ਚੰਡੀਗੜ੍ਹ ਨੂੰ ਮਿਲੀਆਂ 328 ਹੋਰ ਇਲੈਕਟ੍ਰਿਕ ਬੱਸਾਂ
ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਸ਼ਹਿਰ ਨੂੰ ਕਾਰਬਨ ਮੁਕਤ ਸ਼ਹਿਰ ਬਣਾਉਣ ਲਈ ਪ੍ਰਧਾਨ ਮੰਤਰੀ ਈ ਬੱਸ ਸਰਵਿਸ ਸਕੀਮ ਤਹਿਤ 328 ਹੋਰ ਇਲੈਕਟ੍ਰਿਕ ਬੱਸਾਂ ਦੇਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਸਿਟੀ ਬਿਊਟੀਫੁੱਲ ਵਿੱਚ ਸਾਰੀਆਂ ਬੱਸਾਂ ਦੇ ਇਲੈਕਟ੍ਰਿਕ ਹੋਣ ਨਾਲ ਸਿਟੀ...
ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਸ਼ਹਿਰ ਨੂੰ ਕਾਰਬਨ ਮੁਕਤ ਸ਼ਹਿਰ ਬਣਾਉਣ ਲਈ ਪ੍ਰਧਾਨ ਮੰਤਰੀ ਈ ਬੱਸ ਸਰਵਿਸ ਸਕੀਮ ਤਹਿਤ 328 ਹੋਰ ਇਲੈਕਟ੍ਰਿਕ ਬੱਸਾਂ ਦੇਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਸਿਟੀ ਬਿਊਟੀਫੁੱਲ ਵਿੱਚ ਸਾਰੀਆਂ ਬੱਸਾਂ ਦੇ ਇਲੈਕਟ੍ਰਿਕ ਹੋਣ ਨਾਲ ਸਿਟੀ ਬਿਊਟੀਫੁੱਲ ਕਾਰਬਨ ਮੁਕਤ ਸ਼ਹਿਰ ਬਨਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧੇਗਾ। ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਲਈ 328 ਇਲੈਕਟ੍ਰਿਕ ਬੱਸਾਂ ਨੂੰ ਮਨਜ਼ੂਰੀ ਦੇਣ ’ਤੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਸ਼ਹਿਰ ਲਈ 328 ਇਲੈਕਟ੍ਰਿਕ ਬੱਸਾਂ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪਹਿਲਾਂ 100 ਇਲੈਕਟ੍ਰਿਕ ਬੱਸਾਂ ਚੱਲ ਰਹੀਆਂ ਹਨ। ਇਸ ਤਰ੍ਹਾਂ ਚੰਡੀਗੜ੍ਹ ਵਿੱਚ ਇਲੈਕਟ੍ਰਿਕ ਬੱਸਾਂ ਦੀ ਗਿਣਤੀ 428 ਹੋ ਜਾਵੇਗੀ।
ਸ੍ਰੀ ਕਟਾਰੀਆ ਨੇ ਕਿਹਾ ਕਿ ਚੰਡੀਗੜ੍ਹ ਟਰਾਂਸਪੋਰਟ ਵਿੱਚ ਮੌਜੂਦ ਸਾਰੀਆਂ ਬੱਸਾਂ ਨੂੰ ਪੜਾਅਵਾਰ ਢੰਗ ਨਾਲ ਇਲੈਕਟ੍ਰਿਕ ਬੱਸਾਂ ਵਿੱਚ ਤਬਦੀਲ ਕਰਨ ਦੀ ਲੋੜ ਹੈ, ਤਾਂ ਜੋ ‘ਸਿਟੀ ਬਿਊਟੀਫੁੱਲ’ ਜਲਦੀ ਹੀ ਕਾਰਬਨ-ਮੁਕਤ ਸ਼ਹਿਰ ਬਣ ਸਕੇ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਸਵੱਛ ਟਰਾਂਸਪੋਰਟ ਨੂੰ ਅਪਣਾਉਣ ਤੇ ਵਾਤਾਵਰਨ ਪ੍ਰਦੂਸ਼ਣ ਨੂੰ ਘਟਾਉਣ ਲਈ ਯੂਟੀ ਪ੍ਰਸ਼ਾਸਨ ਦੀ ਲੋੜੀਂਦੀ ਮੰਗ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ 328 ਬੱਸਾਂ ਵਿੱਚੋਂ 100 ਬੱਸਾਂ ਜਲਦ ਹੀ ਯੂਟੀ ਪ੍ਰਸ਼ਾਸਨ ਨੂੰ ਮਿਲ ਜਾਣਗੀਆਂ। ਇਨ੍ਹਾਂ ਬੱਸਾਂ ਦੀ ਆਮਦ ਨਾਲ ਚੰਡੀਗੜ੍ਹ ਟਰਾਂਸਪੋਰਟ ਵਿਭਾਗ ਵੱਲੋਂ ਟ੍ਰਾਈਸਿਟੀ ਦੇ ਅੰਦਰੁਨੀ ਰੂਟਾਂ ਤੋਂ ਇਲਾਵਾ ਅੰਤਰ-ਰਾਜੀ ਰੂਟਾਂ ’ਤੇ ਵੀ ਇਲੈਕਟ੍ਰਿਕ ਬੱਸਾਂ ਚਲਾਈਆਂ ਜਾ ਸਕਣਗੀਆਂ।

