ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 19 ਨਵੰਬਰ
ਚੰਡੀਗੜ੍ਹ ਕਾਂਗਰਸ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਨੂੰ ਕਿਸਾਨਾਂ ਦੀ ਜਿੱਤ ਅਤੇ ਭਾਜਪਾ ਦੀ ਆਕੜ ਦੀ ਹਾਰ ਕਰਾਰ ਦਿੱਤਾ ਹੈ। ਅੱਜ ਇਥੇ ਸੈਕਟਰ 35 ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਿਸਾਨ ਅੰਦੋਲਨ ਦੇ ਸਾਹਮਣੇ ਝੁਕਣਾ ਪਿਆ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਬਣਾਏ ਗਏ ਇਹ ਕਾਨੂੰਨ ਪੂਰੀ ਤਰ੍ਹਾਂ ਨਾਲ ਕਿਸਾਨ ਵਿਰੋਧੀ ਅਤੇ ਗਲਤ ਸੀ।
ਉਨ੍ਹਾਂ ਦੱਸਿਆ ਕਿ ਇਸ ਅੰਦੋਲਨ ਵਿੱਚ 750 ਤੋਂ ਵੱਧ ਕਿਸਾਨਾਂ ਨੂੰ ਆਪਣੀ ਜਾਨ ਦੀ ਕੁਰਬਾਨੀ ਦੇਣੀ ਪਈ ਹੈ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਹਰ ਇੱਕ ਕਿਸਾਨ ਦੇ ਪਰਿਵਾਰ ਨੂੰ ਸਰਕਾਰ ਵਲੋਂ ਇੱਕ-ਇੱਕ ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਵੇ। ਚੰਡੀਗੜ੍ਹ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਨੇ ਭਾਜਪਾ ਨੇਤਾਵਾਂ ਵਲੋਂ ਪਿਛਲੇ ਦਿਨਾਂ ਵਿੱਚ ਅੰਦੋਲਨਕਾਰੀ ਕਿਸਾਨਾਂ ਦੇ ਬਾਰੇ ਵਿੱਚ ਦਿੱਤੇ ਬਿਆਨਾਂ ਦੀ ਵੀ ਨਿਖੇਧੀ ਕੀਤੀ। ਇਸ ਤੋਂ ਇਲਾਵਾ ਚੰਡੀਗੜ੍ਹ ਕਾਂਗਰਸ ਦੇ ਸਕੱਤਰ ਅਤੇ ਮੁੱਖ ਬੁਲਾਰੇ ਹਰਮੋਹਿੰਦਰ ਸਿੰਘ ਲੱਕੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨ ਅਤੇ ਜਨਤਾ ਦੇ ਦਬਾਅ ਵਿੱਚ ਇਹ ਫ਼ੈਸਲਾ ਲੈਣ ਲਈ ਮਜਬੂਰ ਹੋਣਾ ਪਿਆ। ਚੰਡੀਗੜ੍ਹ ਕਾਂਗਰਸ ਨੇ ਸ਼ਹਿਰ ਵਸਿਆ ਨੂੰ ਗੁਰੂ ਨਾਨਕ ਦੇਵ ਦੇ ਜਨਮ ਦਿਹਾੜੇ ’ਤੇ ਵਧਾਈਆਂ ਦਿੱਤੀਆਂ।