ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ (ਮੁਹਾਲੀ), 5 ਫਰਵਰੀ
ਮੁਹਾਲੀ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਮੁਹਿੰਮ ਸਿਖਰ ’ਤੇ ਪਹੁੰਚ ਗਈ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਪਤਨੀ ਦਲਜੀਤ ਕੌਰ ਸਿੱਧੂ, ਭਰਜਾਈ ਜਤਿੰਦਰ ਕੌਰ ਸਿੱਧੂ ਅਤੇ ਪੁੱਤਰ ਕੰਵਰਬੀਰ ਸਿੰਘ ਰੂਬੀ ਸਿੱਧੂ ਨੇ ਇੱਥੋਂ ਦੇ ਵਾਰਡ ਨੰਬਰ 35 ਤੋਂ ਪਾਰਟੀ ਉਮੀਦਵਾਰ ਪ੍ਰਭਜੋਤ ਕੌਰ ਸਿੱਧੂ ਅਤੇ ਵਾਰਡ ਨੰਬਰ-2 ਤੋਂ ਜਸਪਾਲ ਸਿੰਘ ਟਿਵਾਣਾ ਦੇ ਹੱਕ ਵਿੱਚ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਉਨ੍ਹਾਂ ਵਾਰਡ ਨੰਬਰ-10 ਜਿੱਥੋਂ ਸ੍ਰੀ ਸਿੱਧੂ ਦਾ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਚੋਣ ਲੜ ਰਿਹਾ ਹੈ, ਵਿਚ ਵੀ ਚੋਣ ਪ੍ਰਚਾਰ ਕੀਤਾ। ਇਸੇ ਦੌਰਾਨ ਸ੍ਰੀ ਸਿੱਧੂ ਨੇ ਅੱਜ ਸੈਕਟਰ-68 ਦੇ ਪਿੰਡ ਕੁੰਭੜਾ ਵਿਚ ਵਾਰਡ ਨੰਬਰ-26 ਤੋਂ ਕਾਂਗਰਸੀ ਉਮੀਦਵਾਰ ਜਗਦੀਸ਼ ਸਿੰਘ ਦੇ ਚੋਣ ਦਫਤਰ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਸ਼ਹਿਰ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਆਜ਼ਾਦ ਗਰੁੱਪ, ਅਕਾਲੀ ਦਲ ਤੇ ਭਾਜਪਾ ਉੱਤੇ ਵੀ ਨਿਸ਼ਾਨੇ ਸਾਧੇ।
‘ਆਪ’ ਵੱਲੋਂ ਭ੍ਰਿਸ਼ਟਾਚਾਰ ਦੇ ਖਾਤਮੇ ਦਾ ਸੁਨੇਹਾ
ਰੂਪਨਗਰ (ਬਹਾਦਰਜੀਤ ਸਿੰਘ): ਆਮ ਆਦਮੀ ਪਾਰਟੀ ਜ਼ਿਲ੍ਹ੍ਵਾ ਰੂਪਨਗਰ ਦੇ ਪ੍ਰਧਾਨ ਦਿਨੇਸ਼ ਚੱਢਾ ਦੀ ਅਗਵਾਈ ਹੇਠ ਜ਼ਿਲ੍ਹਾ ਇਕਾਈ ਵੱਲੋਂ ਬੇਲਾ ਚੌਕ ਵਿਚ ਨਗਰ ਕੌਂਸਲ ਚੋਣਾਂ ਲਈ ਪ੍ਰਚਾਰ ਮੁਹਿੰਮ ਦਾ ਆਗਾਜ਼ ਕੀਤਾ ਗਿਆ ਤੇ ਪੈਦਲ ਮਾਰਚ ਵੀ ਕੱਢਿਆ ਗਿਆ। ਪਾਰਟੀ ਵਰਕਰਾਂ ਨੇ ਸਹਿਰ ਵਿੱਚ ਝਾੜੂ ਲਗਾ ਕੇ ਰੂਪਨਗਰ ਵਿੱਚੋ ਕਥਿਤ ਭ੍ਰਿਸ਼ਟਾਚਾਰ ਨੂੰ ਸਾਫ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਦਿਨੇਸ਼ ਚੱਢਾ ਨੇ ਕਿਹਾ ਕਿ ਕੁਦਰਤੀ ਵਸੀਲਿਆਂ ਨਾਲ ਭਰਪੂਰ ਰੂਪਨਗਰ ਸ਼ਹਿਰ ਵਿੱਚ ਹੁਣ ਤੱਕ ਰਵਾਇਤੀ ਪਾਰਟੀਆਂ ਪੀਣ ਵਾਲਾ ਸ਼ੁੱਧ ਪਾਣੀ, ਚੰਗਾ ਸੀਵਰੇਜ ਸਿਸਟਮ, ਪਾਣੀ ਦੀ ਨਿਕਾਸੀ ਦੇ ਮੁੱਢਲੇ ਇੰਤਜ਼ਾਮ ਕਰਨ ਵਿੱਚ ਫੇਲ੍ਹ ਰਹੀਆਂ ਹਨ। ਇਸ ਲਈ ਮੌਜੂਦਾ ਨਗਰ ਕੌਂਸਲ ਚੋਣਾਂ ਵਿੱਚ ਸ਼ਹਿਰ ਵਾਸੀਆਂ ਨੂੰ ਜਾਗਰੂਕ ਹੋਣ ਦੀ ਲੋੜ ਹੈ।
