ਪੱਤਰ ਪ੍ਰੇਰਕ
ਚੰਡੀਗੜ੍ਹ, 18 ਅਪਰੈਲ
ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਪ੍ਰਚਾਰ ਵਿਰੋਧੀ ਰਵਾਇਤੀ ਪਾਰਟੀਆਂ ਦੀ ਬੁਖਲਾਹਟ ਹੈ। ਇਹ ਪ੍ਰਗਟਾਵਾ ਪੀਆਰਟੀਸੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ ਅਤੇ ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਨੇ ਕਰਦਿਆਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਸੂਝਵਾਨ ਵੋਟਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨਿਆ ਗਿਆ ਤੇਰਾਂ-ਜ਼ੀਰੋ ਦਾ ਫਾਰਮੂਲਾ ਲਾਗੂ ਕਰ ਕੇ ਦਿਖਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੀਆਂ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਆਪਣੇ ਪਹਿਲੇ ਸਾਢੇ ਚਾਰ ਸਾਲ ਵਿੱਚ ਤਾਂ ਲੁੱਟ-ਖਸੁੱਟ ਕਰਨ ਲੱਗੀਆਂ ਰਹਿੰਦੀਆਂ ਸਨ ਅਤੇ ਫਿਰ ਚੋਣ ਵਰ੍ਹੇ ਵਿੱਚ ਲੋਕਾਂ ਨੂੰ ਲਾਲਚ ਦੇ ਕੇ ਫਿਰ ਵੋਟਾਂ ਬਟੋਰ ਲਿਜਾਂਦੀਆਂ ਸਨ। ਉਸ ਦੇ ਉਲਟ ‘ਆਪ’ ਦੀ ਭਗਵੰਤ ਮਾਨ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਕੰਮ ਕਰਨੇ ਸ਼ੁਰੂ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਭ ਕੁਝ ਦਿਖਾਈ ਦੇ ਰਿਹਾ ਹੈ।