ਕੁਲਦੀਪ ਸਿੰਘ
ਚੰਡੀਗੜ੍ਹ, 20 ਜੁਲਾਈ
ਪੰਜਾਬ ਸਰਕਾਰ ਵੱਲੋਂ ਨਵੇਂ ਮੁਲਾਜ਼ਮਾਂ ਦੀ ਭਰਤੀ ਕੇਂਦਰੀ ਤਨਖਾਹ ਸਕੇਲਾਂ ਮੁਤਾਬਕ ਕਰਨ ਲਈ 17 ਜੁਲਾਈ ਨੂੰ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਦੇ ਜਿੱਥੇ ਪੰਜਾਬ ਭਰ ਦੇ ਲਗਪਗ ਸਾਰੇ ਮੁਲਾਜ਼ਮਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਗਏ ਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ, ਉਥੇ ਹੀ ਚੰਡੀਗੜ੍ਹ ਵਿਚ ਵੀ ਵੱਖ-ਵੱਖ ਦਫ਼ਤਰਾਂ ਦੇ ਮੁਲਾਜ਼ਮਾਂ ਵੱਲੋਂ ਕਾਪੀਆਂ ਸਾੜ ਕੇ ਕੈਪਟਨ ਸਰਕਾਰ ਪ੍ਰਤੀ ਆਪਣੇ ਰੋਸ ਦਾ ਇਜ਼ਹਾਰ ਕੀਤਾ ਗਿਆ। ਪੰਜਾਬ ਸਿਵਲ ਸਕੱਤਰੇਤ ਇਮਾਰਤ ਵਿਚ ਸਥਿਤ ਵੱਖ-ਵੱਖ ਦਫ਼ਤਰਾਂ ਦੇ ਮੁਲਾਜ਼ਮਾਂ ’ਤੇ ਆਧਾਰਿਤ ਜੁਆਇੰਟ ਐਕਸ਼ਨ ਕਮੇਟੀ ਦੇ ਬੈਨਰ ਹੇਠ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਅਗਵਾਈ ਵਿੱਚ ਮੁਲਾਜ਼ਮਾਂ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਕਾਪੀਆਂ ਸਾੜਨ ਮੌਕੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਜਲ ਸਰੋਤ ਵਿਭਾਗ ਦੇ ਸੈਕਟਰ-18 ਸਥਿਤ ਮੁੱਖ ਦਫ਼ਤਰ ਸਮੇਤ ਹੋਰ ਵੀ ਵੱਖ-ਵੱਖ ਡਾਇਰੈਕਟੋਰੇਟਾਂ ਦੇ ਬਾਹਰ ਵੀ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਯੂਟੀ ਦੇ ਆਗੂਆਂ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ।
ਫਤਹਿਗੜ੍ਹ ਸਾਹਿਬ (ਦਰਸ਼ਨ ਸਿੰਘ ਮਿੱਠਾ): ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਸੱਦੇ ’ਤੇ ਇਕਾਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇ ਵਿੱਤ ਵਿਭਾਗ ਪੰਜਾਬ ਵੱਲੋਂ 17 ਜੁਲਾਈ ਨੂੰ ਜਾਰੀ ਕੀਤੇ ਨੋਟੀਫ਼ਿਕੇਸ਼ਨ, ਜਿਸ ਵਿਚ ਭਵਿੱਖ ਵਿੱਚ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਉੱਤੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਦੇ ਨਾਦਰਸ਼ਾਹੀ ਫ਼ਰਮਾਨ ਦਾ ਵਿਰੋਧ ਕਰਦੇ ਹੋਏ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਸਬੰਧੀ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਨੇ ਦੱਸਿਆ ਕਿ ਪੰਜਾਬ ਵਿੱਚ ਮਹਿੰਗਾਈ ਵੱਧ ਹੋਣ ਕਾਰਨ ਪ੍ਰਤੀ ਵਿਅਕਤੀ ਆਮਦਨ ਵੀ ਕੇਂਦਰ ਨਾਲੋਂ ਵੱਧ ਹੈ ਤੇ ਕਿਸੇ ਵੀ ਕੀਮਤ ਉੱਤੇ ਕੇਂਦਰੀ ਪੇਅ ਸਕੇਲ ਰੈਗੂਲਰ ਤੇ ਨਵੀਂ ਭਰਤੀ ਮੁਲਾਜ਼ਮਾਂ ਲਈ ਲਾਗੂ ਕਰਨਾ ਵਾਜਬ ਨਹੀਂ ਸਗੋਂ ਸਰਕਾਰੀ ਸਰਪ੍ਰਸਤੀ ਤਹਿਤ ਸਿੱਧਾ ਧੱਕਾ, ਜ਼ਬਰ ਅਤੇ ਜ਼ੁਲਮ ਦਾ ਪ੍ਰਮਾਣ ਹੈ।
