Chandigarh: ਨਸ਼ੀਲੇ ਪਦਾਰਥਾਂ ਦੀ ਵਿਕਰੀ ਹੋਣ ’ਤੇ SHO ਵਿਰੁੱਧ ਹੋਵੇਗੀ ਕਾਰਵਾਈ: ਕਟਾਰੀਆ
ਯੂ.ਟੀ. ਪ੍ਰਸ਼ਾਸਕ ਨੇ ਚੰਡੀਗੜ੍ਹ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲੀਸ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੁਲੀਸ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਚੰਡੀਗੜ੍ਹ ਵਿੱਚ ਨਸ਼ਿਆਂ ਦੀ ਵਿਕਰੀ ਹੁੰਦੀ ਹੈ ਤਾਂ ਇਸ ਲਈ ਸਬੰਧਿਤ ਐਸ.ਐਚ.ਓ. (ਥਾਣਾ ਮੁਖੀ) ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਇਹ ਪ੍ਰਗਟਾਵਾ ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟ ਫੋਰਮ ਚੰਡੀਗੜ੍ਹ ਵੱਲੋਂ ਸੈਕਟਰ-37 ਵਿੱਚ ਕਰਵਾਏ ਗਏ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ 30 ਸਤੰਬਰ ਤੋਂ ਬਾਅਦ ਨਸ਼ਿਆਂ ਤੋਂ ਪੂਰੀ ਤਰ੍ਹਾਂ ਨਿਜਾਤ ਦਿਵਾ ਦਿੱਤੀ ਜਾਵੇਗੀ। ਇਸ ਮੰਤਵ ਲਈ ਥਾਣਾ ਮੁਖੀਆਂ ਨੂੰ 16 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਉਹ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਯਕੀਨੀ ਬਣਾ ਸਕਣ। ਇਸ ਤੋਂ ਬਾਅਦ 16 ਸਤੰਬਰ ਤੋਂ 30 ਸਤੰਬਰ ਤੱਕ ਪ੍ਰਸ਼ਾਸਨ ਦੀ ਟੀਮ ਵੱਲੋਂ ਸ਼ਹਿਰ ਵਿੱਚ ਵਿਸ਼ੇਸ਼ ਕਾਰਵਾਈ ਕੀਤੀ ਜਾਵੇਗੀ ਅਤੇ 30 ਸਤੰਬਰ ਤੱਕ ਸ਼ਹਿਰ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ।
ਗੁਲਾਬ ਚੰਦ ਕਟਾਰੀਆ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਨਸ਼ੀਲੇ ਪਦਾਰਥ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਤੱਕ ਪਹੁੰਚ ਚੁੱਕੇ ਹਨ, ਜੋ ਕਿ ਬਹੁਤ ਗੰਭੀਰ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਦੀ ਜ਼ਿੰਮੇਵਾਰੀ ਸਿਰਫ਼ ਪੁਲੀਸ ਜਾਂ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਪੂਰੇ ਸਮਾਜ ਦੀ ਹੈ, ਇਸ ਲਈ ਹਰ ਵਰਗ ਨੂੰ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।

