ਸਿੱਖ ਸੰਸਥਾਵਾਂ ਨੂੰ ਖ਼ਤਮ ਕਰ ਰਹੀ ਹੈ ਕੇਂਦਰ ਸਰਕਾਰ: ਰੱਖੜਾ
ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਦੁਆਰਿਆਂ ’ਚੋਂ ਗੋਲਕਾਂ ਚੁੱਕਣ ਸਬੰਧੀ ਦਿੱਤੇ ਗਏ ਬਿਆਨ ਦੀ ਨਿਖੇੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਅਹੁਦੇ ਦਾ ਸਤਿਕਾਰ ਕਰਦਿਆਂ ਅਜਿਹੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਸੁਰਜੀਤ ਰੱਖੜਾ ਸ੍ਰੀ ਦਸਮੇਸ਼ ਅਕੈਡਮੀ ਆਨੰਦਪੁਰ ਸਾਹਿਬ ਦੇ ਬੋਰਡ ਦੇ ਪ੍ਰਧਾਨ ਵੀ ਹਨ। ਇੱਥੇ ਅੱਜ ਅਕੈਡਮੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੱਖੜਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿੱਖ ਸੰਸਥਾਵਾਂ ਨੂੰ ਖ਼ਤਮ ਕਰਨ ਲਈ ਸੋਚੀ ਸਮਝੀ ਸਾਜ਼ਿਸ਼ ਤਹਿਤ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਵੰਡਿਆ, ਹੁਣ ਕੇਂਦਰ ਸਰਕਾਰ ਨੇ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ, ਪੰਜਾਬ ਯੂਨੀਵਰਸਿਟੀ ਦੀ ਸੈਨੇਟ ਖ਼ਤਮ ਕੀਤੀ ਗਈ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਤੇ ਪੰਜਾਬ ਨੂੰ ਕਾਬਜ਼ ਨਹੀਂ ਹੋਣ ਦਿੱਤਾ ਜਾ ਰਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਚਹੜ ਮਜਾਰਾ, ਦਸਮੇਸ਼ ਅਕੈਡਮੀ ਦੇ ਸਕੱਤਰ ਐਡਵੋਕੇਟ ਆਈਪੀ ਸਿੰਘ, ਬਾਬਾ ਦਿਲਬਾਗ ਸਿੰਘ ਤੇ ਅਕੈਡਮੀ ਦੀ ਪ੍ਰਿੰਸੀਪਲ ਡਾਕਟਰ ਸੋਨੂ ਵਾਲੀਆ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਦੌਰਾਨ ਸ੍ਰੀ ਦਸਮੇਸ਼ ਅਕੈਡਮੀ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੂਰ-ਏ-ਇਲਾਹੀ ਨਾ ਹੇਠ ਇੱਕ ਪ੍ਰਦਰਸ਼ਨੀ ਲਗਾਈ ਗਈ।
