ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 2 ਅਪਰੈਲ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਚ ਸ੍ਰੀ ਗੁਰੂ ਨਾਨਕ ਦੇਵ ਦੀ ਵੱਡੀ ਭੈਣ ਬੇਬੇ ਨਾਨਕੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਕੁਲਦੀਪ ਸਿੰਘ ਦੇ ਪੰਥਕ ਜਥੇ ਨੇ ਬੇਬੇ ਨਾਨਕੀ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਭੈਣ-ਭਰਾ ਦੇ ਅਟੁੱਟ ਪਿਆਰ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਅਮਰਜੀਤ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਗੁਰੂ ਨਾਨਕ ਦੇਵ ਵੱਲੋਂ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੀਤੀਆਂ ਚਾਰ ਉਦਾਸੀਆਂ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਮੌਕੇ ਭਾਈ ਪ੍ਰਿਤਪਾਲ ਸਿੰਘ, ਭਾਈ ਬਹਾਦਰ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਨਿਸ਼ਾਨ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਤੇ ਹੋਰਾਂ ਨੇ ਸਾਰਾ ਦਿਨ ਹਰਿ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 14 ਅਪਰੈਲ ਨੂੰ ਖਾਲਸਾ ਪੰਥ ਸਾਜਨਾ ਦਿਵਸ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ।