ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 14 ਫਰਵਰੀ
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਈਸ਼ਾ ਕਾਲੀਆ ਵੱਲੋਂ ਜ਼ਿਲ੍ਹੇ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਧਾਰਾ 144 ਤਹਿਤ ਮੁਹਾਲੀ, ਖਰੜ ਅਤੇ ਡੇਰਾਬੱਸੀ ਦੀ ਸੀਟਾਂ ’ਤੇ ਚੋਣ ਲੜ ਰਹੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੇ ਸਮਰਥਕਾਂ ਅਤੇ ਰਿਸ਼ਤੇਦਾਰਾਂ ਨੂੰ 18 ਫਰਵਰੀ ਨੂੰ ਸ਼ਾਮ 6 ਵਜੇ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਤੁਰੰਤ ਬਾਅਦ ਮੁਹਾਲੀ ਜ਼ਿਲ੍ਹਾ ’ਚੋਂ ਬਾਹਰ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਹੁਕਮ ਸਿਵਲ ਪ੍ਰਸੋਨਲ, ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ ਤੇ ਬਾਵਰਦੀ ਪੁਲੀਸ ਕਰਮਚਾਰੀਆਂ ਤੋਂ ਇਲਾਵਾ ਹਲਕੇ ਦੇ ਚੁਣੇ ਸੰਸਦ ਮੈਂਬਰਾਂ ਤੇ ਵਿਧਾਇਕਾਂ ’ਤੇ ਲਾਗੂ ਨਹੀਂ ਹੋਵੇਗਾ। ਜ਼ਿਲ੍ਹਾ ਮੁਹਾਲੀ ਦੀ ਹੱਦ ਅੰਦਰ ਇਹ ਹੁਕਮ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਸ਼ਾਮ 6 ਵਜੇ ਤੱਕ ਲਾਗੂ ਹੋਵੇਗਾ।
ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ 18 ਫਰਵਰੀ ਸ਼ਾਮ 6 ਵਜੇ ਤੋਂ ਬਾਅਦ ਜਨਤਕ ਮੀਟਿੰਗਾਂ, ਗੈਰ-ਕਾਨੂੰਨੀ ਇਕੱਠ ਅਤੇ ਲਾਊਡ ਸਪੀਕਰਾਂ ਆਦਿ ਦੀ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 21 ਫਰਵਰੀ ਸ਼ਾਮ 6 ਵਜੇ ਤੱਕ ਹੁਕਮ ਲਾਗੂ ਰਹਿਣਗੇ, ਜਿਸ ਵਿੱਚ ਧਾਰਮਿਕ ਰਸਮਾਂ, ਵਿਆਹ ਸ਼ਾਦੀਆਂ, ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸਸਕਾਰ ਕਰਨ ਸਬੰਧੀ ਛੋਟ ਦਿੱਤੀ ਗਈ ਹੈ। ਮੁਹਾਲੀ ਜ਼ਿਲ੍ਹੇ ਦੀ ਹਦੂਦ ਅੰਦਰ 20 ਫਰਵਰੀ ਨੂੰ ਪੋਲਿੰਗ ਬੂਥਾਂ ਦੇ 100 ਮੀਟਰ ਘੇਰੇ ਅੰਦਰ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗ, ਨਾਅਰੇ ਲਾਉਣ, ਵਿਖਾਵਾ ਕਰਨ ਆਦਿ ’ਤੇ ਵੀ ਪਾਬੰਦੀ ਰਹੇਗੀ।
20 ਫਰਵਰੀ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ
ਡੀਸੀ -ਕਮ-ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਵਿੱਚ ਦੁਕਾਨਾਂ ਅਤੇ ਸਮੂਹ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਦੇ ਯੋਗ ਬਣਾਉਣ ਲਈ ਜ਼ਿਲ੍ਹੇ ਵਿੱਚ 20 ਫਰਵਰੀ ਨੂੰ ਤਨਖ਼ਾਹ ਸਮੇਤ ਛੁੱਟੀ (ਪੇਡ ਹੋਲੀਡੇਅ) ਦਾ ਐਲਾਨ ਕੀਤਾ ਹੈ।