DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੰਡੀਗੜ੍ਹ ਨੂੰ ਦੇਸ਼ ਦਾ ਨੰਬਰ ਇੱਕ ਸ਼ਹਿਰ ਬਣਾਏ ਰੱਖਣ ਲਈ ਹੋਰ ਕੰਮ ਕਰਨ ਦੀ ਲੋੜ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਵੱਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ; ਕਿਰਨ ਖੇਰ ਦੀ ਗ਼ੈਰਹਾਜ਼ਰੀ ਨੇ ਚਰਚਾ ਛੇੜੀ
  • fb
  • twitter
  • whatsapp
  • whatsapp
featured-img featured-img
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੋਮੈਂਟੋ ਭੇਟ ਕਰਦੇ ਹੋਏ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ। -ਫੋਟੋ: ਰਵੀ ਕੁਮਾਰ
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 22 ਦਸੰਬਰ

Advertisement

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਚੰਡੀਗੜ੍ਹ ਵਿੱਚ 368 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਚੁੱਕੇ 9 ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ 32 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਤਿੰਨ ਨਵੇਂ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ। ਸਮਾਗਮ ਦੌਰਾਨ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਦੀ ਗ਼ੈਰਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਰਹੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸੈਕਟਰ-26 ਚੰਡੀਗੜ੍ਹ ਕਾਲਜ ਫਾਰ ਇੰਜਨੀਅਰਿੰਗ ਟੈਕਨਾਲੋਜੀ (ਸੀਸੀਈਟੀ) ਵਿਖੇ ਪ੍ਰਸ਼ਾਸਨਿਕ ਬਲਾਕ ਤੇ ਵਰਕਸ਼ਾਪ ਬਲਾਕ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ 25 ਟਾਟਾ ਸਫਾਰੀ ਪੀਸੀਆਰ ਤੇ 79 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਪੁਲੀਸ ਕਮਾਂਡ ਤੇ ਕੰਟਰੋਲ ਵਹੀਕਲ (ਬਾਜ਼) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਕੇਂਦਰੀ ਗ੍ਰਹਿ ਮੰਤਰੀ ਨੇ ਵਰਚੁਅਲ ਢੰਗ ਨਾਲ ਸੈਕਟਰ-18 ਵਿਖੇ ਏਅਰ ਫੋਰਸ ਹੈਰੀਟੇਜ ਸੇਂਟਰ ਵਿੱਚ ਸਾਈਬਰ ਸੁਰੱਖਿਆ ਲਈ ਬਣਾਏ ਸੈਂਟ੍ਰਲ ਕੋਪਸ ਸੇਂਟਰ, ਪੈੱਕ ਵਿੱਚ ਲੜਕਿਆਂ ਦੇ ਹੋਸਟਲ, ਪਿੰਡ ਰਾਏਪੁਰ ਕਲਾਂ, ਰਾਏਪੁਰ ਖੁਰਦ ’ਚ ਸੀਵਰੇਜ ਟਰੀਟਮੈਂਟ ਪਲਾਂਟ, ਪਲਸੋਰਾ ਸਕੂਲ ’ਚ ਨਵੀਂ ਬਿਲਡਿੰਗ ਤੇ ਪੁਲੀਸ ਕੰਪਲੈਕਸ ਧਨਾਸ ਵਿੱਚ ਟਾਈਪ-2 ਦੇ 192 ਘਰਾਂ ਦਾ ਉਦਘਾਟਨ ਕੀਤਾ। ਕੇਂਦਰੀ ਗ੍ਰਹਿ ਮੰਤਰੀ ਨੇ ਸੈਕਟਰ-16 ਦੇ ਸਰਕਾਰੀ ਹਸਪਤਾਲ ’ਚ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਪਿੰਡ ਸਾਰੰਗਪੁਰ ਤੇ ਕਰਨਾਸ ਵਿਖੇ ਸਰਕਾਰੀ ਸਕੂਲ ਦੀ ਨਵੀਂ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਵੱਲੋਂ 44 ਏਐੱਸਆਈ ਤੇ 700 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸ਼ਾਹ ਨੇ ਕਿਹਾ ਕਿ ਚੰਡੀਗੜ੍ਹ ਨੂੰ ਦੇਸ਼ ਦਾ ਨੰਬਰ ਇੱਕ ਸ਼ਹਿਰ ਬਣਾਈ ਰੱਖਣ ਲਈ ਹੋਰ ਕੰਮ ਕਰਨ ਦੀ ਲੋੜ ਹੈ। ਇਸ ਤੋਂ ਪਹਿਲਾਂ ਯੂਟੀ ਦੇ ਗ੍ਰਹਿ ਸਕੱਤਰ ਤੇ ਕਾਰਜਕਾਰੀ ਸਲਾਹਕਾਰ ਨਿਤੀਨ ਕੁਮਾਰ ਯਾਦਵ ਨੇ ਕੇਂਦਰੀ ਗ੍ਰਹਿ ਮੰਤਰੀ ਦਾ ਸਵਾਗਤ ਕੀਤਾ।

ਯੂਟੀ ਦੇ ਪ੍ਰਸ਼ਾਸਕ ਵੱਲੋਂ ਜਲਦੀ ਸਲਾਹਕਾਰ ਨਿਯੁਕਤ ਕਰਨ ਦੀ ਮੰਗ

ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਲੀ ਲਾਲ ਪੁਰੋਹਿਤ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੂਹਰੇ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਜਲਦ ਨਿਯੁਕਤ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸ਼ਹਿਰ ਵਿੱਚ ਕੂੜੇ ਦਾ ਖਾਤਮਾ ਕਰਨਾ ਸਭ ਤੋਂ ਵੱਡੀ ਸਮੱਸਿਆ ਸੀ, ਪਰ ਅੱਜ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਚੰਡੀਗੜ੍ਹ ਵਿੱਚੋਂ ਕੂੜੇ ਦੇ ਢੇਰ ਨੂੰ ਘਟਾ ਦਿੱਤਾ ਹੈ ਅਤੇ ਸਿਟੀ ਬਿਊਟੀਫੁੱਲ ਬਣਾਉਣ ਲਈ ਪੂਰੇ ਯਤਨ ਕੀਤੇ ਜਾਣਗੇ।

ਕਈ ਮਾਰਗਾਂ ’ਤੇ ਆਵਾਜਾਈ ਬੰਦ ਹੋਣ ਕਾਰਨ ਲੋਕ ਹੋਏ ਪ੍ਰੇਸ਼ਾਨ

ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਕਾਫ਼ਲੇ ਦੇ ਲੰਘਣ ਦੀ ਉਡੀਕ ਕਰਦੇ ਹੋਏ ਲੋਕ। -ਫੋਟੋ: ਵਿੱਕੀ ਘਾਰੂ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ ਨੂੰ ਲੈ ਕੇ ਟਰੈਫਿਕ ਪੁਲੀਸ ਨੇ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਦੁਪਹਿਰ ਵੇਲੇ ਤੋਂ ਸਖ਼ਤੀ ਕਰ ਦਿੱਤੀ ਸੀ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਦੀ ਆਮਦ ਮੌਕੇ ਦੁਪਹਿਰ ਦੋ ਵਜੇ ਤੋਂ ਸ਼ਾਮ ਪੰਜ ਵਜੇ ਤੱਕ ਅਤੇ ਵਾਪਸੀ ਮੌਕੇ ਸ਼ਾਮ ਛੇ ਤੋਂ ਅੱਠ ਵਜੇ ਤੱਕ ਮੁੜ ਕਈ ਸੜਕਾਂ ਲੋਕਾਂ ਦੀ ਆਵਾਜਾਈ ਲਈ ਬੰਦ ਕਰ ਦਿੱਤੀਆਂ, ਜਿਸ ਕਾਰਨ ਲੋਕ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ। ਕੇਂਦਰੀ ਗ੍ਰਹਿ ਮੰਤਰੀ ਦੇ ਦੌਰੇ ਕਾਰਨ ਸੁਖਨਾ ਪਾਥ, ਸੈਕਟਰ 26 ਅਤੇ ਪੰਜਾਬ ਰਾਜ ਭਵਨ ਸਣੇ ਜ਼ੀਰਕਪੁਰ ਮਾਰਗ ’ਤੇ ਵੀ ਆਵਾਜਾਈ ਪ੍ਰਭਾਵਿਤ ਹੋਈ। ਸਰਕਾਰੀ ਅਤੇ ਹੋਰ ਕੰਮਾਂ ਲਈ ਕੌਮੀ ਰਾਜਧਾਨੀ ਆਏ ਲੋਕਾਂ ਨੂੰ ਵੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਕਈ ਥਾਈਂ ਲੋਕ ਲਾਂਘੇ ਲਈ ਪੁਲੀਸ ਮੁਲਾਜ਼ਮਾਂ ਨੂੰ ਅਪੀਲਾਂ ਵੀ ਕਰਦੇ ਰਹੇ।

Advertisement
×