ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 7 ਜੂਨ
ਮੁਹਾਲੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਲੋਕਾਂ ਨਾਲ ਲੱਖਾਂ ਰੁਪਏ ਦੀਆਂ ਠੱਗੀਆਂ ਦੇ ਦੋਸ਼ ਹੇਠ ਫੇਜ਼-1 ਥਾਣੇ ਵਿੱਚ ਤਿੰਨ ਕੰਪਨੀਆਂ ਦੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫ਼ਿਲਹਾਲ ਇਨ੍ਹਾਂ ਮਾਮਲਿਆਂ ਵਿੱਚ ਨਾਮਜ਼ਦ ਵਿਅਕਤੀ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ।
ਥਾਣਾ ਮੁਖੀ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਸਥਾਨਕ ਫੇਜ਼-5 ਦੀ ਇਕ ਇਮੀਗਰੇਸ਼ਨ ਕੰਪਨੀ ਦੇ ਮਾਲਕ ਏਕਮ ਸਿੰਘ ਤੇ ਉਸ ਦੀ ਪਤਨੀ ਬਲਜਿੰਦਰ ਕੌਰ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਪੀੜਤ ਵਿਅਕਤੀ ਰਾਮ ਸਿੰਘ ਵਾਸੀ ਰੂਪਨਗਰ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਇੰਜ ਹੀ ਫੇਜ਼-5 ਦੀ ਮਾਰਕੀਟ ਵਿੱਚ ਇਮੀਗ੍ਰੇਸ਼ਨ ਸਲਾਹਕਾਰ ਕੰਪਨੀ ਦਿ ਬੈੱਸਟ ਵੀਜ਼ਾ ਕੰਸਲਟੈਂਸੀ ਦੇ ਰਾਜਵੀਰ ਸੰਧੂ, ਮਨਿੰਦਰ ਸਿੰਘ ਅਤੇ ਬੰਗਾਲ ਦੇ ਇੱਕ ਵਿਅਕਤੀ ਸ਼ਾਮ ਥਾਪਾ ਖ਼ਿਲਾਫ਼ ਵਿਦੇਸ਼ ਭੇਜਣ ਦੇ ਨਾਂ ’ਤੇ 20 ਲੱਖ ਰੁਪਏ ਦੀ ਠੱਗੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਫੇਜ਼-2 ਦੀ ਮਾਰਕੀਟ ਵਿੱਚ ਸਥਿਤ ਇਮੀਗ੍ਰੇਸ਼ਨ ਕੰਪਨੀ ਵਰਲਡ ਰਾਈਟ ਵੇਅ ਦੇ ਮਾਲਕ ਅੰਮ੍ਰਿਤਪਾਲ ਸਿੰਘ ਤੇ ਮਨੋਜ ਕੁਮਾਰ ਖ਼ਿਲਾਫ਼ ਵਿਦੇਸ਼ ਭੇਜਣ ਦਾ ਝੂਠਾ ਲਾਰਾ ਲਗਾ ਕੇ ਇੱਕ ਜਣੇ ਨਾਲ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।
ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਪੁਲੀਸ ਕਾਰਵਾਈ ਦੀ ਸ਼ਲਾਘਾ ਕੀਤੀ।