ਸੈਹਬੀ ਆਨੰਦ ਨੇ ਨਵੇਂ ਸਿਰਿਓਂ ਨਾਮਜ਼ਦਗੀ ਭਰੀ
ਮੁਹਾਲੀ (ਪੱਤਰ ਪ੍ਰੇਰਕ): ਭਾਜਪਾ ਯੁਵਾ ਮੋਰਚਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਕੌਂਸਲਰ ਸੈਹਬੀ ਆਨੰਦ ਅਤੇ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਪਿਯੂਸ਼ ਆਨੰਦ ਨੇ ਹਾਈ ਕੋਰਟ ਦੇ ਹੁਕਮਾਂ ’ਤੇ ਅੱਜ ਨਵੇਂ ਸਿਰਿਓਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਬੀਤੇ ਕੱਲ੍ਹ ਰਿਟਰਨਿੰਗ ਅਫ਼ਸਰ ਨੇ ਮੁੱਢਲੀ ਜਾਂਚ ਦੌਰਾਨ ਸੈਹਬੀ ਆਨੰਦ ਦੇ ਨਾਮਜ਼ਦਗੀ ਪੱਤਰਾਂ ਨਾਲ ਤਸਦੀਕ ਕਰਨ ਵਾਲੇ ਵਿਅਕਤੀ ਦੇ ਦਸਤਖ਼ਤ ਨਾ ਹੋਣ ਕਾਰਨ ਉਸ ਦੇ ਪੇਪਰ ਰੱਦ ਕਰ ਦਿੱਤੇ ਸਨ। ਇਸ ਤੋਂ ਇਲਾਵਾ ਭਾਜਪਾ ਦੇ ਕੁਝ ਹੋਰ ਉਮੀਦਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ, ਪੰਜਾਬ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਅਤੇ ਆਜ਼ਾਦ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵੀ ਰੱਦ ਕੀਤੇ ਗਏ ਸਨ ਪਰ ਇਨ੍ਹਾਂ ’ਚੋਂ ਕਿਸੇ ਨੇ ਅਦਾਲਤ ਦਾ ਦਰਵਾਜ਼ਾ ਨਹੀਂ ਖੜਕਾਇਆ ਹੈ।
ਸਾਬਕਾ ਮੇਅਰ ਕੁਲਵੰਤ ਸਿੰਘ ਨੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ
ਮੁਹਾਲੀ (ਪੱਤਰ ਪ੍ਰੇਰਕ): ਇੱਥੋਂ ਦੇ ਵਾਰਡ ਨੰਬਰ-42 ਤੋਂ ਚੋਣ ਲੜ ਰਹੇ ਸਾਬਕਾ ਮੇਅਰ ਕੁਲਵੰਤ ਸਿੰਘ ਅਤੇ ਉਸ ਦੇ ਪੁੱਤਰ ਤੇ ਵਾਰਡ ਨੰਬਰ-38 ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਸਮਾਣਾ ਨੇ ਅੱਜ ਸੈਕਟਰ-71 ਵਿੱਚ ਚੋਣ ਪ੍ਰਚਾਰ ਦੌਰਾਨ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਚੋਣਾਂ ਵਿੱਚ ਉਹ ਸਿਆਸੀ ਪਾਰਟੀ ਨਾ ਦੇਖਣ ਬਲਕਿ ਉਮੀਦਵਾਰ ਦਾ ਕਿਰਦਾਰ ਅਤੇ ਵਿਕਾਸ ਕੰਮਾਂ ਨੂੰ ਦੇਖ ਕੇ ਵੋਟ ਪਾਉਣ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਟੀਮ ਦੀ ਚੰਗੀ ਕਾਰਗੁਜ਼ਾਰੀ ਸਦਕਾ ਹੀ ਭਾਰਤ ਸਰਕਾਰ ਨੇ ਪਿਛਲੇ ਦਿਨੀਂ ਮੁਹਾਲੀ ਨੂੰ ਖੁੱਲ੍ਹੇ ਵਿੱਚ ਸ਼ੌਚ-ਮੁਕਤ ਕਰਨ ਦਾ ਐਵਾਰਡ ਦਿੱਤਾ ਸੀ ਅਤੇ ਮਸ਼ੀਨੀ ਸਫ਼ਾਈ ਦੇ ਮਾਮਲੇ ਵਿੱਚ ਮੁਹਾਲੀ ਪੰਜਾਬ ਭਰ ਵਿੱਚ ਪਹਿਲਾ ਸ਼ਹਿਰ ਹੈ। ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕਥਿਤ ਸੌੜੀ ਰਾਜਨੀਤੀ ਕਾਰਨ ਮੁਹਾਲੀ ਦੇ ਵਿਕਾਸ ਕੰਮਾਂ ਵਿੱਚ ਖੜੋਤ ਆਈ ਹੈ। ਉਨ੍ਹਾਂ ਕਿਹਾ ਕਿ ਮੰਤਰੀ ਦੀ ਸਿੱਧੀ ਦਖ਼ਲਅੰਦਾਜ਼ੀ ਕਾਰਨ ਸਿਟੀ ਬੱਸ ਸਰਵਿਸ ਦਾ ਪ੍ਰਾਜੈਕਟ ਠੰਢੇ ਬਸਤੇ ਵਿੱਚ ਪੈ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ।
ਚਾਰ ਉਮੀਦਵਾਰ ਨਿਰਵਿਰੋਧ ਜੇਤੂ
ਫ਼ਤਹਿਗੜ੍ਹ ਸਾਹਿਬ (ਡਾ. ਹਿਮਾਸ਼ੂ ਸੂਦ): ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਅਤੇ ਮੰਡੀ ਗੋਬਿੰਦਗੜ੍ਹ ਦੀ ਚੋਣ ਵਿਚ ਕਾਂਗਰਸ ਪਾਰਟੀ ਦੇ ਚਾਰ ਉਮੀਦਵਾਰ ਬਿਨਾਂ ਮੁਕਾਬਲੇ ਚੋਣ ਜਿੱਤ ਗਏ ਹਨ। ਕਾਮਯਾਬ ਉਮੀਦਵਾਰਾਂ ਵਿਚ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਵਾਰਡ ਨੰਬਰ 12 ਤੋਂ ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਲਾਲੀ ਅਤੇ ਵਾਰਡ ਨੰਬਰ 7 ਤੋਂ ਕਾਂਗਰਸੀ ਉਮੀਦਵਾਰ ਮੁਨੀਸ਼ ਰਾਣੀ ਸ਼ਾਮਲ ਹਨ। ਇਸੇ ਤਰ੍ਹਾਂ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵਿਚ ਵਾਰਡ ਨੰਬਰ 4 ਤੋਂ ਸਾਬਕਾ ਕੌਂਸਲਰ ਹਰਪ੍ਰੀਤ ਸਿੰਘ ਪ੍ਰਿੰਸ ਅਤੇ ਵਾਰਡ ਨੰਬਰ 28 ਤੋਂ ਠੇਕੇਦਾਰ ਨਰਿੰਦਰ ਕੌਸ਼ਲ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਵਰਨਣਯੋਗ ਹੈ ਕਿ ਸਰਹਿੰਦ ਨਗਰ ਕੌਂਸਲ ਚੋਣ ਵਿਚ 167 ਉਮੀਦਵਾਰਾਂ ਵਿਚੋਂ 19 ਅਤੇ ਮੰਡੀ ਗੋਬਿੰਦਗੜ੍ਹ ਕੌਂਸਲ ਚੋਣ ਵਿਚ 249 ਵਿਚੋਂ 20 ਜਦੋਂਕਿ ਅਮਲੋਹ ਵਾਰਡ ਨੰਬਰ 12 ਦੀ ਜ਼ਿਮਨੀ ਚੋਣ ਵਿਚ ਅਕਾਲੀ ਦਲ ਦੇ ਸੋਹਣ ਸਿੰਘ ਦੇ ਕਾਗ਼ਜ਼ ਰੱਦ ਹੋਏ ਹਨ। ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਵਿਧਾਇਕ ਰਣਦੀਪ ਸਿੰਘ ਨੇ ਜੇਤੂ ਕੌਂਸਲਰਾਂ ਨੂੰ ਵਧਾਈ ਦਿੱਤੀ ਹੈ।