ਕੇਂਦਰੀ ਟੀਮ ਵੱਲੋਂ ਕੁਰਾਲੀ ਅਨਾਜ ਮੰਡੀ ਦਾ ਦੌਰਾ
ਕੇਂਦਰੀ ਟੀਮ ਨੇ ਐੱਸ ਪੁਨੀਤ ਦੀ ਅਗਵਾਈ ਵਿੱਚ ਸ਼ਹਿਰ ਦੀ ਪਾਪਰਾਲੀ ਰੋਡ ’ਤੇ ਸਥਿਤ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਖੁਰਾਕ ਅਤੇ ਸਪਲਾਈ ਵਿਭਾਗ ਦੇ ਵਧੀਕ ਡਾਇਰੈਕਟਰ ਅੰਜੁਮਨ ਭਾਸਕਰ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਰਵਨੀਤ ਕੌਰ ਅਤੇ ਖੁਰਾਕ ਸਪਲਾਈ ਅਧਿਕਾਰੀ ਹਰਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਏਜੰਸੀਆਂ ਦੇ ਅਧਿਕਾਰੀ ਅਤੇ ਮਾਰਕਿਟ ਕਮੇਟੀ ਦੇ ਕਰਮਚਾਰੀ ਹਾਜ਼ਰ ਸਨ।
ਐੱਸ ਪੁਨੀਤ ਨੇ ਦੱਸਿਆ ਕਿ ਹੜ੍ਹਾਂ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਉਨ੍ਹਾਂ ਦੀ ਟੀਮ ਮੰਡੀਆਂ ਦਾ ਦੌਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਆਈ ਫ਼ਸਲ ਦੇ ਸੈਂਪਲਾਂ ਨਾਲ ਨੁਕਸਾਨ ਸਬੰਧੀ ਅੰਦਾਜ਼ਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸਥਾਰਿਤ ਰਿਪੋਰਟ ਕੇਂਦਰ ਸਰਕਾਰ ਨੂੰ ਸੌਂਪੀ ਜਾਵੇਗੀ ਤਾਂ ਜੋ ਰਾਹਤ ਨੀਤੀ ਤੇ ਹੋਰ ਰਾਹਤ ਸਬੰਧੀ ਨਿਰਣਾ ਲਿਆ ਜਾ ਸਕੇ। ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਰਵਨੀਤ ਕੌਰ ਨੇ ਦੱਸਿਆ ਕਿ ਇਹ ਟੀਮ ਰਾਜ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰੇਗੀ ਅਤੇ ਕੇਂਦਰ ਸਰਕਾਰ ਨੂੰ ਆਪਣੀ ਰਿਪੋਰਟ ਦੇਵੇਗੀ। ਇਸ ਤੋਂ ਬਾਅਦ ਕੇਂਦਰ ਸਰਕਾਰ ਫ਼ੈਸਲਾ ਕਰੇਗੀ ਕਿ ਕਿਸਾਨਾਂ ਨੂੰ ਹੋਰ ਕਿੰਨੀ ਤੇ ਕਿਸ ਢੰਗ ਨਾਲ ਰਾਹਤ ਦਿੱਤੀ ਜਾਵੇ। ਇਸ ਮੌਕੇ ਮਾਰਕਿਟ ਕਮੇਟੀ ਦੇ ਸਕੱਤਰ ਗੁਰਮਿੰਦਰ ਸਿੰਘ, ਸਹਾਇਕ ਸੁਪਰਵਾਈਜ਼ਰ ਪਰਮਿੰਦਰ ਸਿੰਘ,ਬਿਕਰਮ ਸਿੰਘ, ਅਮਰੀਕ ਸਿੰਘ, ਕੁਲਬੀਰ ਸਿੰਘ ਅਤੇ ਮਨਦੀਪ ਸਿੰਘ ਮੌਜੂਦ ਸਨ।