ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਅਗਸਤ
ਚੰਡੀਗੜ੍ਹ ’ਚ 75ਵਾਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਯੂਟੀ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜੇ ਸਬੰਧੀ ਸੈਕਟਰ-17 ਦੇ ਪਰੇਡ ਗਰਾਊਂਡ ਵਿੱਚ ਕਰਵਾਏ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਤਿਰੰਗਾ ਝੰਡਾ ਲਹਿਰਾਇਆ। ਪਰੇਡ ਗਰਾਊਂਡ ਵਿਚ ਯੂਟੀ ਦੇ ਪ੍ਰਸ਼ਾਸਕ ਨੂੰ ਪੁਲੀਸ ਮੁਲਾਜ਼ਮਾਂ, ਐੱਨਐੱਸਐੱਸ ਕੈਡੇਟਸ ਸਣੇ ਹੋਰਨਾਂ ਟੁਕੜੀਆਂ ਨੇ ਸਲਾਮੀ ਦਿੱਤੀ। ਉਪਰੰਤ ਸ੍ਰੀ ਬਦਨੌਰ ਨੇ ਵੱਖ-ਵੱਖ ਖੇਤਰਾਂ ਵਿੱਚ ਜ਼ਿਕਰਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਬਦਨੌਰ ਨੇ ਕਿਹਾ ਕਿ ਚੰਡੀਗੜ੍ਹ ਪੁਲੀਸ ਵੱਲੋਂ ਮੋਟਰ ਵਾਹਨ ਚੋਰੀ ਕਰਨ ਦੇ ਮਾਮਲੇ ਵਿਚ ਈ-ਐੱਫਆਈਆਰ ਰਜਿਸਟਰਡ ਕਰਵਾਉਣ ਦੀ ਪਹਿਲਕਦਮੀ ਕੀਤੀ ਜਾ ਰਹੀ ਹੈ। ਵਾਹਨਾਂ ਦੀ ਚੋਰੀ ਸਬੰਧੀ ਮਾਮਲਿਆਂ ਦੀ ਜਾਂਚ ਲਈ ਮੋਬਾਈਲ ਐਪ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਨਾਲ ਵਾਹਨ ਚੋਰੀ ਸਬੰਧੀ ਸ਼ਿਕਾਇਤਾਂ ਆਨਲਾਈਨ ਦਰਜ ਕਰਵਾਉਣ ’ਚ ਮਦਦ ਮਿਲੇਗੀ। ਪ੍ਰਸ਼ਾਸਕ ਨੇ ਦੱਸਿਆ ਕਿ ਔਰਤਾਂ ਤੇ ਬੱਚਿਆਂ ਨਾਲ ਹੋਣ ਵਾਲੇ ਸਾਈਬਰ ਅਪਰਾਧ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਾਈਬਰ ਫੋਰੈਂਸਿਕ ਪ੍ਰਯੋਗਸ਼ਾਲਾ ਸਥਾਪਤ ਕੀਤੀ ਜਾਵੇਗੀ। ਸ੍ਰੀ ਬਦਨੌਰ ਨੇ ਦੱਸਿਆ ਕਿ ਸ਼ਹਿਰ ਵਿੱਚ 25 ਡੌਕਿੰਗ ਸਟੇਸ਼ਨ ਅਤੇ 175 ਸਾਈਕਲਾਂ ਨਾਲ ਸ਼ੇਅਰਿੰਗ ਪ੍ਰਾਜੈਕਟ ਸ਼ੁਰੂ ਕੀਤਾ ਹੈ। ਜਿਸ ਨੂੰ ਸਾਲ 2022 ਤੱਕ 5 ਹਜ਼ਾਰ ਸਾਈਕਲਾਂ ਦੀ ਸਮਰੱਥਾ ਤੱਕ ਵਧਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪਹਿਲੀ ਇਲੈਕਟ੍ਰਿਕ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ ਜਦਕਿ ਸਤੰਬਰ ਮਹੀਨੇ ਦੇ ਅਖੀਰ ਤੱਕ 39 ਹੋਰ ਬੱਸਾਂ ਚਲਾ ਦਿੱਤੀਆਂ ਜਾਣਗੀਆਂ। ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਪੁਲੀਸ ਥਾਣਿਆਂ ਤੇ ਸਕੂਲਾਂ ਵਿੱਚ ਸੋਲਰ ਪਾਵਰ ਪਲਾਂਟ ਲਗਾਏ ਜਾ ਰਹੇ ਹਨ।
