ਕਰਤਾਰਪੁਰ ਲਾਂਘਾ ਖੋਲ੍ਹਣ ਤੇ ਨਨਕਾਣਾ ਸਾਹਿਬ ਦੀ ਯਾਤਰਾ ਦੀ ਆਗਿਆ ਦੇਵੇ ਕੇਂਦਰ: ਸਿੱਧੂ
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਜਥੇ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ੍ਰੀ ਨਨਕਾਣਾ ਸਾਹਿਬ ਯਾਤਰਾ ਦੀ ਤੁਰੰਤ ਆਗਿਆ ਦੇਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਹਰ ਸਾਲ, ਭਾਰਤ ਤੋਂ ਇੱਕ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ ਵਿੱਚ ਪਾਕਿਸਤਾਨ ਜਾਂਦਾ ਹੈ ਤਾਂ ਜੋ ਉਹ ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਉਨ੍ਹਾਂ ਦੇ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾ ਸਕਣ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਤੁਰੰਤ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਕਿ ਸ਼ਰਧਾਲੂ ਦਰਸ਼ਨ ਕਰ ਸਕਣ।
ਸਿੱਧੂ ਨੇ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਨਾ ਦੇਣ ਦੇ ਫੈਸਲੇ ਨੂੰ ਸਿੱਖ ਭਾਈਚਾਰੇ ਲਈ ਨਿਰਾਸ਼ਾਜਨਕ ਕਰਾਰ ਦਿੱਤਾ। ਉਨ੍ਹਾਂ ਇਸ ਗੱਲ ’ਤੇ ਵੀ ਸਵਾਲ ਉਠਾਇਆ ਹੈ ਕਿ ਪੰਜਾਬ ਅਤੇ ਸਿੱਖ ਭਾਈਚਾਰੇ ਨੂੰ ਵਾਰ-ਵਾਰ ਇੰਝ ਪਾਬੰਦੀਆਂ ਕਿਉਂ ਸਹਿਣੀਆਂ ਪੈਂਦੀਆਂ ਹਨ, ਖਾਸ ਕਰ ਕੇ ਉਸ ਸਮੇਂ ਜਦੋਂ ਕਿ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਕਰਵਾਉਣ ਦੀ ਆਗਿਆ ਦਿੱਤੀ ਜਾ ਚੁੱਕੀ ਹੈ।