ਆਤਿਸ਼ ਗੁਪਤਾ
ਚੰਡੀਗੜ੍ਹ, 21 ਫਰਵਰੀ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕੌਮੀ ਰਾਜਧਾਨੀ ਵਿੱਓ ਚੱਲ ਰਹੇ ਕਿਸਾਨੀ ਘੋਲ ਦੀ ਹਮਾਇਤ ਵਿੱਚ ਲੋਕ ਆਪ ਮੁਹਾਰੇ ਸ਼ਾਮਲ ਹੋ ਰਹੇ ਹਨ। ਰੋਜ਼ਾਨਾ ਸ਼ਾਮੀਂ ਵੱਡੀ ਗਿਣਤੀ ਵਿੱਚ ਲੋਕ ਮਟਕਾ ਚੌਕ, ਲੇਬਰ ਚੌਕ ਅਤੇ ਇਲਾਂਤੇ ਮਾਲ ਨੇੜੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਅੱਜ ਵੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।
ਪ੍ਰਦਰਸ਼ਨਕਾਰੀਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ’ਤੇ ਲਿਆਂਦੇ ਤਿੰਨ ਕਾਨੂੰਨ ਖੇਤੀਬਾੜੀ ਨੂੰ ਤਬਾਹ ਕਰਕੇ ਰੱਖ ਦੇਣਗੇ। ਉਨ੍ਹਾਂ ਕਿਹਾ ਕਿ ਦਿੱਲੀ ਮੋਰਚਿਆਂ ਦੌਰਾਨ ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਲਈ ਤਿਆਰ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਰੱਦ ਕਰਕੇ ਐੱਮਐੱਸਪੀ ’ਤੇ ਫ਼ਸਲਾ ਦੀ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਲਿਆਂਦਾ ਜਾਵੇ। ਇਸ ਮੌਕੇ ਸੇਵਾਮੁਕਤ ਆਈਏਐੱਸ ਅਧਿਕਾਰੀ, ਨੌਜਵਾਨ, ਮਹਿਲਾਵਾਂ, ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
ਬਨੂੜ (ਕਰਮਜੀਤ ਸਿੰਘ ਚਿੱਲਾ): ਇੱਥੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ਉੱਤੇ ਪਿੰਡ ਅਜ਼ੀਜ਼ਪੁਰ ਦੇ ਟੌਲ ਪਲਾਜ਼ਾ ਉੱਤੇ ਕਿਸਾਨ ਜਥੇਬੰਦੀਆਂ ਦਾ ਧਰਨਾ ਅੱਜ 133ਵੇਂ ਦਿਨ ਵਿੱਚ ਦਾਖਿਲ ਹੋ ਗਿਆ ਹੈ। ਕਿਸਾਨ ਆਗੂਆਂ ਕਿਰਪਾਲ ਸਿੰਘ ਸਿਆਊ, ਮੋਹਨ ਸਿੰਘ ਸੋਢੀ, ਲਖਵਿੰਦਰ ਸਿੰਘ ਕਰਾਲਾ, ਜਗਜੀਤ ਸਿੰਘ ਕਰਾਲਾ, ਪ੍ਰੇਮ ਸਿੰਘ ਬਨੂੜ, ਦਵਿੰਦਰ ਸਿੰਘ, ਯਾਦਵਿੰਦਰ ਸਿੰਘ ਕਰਾਲਾ, ਮਿਸਤਰੀ ਦਿਆਲ ਸਿੰਘ, ਸਾਧੂ ਸਿੰਘ ਭੁੱਡਾ ਦੀ ਅਗਵਾਈ ਹੇਠ ਅੱਜ ਕਿਸਾਨਾਂ ਦੀ ਇਕੱਤਰਤਾ ਹੋਈ। ਇਸ ਮੌਕੇ ਕਿਸਾਨਾਂ ਨੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਨਿੱਤ ਦਿਨ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਆਖਿਆ ਕਿ ਕੇਂਦਰ ਸਰਕਾਰ ਦੇਸ਼ ਵਾਸੀਆਂ ਉੱਤੇ ਲਗਾਤਾਰ ਮਹਿੰਗਾਈ ਦਾ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਮੰਡੀ ਵਿੱਚ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਦੇਸ਼ ਵਿੱਚ ਰੋਜ਼ਾਨਾ ਕੀਮਤਾਂ ਵਧ ਰਹੀਆਂ ਹਨ, ਜਿਸ ਨੂੰ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਇਸ ਮੌਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਰਣਨੀਤੀ ਉਲੀਕੀ। ਉਨ੍ਹਾਂ ਦੱਸਿਆ ਕਿ ਪਿੰਡ ਪੱਧਰ ਉੱਤੇ ਮੀਟਿੰਗਾਂ ਦਾ ਸਿਲਸਿਲਾ ਆਰੰਭ ਕਰਕੇ ਕਿਸਾਨਾਂ ਨੂੰ ਦਿੱਲੀ ਜਾਣ ਲਈ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਕੇਂਦਰ ਉੱਤੇ ਤਿੱਖੇ ਹਮਲੇ ਕਰਦਿਆਂ ਕਾਲੇ ਕਾਨੂੰਨਾਂ ਦੇ ਖਾਤਮੇ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ।
ਟੌਲ ਪਲਾਜ਼ਿਆਂ ’ਤੇ ਡਟੇ ਕਿਸਾਨ
ਪੰਚਕੂਲਾ: ਚੰਡੀਮੰਦਰ ਅਤੇ ਨੱਗਲ-ਬਰਵਾਲਾ ਟੌਲ ਪਲਾਜ਼ਿਆਂ ਉੱਤੇ ਆਸਪਾਸ ਦੇ ਪਿੰਡਾਂ ਵਾਲੇ ਕਿਸਾਨਾਂ ਦਾ ਵਧੇਰੇ ਇਕੱਠ ਹੋ ਰਿਹਾ ਹੈ। ਇਸ ਧਰਨੇ ਵਿੱਚ ਸ਼ਾਮਲ ਕਿਸਾਨ ਕਰਮ ਸਿੰਘ ਅਤੇ ਡਾਕਟਰ ਹਰਨੇਕ ਸਿੰਘ ਆਦਿ ਨੇ ਦੱਸਿਆ ਕਿ ਜੇ ਸਰਕਾਰ ਨੇ ਜ਼ਮੀਨਾਂ ਖੋਹ ਲਈਆਂ ਤਾਂ ਜਿੱਥੇ ਉਨ੍ਹਾਂ ਦਾ ਰੁਜ਼ਗਾਰ ਚਲਾ ਜਾਵੇਗਾ, ਉੱਥੇ ਹੀ ਆਮ ਲੋਕਾਂ ਲਈ ਰੋਟੀ ਦਾ ਜੁਗਾੜ ਕਰਨਾ ਵੀ ਮੁਸ਼ਕਿਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਆਪਣੀ ਰੋਜ਼ੀ ਅਤੇ ਅਨਾਜ ਦੀ ਲੁੱਟ ਖ਼ਿਲਾਫ਼ ਡਟੇ ਰਹਿਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਨੇ ਦੱਸਿਆ ਕਿ ਜਦੋਂ ਤੱਕ ਕਿਸਾਨ ਵਿਰੋਧੀ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ ਤਦ ਤੱਕ ਇਹ ਧਰਨਾ ਜਾਰੀ ਰਹੇਗਾ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਜੋਸ਼ ਅਤੇ ਜਜ਼ਬੇ ਵਿੱਚ ਕੋਈ ਘਾਟ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਤਹਿਤ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਨੂੰ ਲੋਕਾਂ ਦੀ ਲੁੱਟ ਕਰਨ ਦਾ ਰਾਹ ਖੋਲ੍ਹ ਦਿੱਤਾ ਹੈ। -ਪੱਤਰ ਪ੍ਰੇਰਕ