ਸਾਲ 2021 ਵਿਚ ਆਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ 96.6 ਫ਼ੀਸਦ ਨਤੀਜਾ ਰਿਹਾ ਹੈ ਜੋ ਪਿਛਲੇ ਸਾਲ ਨਾਲੋਂ 19.4 ਫ਼ੀਸਦ ਜ਼ਿਆਦਾ ਸੀ ਜਦਕਿ 12ਵੀਂ ਦਾ ਨਤੀਜਾ 98.7 ਫ਼ੀਸਦ ਰਿਹਾ ਹੈ ਜੋ ਕਿ ਪਿਛਲੇ ਸਾਲ ਨਾਲੋਂ 7.1 ਫ਼ੀਸਦ ਵੱਧ ਹੈ। ਯੂਟੀ ਦੇ ਪ੍ਰਸ਼ਾਸਕ ਨੇ ਕਰੋਨਾ ਦੀ ਦੂਜੀ ਲਹਿਰ ਦੌਰਾਨ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਦਿੱਤੀ, ਜਿਸ ਸਦਕਾ ਕਰੋਨਾ ਕੇਸਾਂ ਦੀ ਗਿਣਤੀ ਨੂੰ ਘਟਾਇਆ ਗਿਆ ਹੈ।
ਚੰਡੀਗੜ੍ਹ (ਖੇਤਰੀ ਪ੍ਰਤੀਨਿਧ): ਇਸੇ ਦੌਰਾਨ ਚੰਡੀਗੜ੍ਹ ਨਗਰ ਨਿਗਮ ਵੱਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਮੇਅਰ ਰਵੀ ਕਾਂਤ ਸ਼ਰਮਾ ਨੇ ਕੌਮੀ ਝੰਡਾ ਲਹਿਰਾਇਆ। ਇੱਥੇ ਨਗਰ ਨਿਗਮ ਭਵਨ ਵਿੱਚ ਕੀਤੇ ਗਏ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਮਗਰੋਂ ਮੇਅਰ ਰਵੀ ਕਾਂਤ ਸ਼ਰਮਾ ਨੇ ਮੌਕੇ ’ਤੇ ਮੌਜੂਦ ਨਿਗਮ ਦੇ ਅਧਿਕਾਰੀਆਂ, ਕੌਂਸਲਰਾਂ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਨਗਰ ਨਿਗਮ ਵਲੋਂ ਵੱਖ-ਵੱਖ ਖੇਤਰਾਂ, ਖਾਸ ਕਰ ਕੇ ਕਰੋਨਾ ਕਾਲ ਦੌਰਾਨ ਸਮਾਜ ਸੇਵਾ ’ਚ ਸ਼ਲਾਘਾਯੋਗ ਕੰਮ ਕਰਨ ਵਾਲੇ ਨਿਗਮ ਦੇ ਅਧਿਕਾਰੀਆਂ, ਕਰਮਚਾਰੀਆਂ ਸਮੇਤ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਨਿਗਮ ਦੇ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਸੀਨੀਅਰ ਡਿਪਟੀ ਮੇਅਰ ਮਹੇਸ਼ ਇੰਦਰ ਸਿੱਧੂ, ਡਿਪਟੀ ਮੇਅਰ ਫਰਮੀਲਾ ਹਾਜ਼ਰ ਸਨ।
ਡੱਡੂ ਮਾਜਰਾ ਵਾਸੀਆਂ ਨੇ ਡੰਪਿੰਗ ਗਰਾਊਂਡ ਤੋਂ ਮੰਗੀ ਆਜ਼ਾਦੀ
