Chandigarh anti-drug campaign: ਨਸ਼ਿਆਂ ਖ਼ਿਲਾਫ਼ ਪੁਲੀਸ ਕਪਤਾਨ ਸੜਕ ’ਤੇ ਨਿੱਤਰੀ
w ਵੱਖ-ਵੱਖ ਇਲਾਕਿਆਂ ’ਚ ਚੈਕਿੰਗ ਕੀਤੀ; ਪੁਲੀਸ ਨੇ ਚਾਰ ਦਿਨਾਂ ਵਿੱਚ 32 ਕੇਸ ਦਰਜ ਕਰ ਕੇ 33 ਨਸ਼ਾ ਤਸਕਰ ਫੜੇ
ਪੰਜਾਬ ਦੇ ਰਾਜਪਾਲ ਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਸਿਟੀ ਬਿਊਟੀਫੁਲ ਚੰਡੀਗੜ੍ਹ ਨੂੰ 30 ਸਤੰਬਰ ਤੱਕ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਸਖਤੀ ਨਾਲ ਕੰਮ ਕੀਤਾ ਜਾ ਰਿਹਾ ਹੈ। ਅੱਜ ਚੰਡੀਗੜ੍ਹ ਦੀ ਐੱਸ ਐੱਸ ਪੀ ਕੰਵਰਦੀਪ ਕੌਰ ਖ਼ੁਦ ਨਸ਼ਿਆਂ ਦੇ ਖਾਤਮੇ ਲਈ ਸੜਕਾਂ ’ਤੇ ਉਤਰੀ ਹੈ, ਜਿਨ੍ਹਾਂ ਵੱਲੋਂ ਮਲੋਆ ਸਣੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਐੱਸ ਐੱਸ ਪੀ ਨੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਨਸ਼ਾ ਤਸਕਰੀ ਕਰਦਾ ਹੈ ਤਾਂ ਉਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਜਾਵੇ। ਪੁਲੀਸ ਵੱਲੋਂ ਨਸ਼ਾ ਤਸਕਰ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਚੰਡੀਗੜ੍ਹ ਪੁਲੀਸ ਦੇ ਐੱਸ ਪੀ, ਡੀ ਐੱਸ ਪੀ ਤੇ ਵੱਖ-ਵੱਖ ਥਾਣਿਆਂ ਦੇ ਐੱਸ ਐੱਚ ਓ ਵੱਲੋਂ ਵੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਗਸ਼ਤ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਅਪਰਾਧ ਪਿਛੋਕੜ ਵਾਲੇ ਵਿਅਕਤੀਆਂ ਤੋਂ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਪੁਲੀਸ ਨੇ ਪਿਛਲੇ ਚਾਰ ਦਿਨਾਂ ਦੌਰਾਨ ਸ਼ਹਿਰ ਵਿੱਚ ਨਸ਼ਾ ਤਸਕਰੀ ਕਰਨ ਵਾਲਿਆਂ ਵਿਰੁੱਧ 32 ਕੇਸ ਦਰਜ ਕਰ ਕੇ 33 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਪੁਲੀਸ ਨੇ 324.663 ਗ੍ਰਾਮ ਹੈਰੋਇਨ, 15 ਟੀਕੇ, 7 ਕੁਮਾਣੀਦਾਰ ਚਾਕੂ ਅਤੇ ਹੁੱਕਾ ਬਰਾਮਦ ਕੀਤਾ ਗਿਆ। ਪੁਲੀਸ ਨੇ 171 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ਼ਹਿਰ ਨੂੂੰ 30 ਸਤੰਬਰ ਤੱਕ ਨਸ਼ਿਆਂ ਤੋਂ ਮੁਕਤ ਕਰਨ ਦਾ ਟੀਚਾ ਮਿਥਿਆ ਹੈ।