ਐੱਸਏਐੱਸ ਨਗਰ (ਦਰਸ਼ਨ ਸਿੰਘ ਸੋਢੀ): ਪੰਜਾਬ ਰਾਜ ਜ਼ਿਲ੍ਹਾ (ਡੀਸੀ) ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਸੋਮਵਾਰ ਨੂੰ ਮੁਹਾਲੀ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੇਂਦਰੀ ਤਨਖ਼ਾਹ ਕਮਿਸ਼ਨਰ ਲਾਗੂ ਕਰਨ ਸਬੰਧੀ ਜਾਰੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਵਿਖਾਵਾ ਕੀਤਾ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਨੇ ਕੀਤੀ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਰੁਜ਼ਗਾਰ ਤਾਂ ਕੀ ਦੇਣਾ ਸੀ, ਸਗੋਂ ਪਹਿਲਾਂ ਤੋਂ ਨੌਕਰੀਆਂ ਕਰ ਰਹੇ ਵਿਅਕਤੀਆਂ ਕੋਲੋਂ ਵੀ ਰੁਜ਼ਗਾਰ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਹ ਪੱਤਰ ਵਾਪਸ ਨਹੀਂ ਲਿਆ ਤਾਂ ਮੁਲਾਜ਼ਮਾਂ ਵੱਲੋਂ ਆਪਣੇ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
ਮੰਡੀ ਗੋਬਿੰਦਗੜ੍ਹ (ਡਾ. ਹਿਮਾਂਸ਼ੂ ਸੂਦ): ਪੰਜਾਬ ਸਰਕਾਰ ਵੱਲੋਂ ਸਭ ਵਿਭਾਗਾਂ ਵਿਚ ਨਵੇਂ ਭਰਤੀ ਕੀਤੇ ਜਾਣ ਵਾਲੇ ਮੁਲਾਜ਼ਮਾਂ ਦੀ ਘੱਟ ਤਨਖ਼ਾਹ ਸਕੇਲ ਦਾ ਮੁਲਾਜ਼ਮ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੀ ਤਰਜ਼ ਤੇ ਮੰਡੀ ਗੋਬਿੰਦਗੜ੍ਹ ਦੇ ਗਰੀਨ ਪਾਰਕ ਵਿਚ ਪੀਐੱਸਈਬੀ ਐਂਪਲਾਇਜ਼ ਫੈੱਡਰੇਸ਼ਨ, ਮੁਲਾਜ਼ਮ ਜਥੇਬੰਦੀਆਂ ਤੇ ਅਧਿਆਪਕ ਜਥੇਬੰਦੀਆਂ ਦੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਦੇ ਨਵੇਂ ਮੁਲਾਜ਼ਮਾਂ ਦੀ ਭਰਤੀ ਦੇ ਫ਼ੈਸਲੇ ਦਾ ਵਿਰੋਧ ਕਰਕੇ ਸਰਕਾਰ ਦੇ ਨਵੇਂ ਨਿਯਮਾਂ ਦੀਆਂ ਕਾਪੀਆਂ ਫੂਕੀਆਂ। ਇਸ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੈਂਟਰ ਦੇ ਵਿਭਾਗਾਂ ਦੀ ਤਰਜ ’ਤੇ ਨਵੇਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਘੱਟ ਤਨਖ਼ਾਹ ਦੇਣ ਦਾ ਨਿਯਮ ਬਣਾ ਰਹੀ ਹੈ, ਜਿਸ ਦਾ ਉਹ ਵਿਰੋਧ ਕਰਦੇ ਹਨ।