ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 12 ਜੂਨ
ਪੰਜਾਬ ਮੰਡੀ ਬੋਰਡ ਨੇ ਕਣਕ ਦੀ ਵਾਢੀ ਦੇ ਸੀਜ਼ਨ ਤੋਂ ਬਾਅਦ ਰਾਹਗੀਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕਿਸਾਨਾਂ ਅਤੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਪੇਂਡੂ ਲਿੰਕ ਸੜਕਾਂ ਦੀ ਮਜ਼ਬੂਤੀ ਲਈ ਬਰਮਾਂ (ਕੱਚੇ ਕਿਨਾਰਿਆਂ) ਦੇ ਮੁੜ ਨਿਰਮਾਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਹੁਣ ਤੱਕ ਕਰੀਬ 2500 ਕਿਲੋਮੀਟਰ ਲਿੰਕ ਸੜਕਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ।
ਗੌਰਤਲਬ ਹੈ ਕਿ ਸੜਕ ਦੀਆਂ ਬਰਮਾਂ ਨਾ ਹੋਣ ਕਰ ਕੇ ਕਈ ਵਾਰ ਸੜਕ ਹਾਦਸੇ ਵਾਪਰਨ ਤੋਂ ਇਲਾਵਾ ਨਵੀਆਂ ਬਣੀਆਂ ਸੜਕਾਂ ਨੂੰ ਵੀ ਨੁਕਸਾਨ ਪੁੱਜਿਆ ਹੈ। ਕਈ ਲਿੰਕ ਸੜਕਾਂ ਦੇ ਨਾਲ ਬਰਮਾਂ ਨਾ ਹੋਣ ਕਰਕੇ ਰਾਹਗੀਰਾਂ ਨੂੰ ਖੱਜਲ-ਖੁਆਰ ਹੋਣਾ ਪਿਆ ਕਿਉਂਕਿ ਇਸ ਨਾਲ ਪੇਂਡੂ ਲਿੰਕ ਸੜਕਾਂ ਤੰਗ ਹੋ ਗਈਆਂ ਹਨ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸਰਵਜੀਤ ਸਿੰਘ ਨੇ ਦੱਸਿਆ ਕਿ ਮੰਡੀ ਬੋਰਡ ਨੇ ਲਿੰਕ ਸੜਕਾਂ ਦੇ ਦੋਵੇਂ ਪਾਸੇ ਬਰਮਾਂ ਦੀ ਮੁੜ ਉਸਾਰੀ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕਰ ਕੇ ਇਸ ਵਿਸ਼ੇਸ਼ ਪਹਿਲਕਦਮੀ ਦੀ ਅਗਵਾਈ ਕੀਤੀ ਹੈ। ਉਧਰ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਸੜਕਾਂ ਦੇ ਬਰਮਾਂ ਦੇ ਨਿਰਮਾਣ ਲਈ ਫੀਲਡ ਇੰਜਨੀਅਰਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਕਾਰਜ ਵਿੱਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਓਵਰਟੇਕ ਕਰਨ ਸਮੇਂ ਭਾਰੀ ਵਾਹਨ ਕੱਚੇ ਬਰਮਾਂ ਤੋਂ ਲੰਘਦੇ ਹਨ, ਜਿਸ ਨਾਲ ਬਰਮਾਂ ਦਾ ਨੁਕਸਾਨ ਹੁੰਦਾ ਹੈ ਅਤੇ ਬਰਮਾਂ ਤੋਂ ਮਿੱਟੀ ਹਟਦੀ ਰਹਿੰਦੀ ਹੈ। ਬਰਮਾਂ ਦੀ ਘੱਟ ਚੌੜਾਈ ਸੜਕਾਂ ਨੂੰ ਛੇਤੀ ਨੁਕਸਾਨ ਪਹੁੰਚਾਉਂਦੀ ਹੈ। ਇਸ ਕਾਰਨ ਵਾਹਨਾਂ ਨੂੰ ਓਵਰਟੇਕ ਕਰਨ ਸਮੇਂ ਸੜਕ ਹਾਦਸੇ ਵੀ ਵਾਪਰਦੇ ਹਨ।