ਪੰਜਾਬ ਦੇ ਪਾਣੀਆਂ ’ਤੇ ਕਬਜ਼ਾ ਕਰਨਾ ਚਾਹੁੰਦੈ ਕੇਂਦਰ: ਡਲਵੀ
ਕੁੱਲ ਹਿੰਦ ਕਾਂਗਰਸ ਕਮੇਟੀ ਦੇ ਕੌਮੀ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਸੰਯੁਕਤ ਇੰਚਾਰਜ ਰਵਿੰਦਰ ਡਲਵੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ’ਤੇ ਕੇਂਦਰ ਸਰਕਾਰ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਰਾਹੀਂ ਕਬਜ਼ਾ ਕਰਨਾ ਚਾਹੁੰਦੀ ਹੈ। ਸ੍ਰੀ ਡਲਵੀ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਸਣੇ ਸੀਨੀਅਰ ਕਾਂਗਰਸੀ ਪ੍ਰੇਮ ਸਿੰਘ ਬਾਸੋਵਾਲ ਦੀ ਰਿਹਾਇਸ਼ ’ਤੇ ਗੱਲਬਾਤ ਕਰ ਰਹੇ ਸਨ। ਇਸ ਮੌਕੇ ਸ੍ਰੀ ਡਲਵੀ ਨੇ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਦੀ ਸਰਕਾਰ ਤੋਂ ਦੁਖੀ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਜ਼ਮੀਨ ਖੋਹ ਕੇ ਪੂੰਜੀਪਤੀਆਂ ਨੂੰ ਦੇਣਾ ਚਾਹੁੰਦੀ ਹੈ ਜਿਸ ਦਾ ਕਾਂਗਰਸ ਵਿਰੋਧ ਕਰਦੀ ਹੈ।
ਇੱਕ ਸਵਾਲ ਦੇ ਜਵਾਬ ਵਿੱਚ ਰਵਿੰਦਰ ਡਲਵੀ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ। ਉਨ੍ਹਾਂ ਕਿਹਾ ਕਿ ਪਿੱਛਲੇ ਸਮੇਂ ਦੌਰਾਨ ਕਾਂਗਰਸ ਪੰਜਾਬ ਅੰਦਰ ਕਿਸੇ ਹਿੰਦੂ ਆਗੂ ਨੂੰ ਵੱਡੀ ਨੁਮਾਇੰਦਗੀ ਨਹੀਂ ਦੇ ਸਕੀ ਪਰ ਹੁਣ ਪਾਰਟੀ ਵੱਲੋਂ ਸੂਬੇ ਦੇ ਕਿਸੇ ਹਿੰਦੂ ਆਗੂ ਨੂੰ ਜਲਦ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਇਸ ਉਪਰੰਤ ਰਵਿੰਦਰ ਡਲਵੀ ਤਖ਼ਤ ਕੇਸਗੜ੍ਹ ਸਾਹਿਬ ਨਤਮਸਤਕ ਹੋਏ।