ਆਤਿਸ਼ ਗੁਪਤਾ
ਚੰਡੀਗੜ੍ਹ, 9 ਅਕਤੂਬਰ
ਰਾਸ਼ਟਰਪਤੀ ਦਰੋਪਦੀ ਮੁਰਮੂ ਅੱਜ ਚੰਡੀਗੜ੍ਹ ਦੇ ਸੈਕਟਰ-12 ’ਚ ਸਥਿਤ ਪੰਜਾਬ ਇੰਜਨੀਅਰਿੰਗ ਕਾਲਜ ਦੀ 52ਵੀਂ ਕਨਵੋਕੇਸ਼ਨ ਵਿੱਚ ਪਹੁੰਚੇ। ਰਾਸ਼ਟਰਪਤੀ ਨੇ ਵੱਖ-ਵੱਖ ਖੇਤਰਾਂ ’ਚ ਨਾਮ ਖੱਟਣ ਵਾਲੇ 14 ਵਿਦਿਆਰਥੀਆਂ ਨੂੰ ਵਿਸ਼ੇਸ਼ ਮੈਡਲ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ 871 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ, ਜਿਨ੍ਹਾਂ ਵਿੱਚ ਬੀਟੈੱਕ ਦੇ 669, ਐੱਮਟੈੱਕ ਦੇ 168 ਅਤੇ ਪੀਐੱਚਡੀ ਦੇ 34 ਵਿਦਿਆਰਥੀ ਸ਼ਾਮਲ ਹਨ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੈਅ ਨੇ ਵੀ ਸ਼ਮੂਲੀਅਤ ਕੀਤੀ। ਰਾਸ਼ਟਰਪਤੀ ਨੇ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥਣਾਂ ਦੀ ਗਿਣਤੀ ਵਧਣ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਤਕਨੀਕੀ ਸਿੱਖਿਆ ਵਿੱਚ ਵਿਦਿਆਰਥਣਾਂ ਦੀ ਗਿਣਤੀ ਵਧਣ ਨਾਲ ਦੇਸ਼ ਦੀ ਤਰੱਕੀ ਵਿੱਚ ਤੇਜ਼ੀ ਆਵੇਗੀ। ਰਾਸ਼ਟਰਪਤੀ ਨੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਦੀ ਥਾਂ ਰੁਜ਼ਗਾਰ ਦੇ ਸਾਧਨ ਪੈਦਾ ਕਰਨ ’ਤੇ ਜ਼ੋਰ ਦਿੱਤਾ।