ਪੱਤਰ ਪ੍ਰੇਰਕ
ਚੰਡੀਗੜ੍ਹ, 29 ਸਤੰਬਰ
ਬੰਦੀ ਸਿੰਘਾਂ ਦੀ ਰਿਹਾਈ ਲਈ ਪੀਐੱਸ ਆਰਟਸ ਐਂਡ ਕਲਚਰਲ ਸੁਸਾਇਟੀ ਦੇ ਚੇਅਰਪਰਸਨ ਅਤੇ ਹਿਊਮਨ ਰਾਈਟਸ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਜਸਵਿੰਦਰ ਕੌਰ ਸੋਹਲ ਦੀ ਅਗਵਾਈ ਹੇਠ ਸੈਕਟਰ-17 ਵਿੱਚ ਬੀਤੀ ਦੇਰ ਸ਼ਾਮ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਵਿੱਚ ਵੱਖ-ਵੱਖ ਭਾਈਚਾਰੇ ਨਾਲ ਸਬੰਧਤ ਸ਼ਖ਼ਸੀਅਤਾਂ ਨੇ ਹਿੱਸਾ ਲਿਆ। ਮਾਰਚ ਦੇ ਰਾਹੀਂ ਸਰਕਾਰ ਅੱਗੇ ਇਸ ਅਪੀਲ ਉੱਤੇ ਜ਼ੋਰ ਦਿੱਤਾ ਗਿਆ ਕਿ ਜੋ ਬੰਦੀ ਸਿੰਘ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਸਜ਼ਾਵਾਂ ਭੁਗਤ ਰਹੇ ਹਨ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ।
ਇਸ ਮੌਕੇ ਸੰਬੋਧਨ ਕਰਦਿਆਂ ਜਸਵਿੰਦਰ ਕੌਰ ਸੋਹਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵਿਸ਼ੇ ਵੱਲ ਧਿਆਨ ਦੇਣ ਤਾਂ ਜੋ ਬੰਦੀ ਸਿੰਘ ਜੇਲ੍ਹਾਂ ਵਿਚੋਂ ਰਿਹਾਅ ਹੋ ਕੇ ਆਪਣੇ ਪਰਿਵਾਰਾਂ ਨਾਲ ਬਾਕੀ ਰਹਿੰਦਾ ਜੀਵਨ ਖੁਸ਼ੀ-ਖੁਸ਼ੀ ਬਿਤਾਅ ਸਕਣ। ਨਾਟਕਕਾਰ ਬਲਕਾਰ ਸਿੰਘ ਸਿੱਧੂ ਵੱਲੋਂ ਵੀ ਇਸ ਮੋਮਬੱਤੀ ਮਾਰਚ ਰਾਹੀਂ ਸਰਕਾਰਾਂ ਅੱਗੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਜ਼ਾਹਿਰ ਕੀਤਾ ਗਿਆ। ਮਾਰਚ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਵੀ ਭਰਵਾਂ ਹੁੰਗਾਰਾ ਮਿਲਿਆ। ਕਾਫਿਲਾ ਮੀਰ ਆਲ ਇੰਡੀਆ ਐਸੋਸੀਏਸ਼ਨ ਵੱਲੋਂ ਜਾਮੀਰ ਅਲੀ ਮਾਲੇਰਕੋਟਲਾ ਅਤੇ ਪਰਵੀਨ ਅਖਤਰ ਪਟਿਆਲਾ ਵੀ ਸ਼ਾਮਿਲ ਹੋਏ।