਗ ਨੂੰ ਮਿਲ ਰਹੇ ਤਨਖਾਹ ਸਕੇਲ ਘਟਾਉਣ ਦੇ ਮੁੱਦੇ ’ਤੇ ਗੌਰਮਿੰਟ ਟੀਚਰਜ਼ ਯੂਨੀਅਨ ਨੇ ਅੱਜ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਸਕੌਰ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਵਿੱਚ ਚਾਰ ਦਰਜਨ ਦੇ ਕਰੀਬ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਅਤੇ ਪ੍ਰਾਇਮਰੀ ਵਿੰਗ ਦੇ ਸੈਂਟਰ ਸਕੂਲਾਂ ਵਿੱਚ ਤਨਖਾਹ ਸਕੇਲ ਘਟਾਉਣ ਸਬੰਧੀ ਪੱਤਰ ਦੀਆਂ ਕਾਪੀਆਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਨ ਨਾਅਰੇਬਾਜ਼ੀ ਦੀ ਗੂੰਜ ਵਿੱਚ ਸਾੜੀਆਂ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੀਨੀਅਰ ਆਗੂ ਧਰਮਿੰਦਰ ਸਿੰਘ ਭੰਗੂ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਆਲੋਵਾਲ ਨੇ ਦੱਸਿਆ ਕਿ ਜਿਨ੍ਹਾਂ ਸਕੇਲਾਂ ਨੂੰ ਦਫਤਰੀ ਉਕਾਈ ਦੱਸ ਕੇ ਸਰਕਾਰ ਵੱਲੋਂ ਸੋਧਿਆ ਗਿਆ ਸੀ, ਉਹੀ ਸਕੇਲ ਦੁਬਾਰਾ ਅਗਲੇ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਈ ਥੋਪੇ ਜਾ ਰਹੇ ਹਨ।
ਚਮਕੌਰ ਸਾਹਿਬ (ਸੰਜੀਵ ਬੱਬੀ): ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਮੁਲਾਜ਼ਮਾਂ ਉੱਤੇ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕਰਨ ਸਬੰਧੀ ਮੁਲਾਜ਼ਮ ਮਾਰੂ ਨੋਟੀਫਿਕੇਸ਼ਨ ਨੂੰ ਗੌਰਮਿੰਟ ਟੀਚਰਜ਼ ਯੂਨੀਅਨ ਅਤੇ ਮਾਸਟਰ ਕਾਡਰ ਯੂਨੀਅਨ ਪੰਜਾਬ ਨੇ ਮੁੱਢੋਂ ਰੱਦ ਕਰ ਦਿੱਤਾ ਹੈ। ਸਰਕਾਰੀ ਕੰਨਿਆਂ ਸਕੂਲ ਦੇ ਅਧਿਆਪਕਾਂ ਨੇ ਜੀਟੀਯੂ ਪੰਜਾਬ ਦੇ ਸੱਦੇ ਉੱਤੇ ਸਕੂਲ ਨੂੰ ਛੁੱਟੀ ਹੋਣ ਮਗਰੋਂ ਸੀਨੀਅਰ ਜੀਟੀਯੂ ਆਗੂ ਗੁਰਪ੍ਰੀਤ ਸਿੰਘ ਹੀਰਾ ਦੀ ਅਗਵਾਈ ਹੇਠ ਅਤੇ ਮਾਸਟਰ ਕਾਡਰ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਸ਼ਾਂਤਪੁਰ ਦੀ ਅਗਵਾਈ ਐੱਸਡੀਐੱਮ ਦਫ਼ਤਰ ਸਾਹਮਣੇ ਇਸ ਮੁਲਾਜ਼ਮ ਮਾਰੂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ।