ਚੰਡੀਗੜ੍ਹ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹੈ: ਕਟਾਰੀਆ
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਰਾਜਸਥਾਨ ਦੇ ਉਦੈਪੁਰ ਵਿੱਚ ਹੋਈ ਦੋ ਦਿਨਾਂ ‘ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਟੂਰਿਜ਼ਮ ਮੰਤਰੀਆਂ ਦੇ ਸੰਮੇਲਨ’ ਸ਼ਿਰਕਤ ਕੀਤੀ। ਇਸ ਦੌਰਾਨ ਦੇਸ਼ ਨੂੰ ਸੈਰ ਸਪਾਟੇ ਦੇ ਖੇਤਰ ਵਿੱਚ ਵਿਕਸਿਤ ਕਰਨ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਫੈਸਲਾ ਕੀਤਾ ਗਿਆ ਕਿ ਹਰੇਕ ਸੂਬੇ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਇੱਕ-ਇੱਕ ਅਜਿਹੀ ਥਾਂ ਵਿਕਸਿਤ ਕੀਤੀ ਜਾਵੇ, ਜਿਸ ਨੂੰ ਸੈਰ ਸਪਾਟੇ ਦੇ ਖੇਤਰ ਵਿੱਚ ਦੁਨੀਆਂ ਭਰ ਵਿੱਚ ਪ੍ਰਫੁੱਲਤ ਕੀਤਾ ਜਾ ਸਕੇ। ਪੰਜਾਬ ਦੇ ਰਾਜਪਾਲ ਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਨੂੰ ਦੁਨੀਆ ਭਰ ਵਿੱਚ ਸੈਰ ਸਪਾਟੇ ਦੇ ਖੇਤਰ ਵਿੱਚ ਵਿਕਸਿਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਲਈ ਸ਼ਹਿਰ ਦੀ ਗ੍ਰੀਨ ਕਵਰ ਏਰੀਆ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਸ਼ਹਿਰ ਦਾ ਗ੍ਰੀਨ ਕਵਰ ਏਰੀਆ 45 ਤੋਂ ਵਧਾ ਕੇ 51 ਫ਼ੀਸਦੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰ ਵਿਚਲੇ ਕੈਪੀਟਲ ਕੰਪਲੈਕਸ, ਰੌਕ ਗਾਰਡਨ, ਸੁਖਨਾ ਝੀਲ, ਲੀ ਕਾਰਬੁੂਜ਼ੀਅਰ ਸੈਂਟਰ, ਸਰਕਾਰੀ ਅਜਾਇਬ ਘਰ ਅਤੇ ਆਰਟ ਗੈਲਰੀ ਵਰਗੀਆਂ ਪ੍ਰਮੁੱਖ ਥਾਵਾਂ ਨੂੰ ਵੀ ਸੈਰ ਸਪਾਟਾ ਮੰਤਰਾਲੇ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਕਈ ਹੋਰ ਸੈਰ ਸਪਾਟੇ ਦੀਆਂ ਥਾਵਾਂ ਵੀ ਵਿਕਸਿਤ ਕੀਤੀਆਂ ਜਾ ਰਹੀਆਂ ਹਨ।