ਮੁੱਖ ਅੰਸ਼
- ਸਫ਼ਾਈ ਕਰਮਚਾਰੀਆਂ ਨੇ ਕਾਰ ਚਾਲਕ ਖ਼ਿਲਾਫ਼ ਕਾਰਵਾਈ ਲਈ ਥਾਣੇ ਅੱਗੇ ਨਾਅਰੇਬਾਜ਼ੀ ਕੀਤੀ
- ਮੁਹਾਲੀ ਪੁਲੀਸ ਨੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕੀਤਾ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 17 ਸਤੰਬਰ
ਇਥੇ ਅੱਜ ਵਾਪਰੇ ਸੜਕ ਹਾਦਸੇ ਵਿੱਚ ਮਹਿਲਾ ਸਫ਼ਾਈ ਕਰਮਚਾਰੀ ਦੀ ਮੌਕੇ ਉੱਤੇ ਮੌਤ ਹੋ ਗਈ ਜਦੋਂਕਿ ਮਾਂ ਤੇ ਧੀ ਗੰਭੀਰ ਜ਼ਖ਼ਮੀ ਹੋ ਗਈਆਂ। ਮ੍ਰਿਤਕ ਔਰਤ ਦੀ ਪਛਾਣ ਓਮਬੀਰੀ (50) ਵਜੋਂ ਹੋਈ ਹੈ ਜਦੋਂਕਿ ਜ਼ਖ਼ਮੀ ਮਮਤਾ ਰਾਣੀ ਅਤੇ ਉਸ ਦੀ ਮਾਂ ਰਾਮਬੀਰੀ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਜਨਰਲ ਸਕੱਤਰ ਪਵਨ ਗੋਡਿਆਲ ਨੇ ਦੱਸਿਆ ਕਿ ਅੱਜ ਇੱਥੋਂ ਦੇ ਫੇਜ਼-10 ਸਥਿਤ ਸਿਲਵੀ ਪਾਰਕ ਦੇ ਸਾਹਮਣੇ ਹੋਟਲ ਸਰਾਓ ਨੇੜੇ ਕੁਝ ਸਫ਼ਾਈ ਕਰਮਚਾਰੀ ਸਫ਼ਾਈ ਕਰਨ ਤੋਂ ਬਾਅਦ ਦੁਪਹਿਰ ਵੇਲੇ ਮਾਰਕੀਟ ਦੀ ਪਾਰਕਿੰਗ ਵਿੱਚ ਦਰੱਖ਼ਤਾਂ ਦੇ ਥੱਲੇ ਖਾਣਾ ਖਾਣ ਲਈ ਬੈਠੇ ਸਨ। ਇਸੇ ਦੌਰਾਨ ਵਰਨਾ ਗੱਡੀ ਵਿੱਚ ਸਵਾਰ ਨੌਜਵਾਨ ਨੇ ਕਾਰ ਉਨ੍ਹਾਂ ’ਤੇ ਚੜ੍ਹਾ ਦਿੱਤੀ। ਇਸ ਹਾਦਸੇ ਵਿੱਚ ਓਮਬੀਰੀ ਦੀ ਮੌਤ ਹੋ ਗਈ, ਜਦੋਂਕਿ ਦੋ ਹੋਰ ਮਹਿਲਾ ਸਫ਼ਾਈ ਕਰਮਚਾਰੀਆਂ ਮਮਤਾ ਰਾਣੀ ਅਤੇ ਰਾਮਬੀਰੀ ਜ਼ਖ਼ਮੀ ਹੋ ਗਈਆਂ। ਉਨ੍ਹਾਂ ਦੀ ਹਾਲਤ ਨਾਜ਼ੁਕ ਹੈ। ਮਰਨ ਵਾਲੀ ਔਰਤ ਵੀ ਜ਼ਖ਼ਮੀ ਔਰਤਾਂ ਦੀ ਰਿਸ਼ਤੇਦਾਰ ਸੀ। ਰਿਸ਼ਤੇ ਵਿੱਚ ਉਹ ਮਮਤਾ ਦੀ ਸੱਸ ਸੀ।
ਹਾਦਸੇ ਦੀ ਸੂਚਨਾ ਮਿਲਣ ’ਤੇ ਸਫ਼ਾਈ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਤੇ ਵਰਨਾ ਕਾਰ ਵਿੱਚ ਸਵਾਰ ਨੌਜਵਾਨਾਂ ’ਤੇ ਉਨ੍ਹਾਂ ਨੂੰ ਬੁਰਾ ਭਲਾ ਕਹਿਣ ਦੇ ਦੋਸ਼ ਵੀ ਲਗਾਏ। ਇਨ੍ਹਾਂ ਨੌਜਵਾਨਾਂ ਨੇ ਮੀਡੀਆ ਨਾਲ ਵੀ ਉਲਝਣ ਦੀ ਕੋਸ਼ਿਸ਼ ਕੀਤੀ। ਲੋਕਾਂ ਨੇ ਕਾਰ ਚਾਲਕ ਨੂੰ ਫੜ ਕੇ ਪੁਲੀਸ ਦੇ ਹਵਾਲੇ ਕਰ ਦਿੱਤਾ। ਸਫ਼ਾਈ ਕਰਮਚਾਰੀਆਂ ਨੇ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣੇ ਦੇ ਬਾਹਰ ਨਾਅਰੇਬਾਜ਼ੀ ਵੀ ਕੀਤੀ। ਬਾਅਦ ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂ ਵੀ ਉੱਥੇ ਪਹੁੰਚ ਗਏ ਅਤੇ ਪੁਲੀਸ ਨਾਲ ਗੱਲਬਾਤ ਕੀਤੀ। ਪੁਲੀਸ ਨੇ ਕਾਰ ਚਾਲਕ ਹਰਪ੍ਰੀਤ ਸਿੰਘ ਵਾਸੀ ਫੇਜ਼-11 ਦੇ ਖ਼ਿਲਾਫ਼ ਪਰਚਾ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਸੜਕਾਂ ’ਤੇ ਲਾਪ੍ਰਵਾਹੀ ਨਾਲ ਵਾਹਨ ਚਲਾਉਣ ਦਾ ਰੁਝਾਨ ਵਧਦਾ ਜਾ ਰਿਹਾ ਹੈ।