ਚੰਡੀਗੜ੍ਹ (ਮੁਕੇਸ਼ ਕੁਮਾਰ): ਸ਼ਹਿਰ ਵਿਚ ਜਿੱਥੇ ਇਕ ਪਾਸੇ ਦੇਸ਼ ਦਾ 75ਵਾਂ ਆਜ਼ਾਦੀ ਦਿਹਾੜਾ ਧੂਮਧਾਨ ਨਾਲ ਮਨਾਇਆ ਗਿਆ, ਉੱਥੇ ਹੀ ਡੱਡੂ ਮਾਜਰਾ ਕਲੋਨੀ ਦੇ ਵਸਨੀਕਾਂ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਡੰਪਿੰਗ ਗਰਾਊਂਡ ਤੋਂ ਆਜ਼ਾਦੀ ਦਿਵਾਉਣ ਦੀ ਮੰਗ ਕੀਤੀ ਗਈ। ਇੱਥੇ ਮਨਾਏ ਗਏ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ’ਚ ਵੱਖ-ਵੱਖ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ ਦੀ ਜਥੇਬੰਦੀ ਫੈਡਰੇਸ਼ਨ ਆਫ ਸੈਕਟਰ ਵੈੱਲਫੇਅਰ ਐਸੋਸੀਏਸ਼ਨਸ (ਫਾਸਵੇਕ) ਦੇ ਪ੍ਰਧਾਨ ਬਲਜਿੰਦਰ ਸਿੰਘ ਬਿੱਟੂ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਦੌਰਾਨ ਡੱਡੂ ਮਾਜਰਾ ਕਲੋਨੀ ਦੇ ਵਸਨੀਕਾਂ ਨੇ ਆਪਣਾ ਦਰਦ ਬਿਆਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇੱਥੇ ਸਥਿਤ ਕੂੜੇ ਦੇ ਵਿਸ਼ਾਲ ਢੇਰ ਤੋਂ ਆਜ਼ਾਦੀ ਕਦੋਂ ਮਿਲੇਗੀ। ਡੱਡੂ ਮਾਜਰਾ ਡੰਪਿੰਗ ਗਰਾਊਂਡ ਜੁਆਇੰਟ ਐਕਸ਼ਨ ਕਮੇਟੀ ਦੇ ਚੇਅਰਮੈਨ ਦਿਆਲ ਕ੍ਰਿਸ਼ਨ ਨੇ ਦੱਸਿਆ ਕਿ ਉਨ੍ਹਾਂ ਆਜ਼ਾਦੀ ਦਿਹਾੜੇ ਸਬੰਧੀ ਇੱਥੇ ਡੰਪਿੰਗ ਗਰਾਊਂਡ ਨੇੜਲੇ ਮੈਦਾਨ ਵਿੱਚ ਪ੍ਰੋਗਰਾਮ ਰੱਖਿਆ ਸੀ ਪਰ ਇਸ ਕੂੜੇ ਦੇ ਢੇਰ ਕਾਰਨ ਲੋਕਾਂ ਦਾ ਬੈਠਣਾ ਮੁਸ਼ਕਿਲ ਹੋ ਗਿਆ। ਇਸ ਦੌਰਾਨ ਡੱਡੂ ਮਾਜਰਾ ਕਲੋਨੀ ਦੇ ਵਸਨੀਕਾਂ ਨੇ ਨਗਰ ਨਿਗਮ ਤੋਂ ਸਵਾਲ ਕੀਤਾ ਕਿ ਉਨ੍ਹਾਂ ਨੂੰ ਇਸ ਡੰਪਿੰਗ ਗਰਾਊਂਡ ਦੇ ਸੰਤਾਪ ਤੋਂ ਆਜ਼ਾਦੀ ਕਦੋਂ ਮਿਲੇਗੀ। ਫਾਸਵੇਕ ਦੇ ਪ੍ਰਧਾਨ ਬਲਜਿੰਦਰ ਸਿੰਘ ਬਿੱਟੂ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਡੰਪਿੰਗ ਗਰਾਊਂਡ ਦਾ ਮੁੱਦਾ ਚੰਡੀਗੜ੍ਹ ਪ੍ਰਸ਼ਾਸਨ ਕੋਲ ਚੁੱਕਣਗੇ ਅਤੇ ਇਸ ਸਮੱਸਿਆ ਦਾ ਹੱਲ ਕਰਵਾਉਣ ਦਾ ਯਤਨ ਕਰਨਗੇ। ਇਸ ਮੌਕੇ ਕਮੇਟੀ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।