ਖੇਤਰੀ ਪ੍ਰਤੀਨਿਧ
ਐਸਏਐਸ ਨਗਰ, 14 ਜਨਵਰੀ
ਪੇਂਡੂ ਵਿਕਾਸ ਅਧੀਨ ਚੱਲਦੀ ਪੇਂਡੂ ਡਿਸਪੈਂਸਰੀ ਸਨੇਟਾ ਵਿਚ ਅੱਜ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਸਨੇਟਾ, ਧੀਰਪੁਰ, ਗੋਬਿੰਦਗੜ੍ਹ ਸਮੇਤ ਸਿਹਤ ਕੇਂਦਰ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਪਿਛਲੇ ਇੱਕ ਵਰ੍ਹੇ ਦੌਰਾਨ ਜੰਮੀਆਂ 25 ਲੜਕੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਮੁੱਢਲਾ ਸਿਹਤ ਕੇਂਦਰ ਘੜੂੰਆਂ ਦੀ ਐੱਸਐੱਮਓ ਡਾ. ਕੁਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਤੇ ਡਾ. ਦਵਿੰਦਰ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਐਸਏਐਸ ਨਗਰ (ਪੱਤਰ ਪ੍ਰੇਰਕ): ਪਿੰਡ ਮਾਣਕਮਾਜਰਾ ਵਿੱਚ ਸਮਾਜ ਸੇਵੀ ਅਮਨ ਪੂਨੀਆ ਦੀ ਅਗਵਾਈ ਹੇਠ ਇੱਕ ਸਾਲ ਤੋਂ ਘੱਟ ਉਮਰ ਦੀਆਂ ਦਰਜਨ ਨਵ-ਜੰਮੀਆਂ ਕੁੜੀਆਂ ਦੀ ਸਾਂਝੇ ਤੌਰ ’ਤੇ ਲੋਹੜੀ ਮਨਾਈ ਗਈ। ਇਸ ਮੌਕੇ ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ ਅਤੇ ਹਰਜਿੰਦਰ ਕੌਰ ਸੋਹਾਣਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਮੋਰਿੰਡਾ (ਪੱਤਰ ਪ੍ਰੇਰਕ): ਪਿੰਡ ਦਤਾਰਪੁਰ ਵਿਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਤੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਲੋਹੜੀ ਮਨਾਈ ਗਈ। ਹਰਪਾਲ ਸਿੰਘ ਦਤਾਰਪੁਰ ਨੇ ਦੱਸਿਆ ਕਿ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫ਼ੂਕ ਕੇ ਲੋਹੜੀ ਮਨਾਈ ਗਈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਤੇਜਿੰਦਰ ਸਿੰਘ ਧੀਮਾਨ ਦੀ ਅਗਵਾਈ ਹੇਠ ਸਮੂਹ ਵਕੀਲਾਂ ਨੇ ਕਾਪੀਆਂ ਸਾੜੀਆਂ।
ਕੁਰਾਲੀ (ਪੱਤਰ ਪ੍ਰੇਰਕ): ਪਿੰਡ ਰਕੌਲੀ ਅਤੇ ਪਡਿਆਲਾ ਵਿਚ ਲੋਹੜੀ ਦਾ ਤਿਓਹਾਰ ਕਿਸਾਨੀ ਸੰਘਰਸ਼ ਨੂੰ ਸਮਰਪਿਤ ਰਿਹਾ। ਇਸ ਮੌਕੇ ਪਿੰਡ ਵਾਸੀਆਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰਕੌਲੀ ਵਿਚ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਨੂੰ ਖ਼ਤਮ ਕਰਨ ਦੇ ਰਾਹ ਤੁਰੀ ਹੋਈ ਹੈ।
ਨੂਰਪੁਰ ਬੇਦੀ (ਪੱਤਰ ਪ੍ਰੇਰਕ): ਨੇੜਲੇ ਪਿੰਡ ਬੜਵਾ ਵਿਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਬਾਲੀ ਗਈ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਲੋਹੜੀ ਨੂੰ ਭਾਵੇਂ ਪਵਿੱਤਰ ਤਿਉਹਾਰ ਮੰਨਿਆ ਜਾਂਦਾ ਹੈ।
ਆਂਗਣਵਾੜੀ ਵਰਕਰਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ
ਕੁਰਾਲੀ (ਪੱਤਰ ਪ੍ਰੇਰਕ): ਇਸੇ ਦੌਰਾਨ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਵੀ ਲੋਹੜੀ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਯੂਨੀਅਨ ਆਗੂ ਬਲਜੀਤ ਕੌਰ ਰਕੌਲੀ ਨੇ ਕਿਹਾ ਕਿ ਯੂਨੀਅਨ ਨਵੇਂ ਖੇਤੀ ਕਾਨੂੰਨਾਂ ਦਾ ਲਗਾਤਾਰ ਵਿਰੋਧ ਕਰ ਰਹੀ ਹੈ। ਇਸ ਮੌਕੇ ਆਗੂਆਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਦਿਆਂ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।