ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 4 ਸਤੰਬਰ
ਇਥੋਂ ਦੇ ਸੈਕਟਰ 26 ਵਿੱਚ ਪੀਜ਼ਾ ਬਣਾਊਣ ਵਾਲੀ ਦੁਕਾਨ ’ਤੇ ਕੰਮ ਕਰਨ ਵਾਲੇ ਦੋ ਭਰਾਵਾਂ ਤੋਂ ਲੰਘੀ ਰਾਤ ਸੁਖਨਾ ਝੀਲ ਨੇੜੇ 6 ਹਜ਼ਾਰ ਰੁਪਏ ਦੀ ਨਕਦੀ ਤੇ ਮੋਬਾਈਲ ਫੋਨ ਲੁੱਟ ਲਿਆ ਗਿਆ ਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਭਰਾ ਮੁਕੇਸ਼ ਕੁਮਾਰ ਅਤੇ ਸੁਕੇਸ਼ ਕੁਮਾਰ ਰਾਤ 12 ਵਜੇ ਸਾਈਕਲ ’ਤੇ ਸਵਾਰ ਹੋ ਕੇ ਪਿੰਡ ਭਗਵਾਨਪੁਰ ਸਥਿਤ ਆਪਣੇ ਘਰ ਪਰਤ ਰਹੇ ਸਨ। ਜਦੋਂ ਉਹ ਸੁਖਨਾ ਝੀਲ ਨੇੜੇ ਪਹੁੰਚੇ ਤਾਂ ਉਨ੍ਹਾਂ ਨੂੰ ਦੋ ਮੋਟਰਸਾਈਕਲਾਂ ’ਤੇ ਸਵਾਰ ਛੇ ਲੁਟੇਰਿਆਂ ਨੇ ਘੇਰ ਲਿਆ। ਮੁਲਜ਼ਮਾਂ ਨੇ ਮਾਸਕ ਪਹਿਨੇ ਹੋਏ ਸਨ ਤੇ ਉਨ੍ਹਾਂ ਨੇ ਦੋਵਾਂ ਭਰਾਵਾਂ ਤੋਂ ਨਕਦੀ ਅਤੇ ਮੋਬਾਈਲ ਫੋਨ ਖੋਹ ਲਏ। ਪੁਲੀਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲੁਟੇਰਿਆਂ ਨੇ ਆਪਣੇ ਮੋਟਰਸਾਈਕਲਾਂ ਦੀਆਂ ਨੰਬਰ ਪਲੇਟਾਂ ਕੱਪੜੇ ਨਾਲ ਢੱਕੀਆਂ ਹੋਈਆਂ ਸਨ। ਪੀੜਤ ਸੁਕੇਸ਼ ਕੁਮਾਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਲੁਟੇਰੇ ਵਾਰਦਾਤ ਤੋਂ ਬਾਅਦ ਪਿੰਡ ਕਿਸ਼ਨਗੜ੍ਹ ਵੱਲ ਫ਼ਰਾਰ ਹੋ ਗਏ। ਪੁਲੀਸ ਨੇ ਕੇਸ ਦਰਜ ਕਰਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।