ਐਸ.ਏ.ਐਸ. ਨਗਰ (ਮੁਹਾਲੀ), 4 ਅਗਸਤ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮੁਲਾਜ਼ਮਾਂ ’ਤੇ ਜਬਰੀ ਥੋਪੇ ਜਾ ਰਹੇ ਕੇਂਦਰੀ ਤਨਖ਼ਾਹ ਸਕੇਲ ਨੂੰ ਲੈ ਕੇ ਮੁਲਾਜ਼ਮ ਵਰਗ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ। ਮੋਤੀਆਂ ਵਾਲੀ ਸਰਕਾਰ ਦੇ ਤਾਨਾਸ਼ਾਹ ਰਵੱਈਆ ਤੋਂ ਅੱਕੇ ਮੁਲਾਜ਼ਮ ਸੜਕਾਂ ’ਤੇ ਉਤਰ ਆਏ ਹਨ। ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਅਤੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਸਮੇਤ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਨੇ ਅੱਜ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੇਂਦਰੀ ਤਨਖ਼ਾਹ ਕਮਿਸ਼ਨਰ ਲਾਗੂ ਕਰਨ ਸਬੰਧੀ ਜਾਰੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਅਤੇ ਸੂਬਾ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ। ਮੁਲਾਜ਼ਮਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੀ ਪੁਤਲਾ ਸਾੜਿਆ। ਇਸ ਮੌਕੇ ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਸੱਜਣ ਸਿੰਘ, ਪੈਨਸ਼ਨਰਜ਼ ਜਥੇਬੰਦੀ ਦੇ ਪ੍ਰਧਾਨ ਕਰਮ ਸਿੰਘ ਧਨੋਆ, ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਜਨਰਲ ਸਕੱਤਰ ਪਵਨ ਗੋਡਿਆਲ, ਪੰਚਾਇਤ ਵਿਭਾਗ ਕਰਮਚਾਰੀ ਆਗੂ ਜਗਜੀਤ ਸਿੰਘ, ਅਮਿਤ ਕਟੋਚ, ਜਗਦੀਸ਼ ਸਿੰਘ ਸਰਾਓ, ਹਰਵਿੰਦਰ ਸਿੰਘ ਸੈਣੀ, ਹਜ਼ਾਰਾ ਸਿੰਘ, ਸਿੱਖਿਆ ਬੋਰਡ ਕਰਮਚਾਰੀ ਆਗੂ ਪਰਵਿੰਦਰ ਸਿੰਘ ਖੰਗੂੜਾ, ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਵਇੰਦਰ ਸਿੰਘ, ਹਰਦੀਪ ਸਿੰਘ, ਤਜਿੰਦਰ ਸਿੰਘ, ਕੁਲਦੀਪ ਸਿੰਘ, ਜਸਪ੍ਰੀਤ ਕੌਰ ਤੇ ਹੋਰਨਾਂ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਹੁਕਮਰਾਨਾਂ ਦੀ ਨਿੰਦਾ ਕੀਤੀ। ਆਗੂਆਂ ਨੇ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਮੁਲਾਜ਼ਮਾਂ ਵੱਲੋਂ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਤਨਦੇਹੀ ਨਾਲ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਪ੍ਰੰਤੂ ਕਰੋਨਾ ਯੋਧਿਆਂ ਨੂੰ ਬਣਦਾ ਸਨਮਾਨ ਦੇਣ ਦੀ ਬਜਾਏ ਮੁਲਾਜ਼ਮਾਂ ਦੀ ਸੰਘੀ ਘੁੱਟੀ ਜਾ ਰਹੀ ਹੈ। ਕਰਮ ਸਿੰਘ ਧਨੋਆ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਤੋਂ ਮੁੱਕਰ ਗਈ ਹੈ ਅਤੇ ਡੀਏ ਦੀਆਂ ਚਾਰ ਕਿਸ਼ਤਾਂ ਦਾ ਪੈਸਾ ਵੀ ਦੱਬ ਕੇ ਬੈਠ ਗਈ ਹੈ।
ਸਫ਼ਾਈ ਮਜ਼ਦੂਰਾਂ ਵੱਲੋਂ 10 ਤੋਂ 14 ਅਗਸਤ ਤੱਕ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ
ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੀ ਮੀਟਿੰਗ ਵਿੱਚ ਪ੍ਰਮੁੱਖ ਆਗੂ ਸੱਜਣ ਸਿੰਘ, ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਪ੍ਰਧਾਨ ਚੰਦਨ ਗਰੇਵਾਲ, ਸੀਨੀਅਰ ਪ੍ਰਧਾਨ ਮੋਹਨ ਸਿੰਘ, ਜਨਰਲ ਸਕੱਤਰ ਪਵਨ ਗੋਡਿਆਲ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਵਰਗ ’ਤੇ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਐਲਾਨ ਕੀਤਾ ਕਿ ਕਰੋਨਾ ਮਹਾਮਾਰੀ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਜਾਰੀ ਰੱਖਦਿਆਂ ਸਰਕਾਰ ਦੀ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਸੰਘਰਸ਼ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ 10 ਤੋਂ 14 ਅਗਸਤ ਤੱਕ ਕਾਲੇ ਝੰਡੇ ਲੈ ਕੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ ਤੇ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਝੰਡਾ ਲਹਿਰਾਉਣ ਵਾਲੇ ਮੰਤਰੀਆਂ ਦਾ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਕਾਮਿਆਂ ਹੜਤਾਲ ਕਾਰਨ ਪੈਦਾ ਹੋਏ ਹਾਲਾਤਾਂ ਲਈ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗੀ।