ਕੈਬਨਿਟ ਮੰਤਰੀ ਵੱਲੋਂ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ

ਕੈਬਨਿਟ ਮੰਤਰੀ ਵੱਲੋਂ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ

ਮੁਹਾਲੀ ਵਿੱਚ ਸਮਾਰਟ ਫੋਨ ਵੰਡਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਹੋਰ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 12 ਅਗਸਤ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਵਿੱਚ ਕੌਮਾਂਤਰੀ ਯੁਵਕ ਦਿਵਸ ’ਤੇ ਪੰਜਾਬ ਸਮਾਰਟ ਕਨੈਕਟ ਯੋਜਨਾ ਦੀ ਸ਼ੁਰੂਆਤ ਕਰਦਿਆਂ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ 15 ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ। 

ਕੋਵਿਡ ਸਬੰਧੀ ਸੁਰੱਖਿਆ ਪ੍ਰੋਟੋਕਾਲ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਾਧਾਰਨ ਸਮਾਰੋਹ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਚੋਣਾਂ ਵਿੱਚ ਕੀਤੇ ਸਮਾਰਟ ਫੋਨ ਵੰਡਣ ਦੇ ਵਾਅਦੇ ਪੂਰਾ ਕੀਤਾ ਹੈ। ਪਹਿਲੇ ਪੜਾਅ ਵਿੱਚ ਨੌਜਵਾਨਾਂ ਨੂੰ ਕਰੀਬ 1.75 ਲੱਖ ਫੋਨ ਵੰਡੇ ਜਾਣਗੇ। ਮੁਹਾਲੀ ਦੇ 5686 ਨੌਜਵਾਨਾਂ ਨੂੰ ਫੋਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਫੋਨਾਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਵਿਦਿਆਰਥੀਆਂ ਦੇ ਦਾਖ਼ਲੇ ਦੀ ਪ੍ਰਕਿਰਿਆ ਹਾਲੇ ਚੱਲ ਰਹੀ ਹੈ। ਇਸ ਪ੍ਰਾਜੈਕਟ ’ਤੇ ਲਗਭਗ 92 ਕਰੋੜ ਰੁਪਏ ਖ਼ਰਚੇ ਜਾਣਗੇ।    ਸ੍ਰੀ ਸਿੱਧੂ ਨੇ ਕਿਹਾ ਕਿ ਕੋਵਿਡ-19 ਦੇ ਮੁਸ਼ਕਲ ਸਮੇਂ ਵਿੱਚ ਇਹ ਫੋਨ ਵਿਦਿਆਰਥੀ ਨੂੰ ਡਿਜੀਟਲ ਸਿਖਲਾਈ ਦੀ ਸਹੂਲਤ ਦੇਣਗੇ ਅਤੇ ਆਪਣੇ ਕੋਰਸ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰਨ ਦੇ ਯੋਗ ਬਣਾਉਣਗੇ। ਇਸ ਤੋਂ ਇਲਾਵਾ ਨੌਜਵਾਨਾਂ ਕੋਲ ਆਨਲਾਈਨ ਨਾਗਰਿਕ ਸੇਵਾਵਾਂ ਪ੍ਰਾਪਤ ਕਰਨ ਦੇ ਸਾਧਨ ਹੋਣਗੇ। ਉਹ ਸਰਕਾਰਾਂ ਦੀ ਘਰ-ਘਰ ਰੁਜ਼ਗਾਰ ਅਤੇ ਕਰੋਬਾਰ ਅਧੀਨ ਰੁਜ਼ਗਾਰ ਦੇ ਮੌਕੇ, ਰੂਜ਼ਗਾਰ ਮੇਲੇ ਅਤੇ ਭਰਤੀ ਮੁਹਿੰਮਾਂ ਦਾ ਲਾਭ ਲੈਣ ਦੇ ਯੋਗ ਹੋਣਗੇ। ਇੰਜ ਹੀ ਡਿਜੀਟਲ ਸਾਖਰਤਾ ਵਿੱਚ ਸੁਧਾਰ ਦੇ ਨਾਲ ਨੌਜਵਾਨ ਡਿਜੀਟਲ ਭੁਗਤਾਨ, ਬੀਮਾ, ਆਨਲਾਈਨ ਬੈਂਕਿੰਗ ਦਾ ਵੀ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮਾਰਟ ਫੋਨਾਂ ਦੀ ਵੰਡ 30 ਨਵੰਬਰ ਤੱਕ ਮੁਕੰਮਲ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ 50 ਹਜ਼ਾਰ ਸਮਾਰਟ ਫੋਨਾਂ ਦੀ ਪਹਿਲੀ ਖੇਪ ਪ੍ਰਾਪਤ ਕਰ ਲਈ ਹੈ ਅਤੇ ਬਾਕੀ ਫੋਨ ਵੀ ਜਲਦੀ ਪ੍ਰਾਪਤ ਕਰ ਲਏ ਜਾਣਗੇ।   ਪੰਜਾਬ ਦੇ ਨੌਜਵਾਨ ਲਈ ਸਮਾਰਟ ਫੋਨ ਦੀ ਸਪੁਰਦਗੀ ਲਈ ਮੈਸਰਜ਼ ਲਾਵਾ ਨੂੰ ਇੰਪਲੀਮੈਂਟੇਸ਼ਨ ਪਾਰਟਨਰ ਵਜੋਂ ਚੁਣਿਆ ਗਿਆ ਹੈ। ਸਮਾਰਟ ਫੋਨਾਂ ਵਿੱਚ ਐੱਮਸੇਵਾ ਅਤੇ ਕੈਪਟਨ ਕਨੈਕਟ ਐਪਸ ਪਹਿਲਾ ਹੀ ਇੰਸਟਾਲ ਹੋਣਗੀਆਂ।  

ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦੀਪਇੰਦਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਐੱਸਐੱਸਪੀ ਕੁਲਦੀਪ ਸਿੰਘ ਚਾਹਲ, ਏਡੀਸੀ ਸ੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਜੀਐੱਸ ਰਿਆੜ ਅਤੇ ਹੋਰ ਅਧਿਕਾਰੀ ਹਾਜ਼ਰ ਸਨ।     

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All