ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 12 ਮਾਰਚ
ਭਾਜਪਾ ਦੇ ਸੰਸਦ ਮੈਂਬਰ ਰਮੇਸ਼ ਬਿਧੂੜੀ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਪਿਛਲੇ ਦਿਨੀਂ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ ਸੰਘਰਸ਼ ਕਰ ਰਹੇ ਅੰਨਦਾਤਾ ਵਿਰੁੱਧ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਨੇ ਮੁਹਾਲੀ ਅਦਾਲਤ ਵਿੱਚ ਕੇਸ ਦਰਜ ਕਰਵਾਇਆ ਹੈ। ਅੱਜ ਮੁਹਾਲੀ ਅਦਾਲਤ ਵਿੱਚ ਸੁਣਵਾਈ ਲਈ ਪਹੁੰਚੇ ‘ਆਪ’ ਆਗੂ ਨੇ ਕਿਹਾ ਕਿ ਭਾਜਪਾ ਆਗੂ ਰਮੇਸ਼ ਬਿਧੂੜੀ ਨੇ ਸੰਘਰਸ਼ਸ਼ੀਲ ਕਿਸਾਨਾਂ ਖ਼ਿਲਾਫ਼ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਇੰਜ ਹੀ ਅਦਾਕਾਰਾ ਕੰਗਨਾ ਰਣੌਤ ਵੱਲੋਂ ਵੀ ਕਿਸਾਨ ਸੰਘਰਸ਼ ਵਿੱਚ ਸ਼ਾਮਲ ਬਜ਼ੁਰਗ ਔਰਤਾਂ ਪ੍ਰਤੀ ਗਲਤ ਟਿੱਪਣੀ ਕੀਤੀ ਗਈ ਸੀ। ‘ਆਪ’ ਆਗੂ ਵੱਲੋਂ ਇਨ੍ਹਾਂ ਦੋਵਾਂ ਦੇ ਖ਼ਿਲਾਫ਼ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਜੇਕਰ ਲੋੜ ਪਈ ਤਾਂ ਉਹ ਕਿਸਾਨਾਂ ਦੇ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ ਸੁਪਰੀਮ ਕੋਰਟ ਦਾ ਬੂਹਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕਰਨਗੇ।
ਇਸ ਮੌਕੇ ਉਨ੍ਹਾਂ ਦੇ ਵਕੀਲ ਹਰਦੀਪ ਸਿੰਘ ਵਧਵਾ ਨੇ ਕਿਹਾ ਕਿ ਭਾਜਪਾ ਆਗੂ ਰਮੇਸ਼ ਬਿਧੂੜੀ ਅਤੇ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਕੇਸ ਦਾਇਰ ਕੀਤਾ ਗਿਆ ਹੈ ਅਤੇ ਜਲਦੀ ਹੀ ਅਦਾਲਤ ਵੱਲੋਂ ਇਨ੍ਹਾਂ ਦੋਵਾਂ ਨੂੰ ਸੰਮਨ ਭੇਜੇ ਜਾਣਗੇ।