ਹਰਜੀਤ ਸਿੰਘ
ਜ਼ੀਰਕਪੁਰ, 1 ਮਾਰਚ
ਇੱਥੋਂ ਦੇ ਬਲਟਾਣਾ ਖੇਤਰ ਵਿੱਚ ਬਿਨਾਂ ਮਨਜ਼ੂਰੀ ਇੱਕ ਪਲਾਟ ਦੀ ਬੇਸਮੈਂਟ ਦੀ ਖੁਦਾਈ ਕਰਨ ਦੇ ਦੋਸ਼ ਹੇਠ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਬਲਟਾਣਾ ਪੁਲੀਸ ਨੇ ਇਹ ਕਾਰਵਾਈ ਮਾਈਨਿੰਗ ਵਿਭਾਗ ਦੇ ਜੇ.ਈ. ਨਰੋਤਮ ਸ਼ਰਮਾ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਹੈ। ਇਸ ਸਬੰਧੀ ਬਲਟਾਣਾ ਪੁਲੀਸ ਚੌਕੀ ਇੰਚਾਰਜ ਸਹਾਇਕ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਜੇਈ ਨੇ ਸ਼ਿਕਾਇਤ ਦੇ ਕੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਬਲਟਾਣਾ ਖੇਤਰ ਵਿੱਚ ਇੱਕ ਰਿਹਾਇਸ਼ੀ ਪਲਾਟ ਵਿੱਚ ਜੇਸੀਬੀ ਮਸ਼ੀਨਾਂ ਨਾਲ ਟਰੈਕਟਰ ਟਰਾਲੀਆਂ ਦੀ ਮਦਦ ਨਾਲ ਬਿਨਾਂ ਮਾਈਨਿੰਗ ਵਿਭਾਗ ਦੀ ਮਨਜ਼ੂਰੀ ਤੋਂ ਬਿਨਾਂ ਬੇਸਮੈਂਟ ਦੀ ਖੁਦਾਈ ਕੀਤੀ ਜਾ ਰਹੀ ਸੀ। ਇਸ ਕੰਮ ਵਿੱਚ ਲੱਗੇ ਟਰੈਕਟਰ ਟਰਾਲੀਆਂ ਦੇ ਨੰਬਰ ਵੀ ਨਹੀਂ ਸੀ ਜਿਨ੍ਹਾਂ ਨੂੰ ਬਿਨਾਂ ਨੰਬਰ ਚਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੱਸਿਆ ਕਿ ਇਸ ਨਾਲ ਜਿੱਥੇ ਮਾਈਨਿੰਗ ਐਕਟ ਦੀ ਉਲੰਘਣਾ ਕੀਤੀ ਜਾ ਰਹੀ ਸੀ, ਉੱਥੇ ਬਿਨਾਂ ਮਨਜ਼ੂਰੀ ਦੇ ਖ਼ੁਦਾਈ ਕਰਨ ਨਾਲ ਨੇੜਲੀ ਇਮਾਰਤਾਂ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਗਿਆ ਸੀ। ਵਿਭਾਗ ਦੇ ਅਧਿਕਾਰੀਆਂ ਨੂੰ ਦੇਖ ਕੇ ਮਾਈਨਿੰਗ ਕਰ ਰਹੇ ਲੋਕ ਜੇਸੀਬੀ ਮਸ਼ੀਨਾਂ ਅਤੇ ਟਰੈਕਟਰ ਟਰਾਲੀ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਏ। ਪੁਲੀਸ ਨੇ ਮਸ਼ੀਨਾਂ ਅਤੇ ਟਰੈਕਟਰ ਟਰਾਲੀ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਚਾਲਕਾਂ ਅਤੇ ਪਲਾਟ ਮਾਲਕਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।