ਧਨਾਸ ਵਿੱਚ ਕਾਰ ਸਵਾਰਾਂ ਵੱਲੋਂ ਘਰ ’ਤੇ ਫਾਇਰਿੰਗ; ਇਕ ਜ਼ਖ਼ਮੀ
ਇੱਥੋਂ ਦੇ ਧਨਾਸ ਸਥਿਤ ਸਮਾਲ ਫਲੈਟ ਵਿੱਚ ਦੇਰ ਰਾਤ ਕਾਰ ਸਵਾਰਾਂ ਫਾਇਰਿੰਗ ਕੀਤੀ। ਹਮਲਾਵਰ ਕਈ ਰਾਉਂਡ ਫਾਇਰ ਕਰਨ ਤੋਂ ਬਾਅਦ ਫਰਾਰ ਹੋ ਗਏ ਹਨ। ਇਸ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਸੈਕਟਰ-16 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੀੜਤ ਨੂੰ ਬਾਅਦ ਵਿੱਚ ਪੀਜੀਆਈ ਚੰਡੀਗੜ੍ਹ ਵਿੱਚ ਰੈਫਰ ਕਰ ਦਿੱਤਾ ਹੈ। ਪੀੜਤ ਦੀ ਪਛਾਣ ਸੁਨੀਲ (25) ਵਾਸੀ ਧਨਾਸ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸਾਰੰਗਪੁਰ ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨਿਚਰਵਾਰ ਦੇਰ ਰਾਤ ਨੂੰ ਧਨਾਸ ਦੇ ਸਮਾਲ ਫਲੈਟ ਵਿੱਚ ਸਥਿਤ ਅਮਰਜੀਤ ਸਿੰਘ ਉਰਫ਼ ਤੋਤਾ ਆਪਣੇ ਸਾਥੀਆਂ ਸਣੇ ਮਹਾਰੀਸ਼ੀ ਵਾਲਮੀਕਿ ਜੈਅੰਤੀ ’ਤੇ ਪ੍ਰੋਗਰਾਮ ਕਰਨ ਬਾਰੇ ਗੱਲਬਾਤ ਕਰ ਰਿਹਾ ਸੀ। ਇਸੇ ਦੌਰਾਨ ਚਾਰ ਗੱਡੀਆਂ ਵਿੱਚ ਆਏ ਵਿਅਕਤੀਆਂ ਨੇ ਉਸ ਦੇ ਘਰ ਨੂੰ ਦੋਵੇਂ ਪਾਸੇ ਤੋਂ ਘੇਰ ਕੇ ਗੋਲੀਆਂ ਚਲਾ ਦਿੱਤੀਆਂ ਹਨ। ਉਕਤ ਨੌਜਵਾਨਾਂ ਵੱਲੋਂ ਗੋਲੀਆਂ ਚਲਾਉਣ ਕਰਕੇ ਘਰ ਵਿੱਚ ਬੈਠੇ ਸੁਨੀਲ ਕੁਮਾਰ ਦੇ ਹੱਥ ਵਿੱਚ ਗੋਲੀ ਲੱਗੀ, ਜਦੋਂ ਕਿ ਬਾਕੀਆਂ ਦਾ ਬਚਾਅ ਹੋ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਾਰੰਗਪੁਰ ਦੀ ਪੁਲੀਸ ਨੇ ਉਕਤ ਮਾਮਲੇ ਸਬੰਧੀ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਥਾਣਾ ਸਾਰੰਗਪੁਰ, ਕ੍ਰਾਈਮ ਬ੍ਰਾਂਚ, ਅਪਰੇਸ਼ਨ ਸੈੱਲ ਅਤੇ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮਾਂ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਪੁਲੀਸ ਦਾ ਕਹਿਣਾ ਹੈ ਕਿ ਅਮਰਜੀਤ ਸਿੰਘ ਉਰਫ਼ ਤੋਤਾ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਲਈ ਇਹ ਹਮਲਾ ਪੁਰਾਣੀ ਰੰਜਿਸ਼ ਤਹਿਤ ਕੀਤਾ ਗਿਆ ਹੋ ਸਕਦਾ ਹੈ। ਚੰਡੀਗੜ੍ਹ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।