ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਜੁਲਾਈ
ਇੱਥੋਂ ਦੇ ਸੈਕਟਰ-15 ਵਿੱਚ ਸਥਿਤ ਪੰਜਾਬ ਕਾਂਗਰਸ ਦਫ਼ਤਰ ਵਿੱਚ ਲੰਘੇ ਦਿਨ ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਤਾਜਪੋਸ਼ੀ ਸਮਾਗਮ ਸੀ ਜਿਸ ਵਿੱਚ ਪੰਜਾਬ ਭਰ ਤੋਂ ਕਾਂਗਰਸ ਵਰਕਰ ਚੰਡੀਗੜ੍ਹ ਪਹੁੰਚੇ। ਸਮਾਗਮ ਵਿੱਚ ਆਉਣ ਵਾਲਿਆਂ ਨੇ ਨਾ ਤਾਂ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਅਤੇ ਨਾ ਹੀ ਮਾਸਕ ਦੀ ਵਰਤੋਂ ਕੀਤੀ। ਚੰਡੀਗੜ੍ਹ ਪੁਲੀਸ ਨੇ ਕਾਂਗਰਸੀ ਵਰਕਰਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 188 ਅਤੇ ਡਿਸਾਸਟਰ ਮੈਨੇਜਮੈਂਟ ਐਕਟ ਦੀ ਧਾਰਾ 51 ਬੀ ਤਹਿਤ ਕੇਸ ਦਰਜ ਕੀਤਾ ਹੈ।ਚੰਡੀਗੜ੍ਹ ਪੁਲੀਸ ਅਨੁਸਾਰ ਸੈਕਟਰ-15 ਕਾਂਗਰਸ ਭਵਨ ਵਿੱਚ ਆਉਣ ਵਾਲੇ ਵਰਕਰਾਂ ਨੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕੀਤੀ। ਮਾਸਕ ਦੀ ਵਰਤੋਂ ਨਾ ਕਰਦਿਆਂ ਕਰੋਨਾ ਨਿਯਮਾਂ ਦੀ ਵੀ ਧੱਜੀਆਂ ਉਡਾਈਆਂ ਹਨ ਤੇ ਸ਼ਹਿਰ ਵਿੱਚ ਧਾਰਾ 144 ਲੱਗੇ ਹੋਏ ਦੇ ਬਾਵਜੂਦ ਇਕੱਠ ਕਰ ਕੇ ਜ਼ਿਲ੍ਹਾ ਮੈਜਿਸਟਰੇਟ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਇਸ ਦੇ ਬਾਵਜੂਦ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਹਰ ਕੋਈ ਪਛਾਣਦਾ ਹੈ, ਚੰਡੀਗੜ੍ਹ ਪੁਲੀਸ ਉਨ੍ਹਾਂ ਰਾਜਸੀ ਆਗੂਆਂ ਨੂੰ ਪਛਾਣਦੀ ਹੀ ਨਹੀਂ ਜਦਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਹਿਰ ਵਿੱਚ ਮੁਜ਼ਾਹਰਾ ਕਰਨ ਵਾਲਿਆਂ ਖ਼ਿਲਾਫ਼ ਪੁਲੀਸ ਵੱਲੋਂ ਪਛਾਣ ਕਰ ਕੇ ਬੰਦੇ ਨਾਮਜ਼ਦ ਕੀਤੇ ਜਾਂਦੇ ਹਨ।