ਚੰਡੀਗੜ੍ਹ: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਮਿਲਣਗੀਆਂ ਕਿਤਾਬਾਂ
ਆਤਿਸ਼ ਗੁਪਤਾ
ਚੰਡੀਗੜ੍ਹ, 7 ਜੂਨ
ਯੂਟੀ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਗਲੇ ਸੈਸ਼ਨ ਤੋਂ ਪਹਿਲੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੂੰ ਮੁਫ਼ਤ ਪਾਠ ਪੁਸਤਕਾਂ ਪ੍ਰਦਾਨ ਕਰਨ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਇਸ ਮਤੇ ਨੂੰ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ। ਯੂਟੀ ਪ੍ਰਸ਼ਾਸਨ ਦੀ ਇਸ ਪਹਿਲਕਦਮੀ ਨਾਲ ਸ਼ਹਿਰ ਦੇ 111 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਡੇਢ ਲੱਖ ਦੇ ਕਰੀਬ ਵਿਦਿਆਰਥੀਆਂ ਨੂੰ ਲਾਭ ਮਿਲੇਗਾ।
ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਨੇ ਕਿਹਾ ਕਿ ਪਹਿਲੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਮੁਹੱਈਆ ਕਰਵਾਉਣ ਨਾਲ ਕੋਈ ਵੀ ਵਿਦਿਆਰਥੀ ਆਰਥਿਕ ਤੰਗੀ ਕਰ ਕੇ ਸਿੱਖਿਆ ਤੋਂ ਵਾਂਝਾ ਨਹੀਂ ਰਹਿ ਸਕੇਗਾ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀ ਪ੍ਰੀਖਿਆ ਲਈ ਹੋਰ ਸਿੱਖਿਅਤ ਕਰਨ ਦੀ ਯੋਜਨਾ ਵੀ ਤਿਆਰ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਪ੍ਰਸ਼ਾਸਕ ਨੇ 10ਵੀਂ ਤੇ 12ਵੀਂ ਦੀ ਪ੍ਰੀਖਿਆਂ ਵਿੱਚ ਵਧੀਆ ਅੰਕ ਲੈਣ ਵਾਲੇ ਗਰੁੱਬ ‘ਬੀ’, ‘ਸੀ’ ਤੇ ‘ਡੀ’ ਕਰਮਚਾਰਿਆਂ ਦੇ 16 ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਆ ਗਿਆ ਹੈ। ਇਸ ਤੋਂ ਇਲਾਵਾ ਪ੍ਰਸ਼ਾਸਕ ਨੇ ਨੀਟ ਤੇ ਜੇਈਈ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਹੈ।
ਹੋਣਹਾਰ ਵਿਦਿਆਰਥੀਆਂ ਨੂੰ ਯੂਪੀਐੱਸਸੀ ਦੀ ਦਿੱਤੀ ਜਾਵੇਗੀ ਮੁਫ਼ਤ ਕੋਚਿੰਗ
ਯੂਟੀ ਪ੍ਰਸ਼ਾਸਨ ਵੱਲੋਂ 12ਵੀਂ ਜਮਾਤ ਵਿੱਚ 85 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਅਤੇ ਮਾਰਗਦਰਸ਼ਨ ਦੇਣ ਦੀ ਯੋਜਨਾ ਵੀ ਤਿਆਰ ਕੀਤੀ ਜਾ ਰਹੀ ਹੈ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਨੇ ਕਿਹਾ ਕਿ ਬਹੁਤ ਸਾਰੇ ਹੋਣਹਾਰ ਵਿਦਿਆਰਥੀ ਸਕੂਲ ਤੋਂ ਬਾਅਦ ਮਹਿੰਗੀ ਕੋਚਿੰਗ ਹਾਸਲ ਕਰਨ ਵਿੱਚ ਅਸਮਰੱਥ ਰਹਿੰਦੇ ਹਨ। ਇਸ ਕਰ ਕੇ ਉਹ ਕੋਚਿੰਗ ਨਹੀਂ ਲੈ ਸਕਦੇ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ ਦੇਣ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ।