ਆਤਿਸ਼ ਗੁਪਤਾ
ਚੰਡੀਗੜ੍ਹ, 29 ਨਵੰਬਰ
ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਵਾਪਰੇ ਦੋ ਸੜਕ ਹਾਦਸਿਆਂ ਵਿੱਚ ਇਕ ਜਣੇ ਦੀ ਮੌਤ ਹੋ ਗਈ ਹੈ ਜਦਕਿ 4 ਜਣੇ ਜ਼ਖ਼ਮੀ ਹੋਏ ਹਨ। ਵੇਰਵਿਆਂ ਅਨੁਸਾਰ ਪਹਿਲੀ ਘਟਨਾ ਮੱਖਣਮਾਜਰਾ ਮੋੜ ਨਜ਼ਦੀਕ ਵਾਪਰੀ ਜਿੱਥੇ ਕੈਂਟਰ ਅਤੇ ਟਰੱਕ ਦੀ ਟੱਕਰ ਕਾਰਨ ਕੈਂਟਰ ਚਾਲਕ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਮਨੋਜ ਵਜੋਂ ਹੋਈ ਹੈ ਅਤੇ ਜ਼ਖ਼ਮੀਆਂ ਵਿੱਚ ਸ੍ਰੀਰਾਮ ਸਿੰਘ, ਸੰਜੂ ਅਤੇ ਆਸਾਰਾਮ ਸ਼ਾਮਲ ਹਨ। ਇਨ੍ਹਾਂ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-31 ਦੀ ਪੁਲੀਸ ਨੇ ਸ੍ਰੀਰਾਮ ਸਿੰਘ ਦੀ ਸ਼ਿਕਾਇਤ ’ਤੇ ਟਰੱਕ ਚਾਲਕ ਸੁਖਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਸ ਨੂੰ ਬਾਅਦ ਵਿੱਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।
ਦੂਜੀ ਘਟਨਾ ਸੈਕਟਰ-46/47 ਦੇ ਚੌਕ ਨੇੜੇ ਵਾਪਰੀ ਜਿਸ ਦੌਰਾਨ ਸਕੂਟਰੀ ਸਵਾਰ ਔਰਤ ਜ਼ਖ਼ਮੀ ਹੋ ਗਈ। ਉਸ ਨੂੰ ਮਿਲਟਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਔਰਤ ਨੇ ਥਾਣਾ ਸੈਕਟਰ-31 ਦੀ ਪੁਲੀਸ ਨੂੰ ਦੱਸਿਆ ਕਿ ਉਹ ਸੂਕਟਰੀ ’ਤੇ ਸਵਾਰ ਹੋ ਕੇ ਜਾ ਰਹੀ ਸੀ। ਜਦੋਂ ਉਹ ਸੈਕਟਰ-46/47 ਦੇ ਚੌਕ ’ਤੇ ਪਹੁੰਚੀ ਤਾਂ ਕਾਰ ਚਾਲਕ ਉਸ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ। ਪੁਲੀਸ ਨੇ ਕਾਰ ਚਾਲਕ ਚਰਨਦਾਸ ਖ਼ਿਲਾਫ਼ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।