ਆਤਿਸ਼ ਗੁਪਤਾ
ਚੰਡੀਗੜ੍ਹ, 21 ਫਰਵਰੀ
ਚੰਡੀਗੜ੍ਹ ਕਾਂਗਰਸ ਦੇ ਨਵੇਂ ਪ੍ਰਧਾਨ ਸੁਭਾਸ਼ ਚਾਵਲਾ ਨੇ ਰਸਮੀ ਤੌਰ ’ਤੇ ਅੱਜ ਆਪਣਾ ਅਹੁਦਾ ਸਾਂਭ ਲਿਆ ਹੈ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੁਭਾਸ਼ ਚਾਵਲਾ ਨੂੰ ਪ੍ਰਧਾਨ ਦੀ ਕੁਰਸੀ ’ਤੇ ਬਿਠਾਇਆ।
ਪਾਰਟੀ ਇੰਚਾਰਜ ਹਰੀਸ਼ ਰਾਵਤ ਨੇ ਛੇ ਸਾਲ ਪ੍ਰਧਾਨ ਰਹੇ ਪ੍ਰਦੀਪ ਛਾਬੜਾ ਨੂੰ ਸਨਮਾਨਿਤ ਕੀਤਾ, ਜਿਨ੍ਹਾਂ ਮੁਸ਼ਕਿਲਾਂ ਭਰੇ ਸਮੇਂ ਵਿੱਚ ਪਾਰਟੀ ਦੀ ਕਮਾਨ ਸਾਂਭੀ ਰੱਖੀ। ਇਸ ਦੇ ਨਾਲ ਹੀ ਨਵੇਂ ਪ੍ਰਧਾਨ ਸੁਭਾਸ਼ ਚਾਵਲਾ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੂੰ ਸਨਮਾਨਿਤ ਕੀਤਾ। ਸ੍ਰੀ ਰਾਵਤ ਨੇ ਸ੍ਰੀ ਚਾਵਲਾ ਨੂੰ ਨਿਗਮ ਚੋਣਾਂ ਵਿੱਚ ਜਿੱਤ ਹਾਸਿਲ ਕਰਨ ਦੀ ਜ਼ਿੰਮੇਵਾਰੀ ਸੌਂਪੀ। ਉਨ੍ਹਾਂ ਭਰੋਸਾ ਦਿੱਤਾ ਕਿ ਸੁਭਾਸ਼ ਚਾਵਲਾ ਸਭ ਨੂੰ ਨਾਲ ਲੈ ਕੇ ਚੱਲਣਗੇ ਅਤੇ ਕਾਂਗਰਸ ਪਾਰਟੀ ਦੀ ਝੰਡਾ ਘਰ-ਘਰ ਤੱਕ ਪਹੁੰਚਾਉਣਗੇ।
ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਕਾਂਗਰਸ ਪਾਰਟੀ ਪਹਿਲੇ ਦਿਨ ਤੋਂ ਆਮ ਲੋਕਾਂ ਦੀ ਪਾਰਟੀ ਹੈ ਅਤੇ ਆਮ ਲੋਕਾਂ ਦੇ ਹਿੱਤ ਵਿੱਚ ਫ਼ੈਸਲੇ ਲੈਂਦੀ ਆ ਰਹੀ ਹੈ ਪਰ ਮੌਜੂਦਾ ਸਮੇਂ ਦੇਸ਼ ਵਿੱਚ ਕਾਬਜ਼ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਲੋਕ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਕਾਫੀ ਨਾਰਾਜ਼ ਹਨ। ਇਸੇ ਕਰਕੇ ਪੰਜਾਬ ਵਿੱਚ ਹੋਏ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਨੂੰ ਵੱਡੇ ਅੰਤਰ ਨਾਲ ਜਿੱਤ ਪ੍ਰਾਪਤ ਹੋਈ ਹੈ।
ਉਨ੍ਹਾਂ ਕਾਂਗਰਸੀ ਆਗੂਆਂ ਨੂੰ ਸਾਲ 2024 ਦੀਆਂ ਚੋਣਾਂ ਲਈ ਤਿਆਰੀਆਂ ਕਰਨ ਦਾ ਸੱਦਾ ਦਿੰਦਿਆ ਕਿਹਾ ਕਿ ਚੰੜੀਗੜ੍ਹ ਵਿੱਚ ਭਾਜਪਾ ਉੱਤਰ ਪ੍ਰਦੇਸ਼, ਬਿਹਾਰ ਅਤੇ ਹੋਰਨਾਂ ਸੂਬਿਆਂ ਤੋਂ ਆਏ ਲੋਕਾਂ ਨੂੰ ਰੁਜ਼ਗਾਰ ਨਹੀਂ ਦੇ ਰਹੀ ਹੈ ਜਦਕਿ ਪੰਜਾਬ ਵਿੱਚ ਹਰ ਕਿਸੇ ਭਾਰਤੀ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ।
ਚੰਡੀਗੜ੍ਹ ਕਾਂਗਰਸ ਦੇ ਨਵੇਂ ਪ੍ਰਧਾਨ ਸੁਭਾਸ਼ ਚਾਵਲਾ ਨੇ ਸ਼ਹਿਰ ਦੇ ਸਾਰੇ ਕਾਂਗਰਸੀ ਆਗੂਆਂ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਅਗਾਮੀ ਨਗਰ ਨਿਗਮ ਚੋਣਾਂ ਲਈ ਬਲਾਕ ਅਤੇ ਬੂਥ ਪੱਧਰ ’ਤੇ ਤਿਆਰੀ ਕੀਤੀ ਜਾਵੇਗੀ। ਇਸ ਵਾਰ ਨਗਰ ਨਿਗਮ ਚੋਣਾਂ ਵਿੱਚ 50 ਫ਼ੀਸਦ ਨਵੇਂ ਚਿਹਰਿਆਂ ਅਤੇ ਨੌਜਵਾਨਾਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਖੇਤੀ ਕਾਨੂੰਨਾਂ ਸਬੰਧੀ ਕੇਂਦਰ ਦੇ ਰਵਈਏ ਦੀ ਨਿੰਦਾ ਕੀਤੀ।
ਇਸ ਮੌਕੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਗੈਰ ਹਾਜ਼ਰ ਰਹੇ ਜੋ ਸਮਾਗਮ ਤੋਂ ਬਾਅਦ ਬਾਹਰੋਂ ਹੀ ਚਲੇ ਗਏ।
ਛਾਬੜਾ ਨੇ ਸਭ ਨੂੰ ਨਾਲ ਲੈ ਕੇ ਚੱਲਣ ਦੀ ਨਸੀਹਤ ਦਿੱਤੀ
ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਕਿਹਾ ਕਿ ਪਿਛਲੇ 6 ਸਾਲਾਂ ਦੌਰਾਨ ਉਨ੍ਹਾਂ ਭਾਜਪਾ ਦੇ ਲੋਕ ਵਿਰੋਧੀ ਫ਼ੈਸਲਿਆਂ ਦੇ ਡੱਟ ਕੇ ਸਾਹਮਣਾ ਕੀਤਾ ਹੈ। ਉਨ੍ਹਾਂ ਨੇ ਚਾਵਲਾ ਨੂੰ ਸ਼ਹਿਰ ਦੇ ਸਾਰੇ ਕਾਂਗਰਸੀ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਦੀ ਨਸੀਹਤ ਦਿੱਤੀ ਹੈ।