chandigarh news: ਮੀਂਹ ਨਾਲ ਠੰਢ ਨੇ ਦਿੱਤੀ ਦਸਤਕ
ਪਾਰਾ 6.2 ਡਿਗਰੀ ਸੈਲਸੀਅਸ ਡਿੱਗਿਆ; ਚਾਰ ਦਿਨ ਟੁੱਟਵਾਂ ਮੀਂਹ ਪੈਣ ਦੀ ਪੇਸ਼ੀਨਗੋਈ
ਚੰਡੀਗੜ੍ਹ ਟਰਾਈਸਿਟੀ ਵਿੱਚ ਅੱਜ ਸਵੇਰ ਤੋਂ ਪੈ ਰਹੇ ਮੀਂਹ ਨੇ ਸ਼ਹਿਰ ਨੂੰ ਜਲ-ਥਲ ਕਰ ਕੇ ਰੱਖ ਦਿੱਤਾ ਹੈ। ਮੀਂਹ ਕਰਕੇ ਸ਼ਹਿਰ ਦੀਆਂ ਸਾਰੀਆਂ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ ਹੈ, ਜਿਸ ਕਰਕੇ ਆਮ ਜਨ ਜੀਵਨ ਪ੍ਰਭਾਵਿਤ ਹੋਇਆ।
ਮੀਂਹ ਤੇ ਤੇਜ਼ ਹਵਾਵਾਂ ਕਰਕੇ ਤਾਪਮਾਨ ਵਿੱਚ ਵੀ 6.2 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਠੰਢ ਨੇ ਦਸਤਕ ਦਿੱਤੀ ਹੈ। ਤਾਪਮਾਨ ਡਿੱਗਣ ਕਰਕੇ ਲੋਕ ਅਕਤੂਬਰ ਦੀ ਸ਼ੁਰੂਆਤ ਵਿੱਚ ਹੀ ਗਰਮ ਕਪੜਿਆਂ ਦੀ ਵਰਤੋਂ ਕਰਦੇ ਦਿਖਾਈ ਦਿੱਤੇ ਹਨ। ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ ਅਗਲੇ ਚਾਰ ਦਿਨ 12 ਤੋਂ 15 ਅਕਤੂਬਰ ਤੱਕ ਟੁੱਟਵਾਂ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਸ਼ੁਰੂ ਹੋਇਆ ਮੀਂਹ ਸ਼ਾਮ ਤੱਕ ਪੈਂਦਾ ਰਿਹਾ। ਮੀਂਹ ਕਰਕੇ ਸ਼ਹਿਰ ਦੀਆਂ ਸੜਕਾਂ ’ਤੇ ਪਾਣੀ ਖੜਾ ਹੋ ਗਿਆ, ਜਿਸ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ। ਇਸ ਦੇ ਨਾਲ ਹੀ ਇੰਡਸਟਰੀਅਲ ਏਰੀਆ ਵਿੱਚੋਂ ਲੰਘਦੇ ਰੇਲਵੇ ਅੰਡਰਪਾਸ ਅਤੇ ਸੈਕਟਰ-11 ਤੇ 15 ਵਿਚਕਾਰ ਬਣੇ ਅੰਡਰਪਾਸ ਵਿੱਚ ਵੀ ਪਾਣੀ ਭਰ ਗਿਆ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ 14.4 ਐੱਮ ਐੱਮ ਮੀਂਹ ਪਿਆ ਹੈ। ਜਦੋਂ ਕਿ ਮੁਹਾਲੀ ਵਿੱਚ 16 ਐੱਮ ਐੱਮ ਅਤੇ ਪੰਚਕੂਲਾ ਵਿੱਚ 13.5 ਐੱਮ ਐੱਮ ਮੀਂਹ ਪਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 25.9 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਆਮ ਨਾਲੋਂ 6.2 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਇਸੇ ਦੌਰਾਨ ਘੱਟ ਤੋਂ ਘੱਟ ਤਾਪਮਾਨ 23.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 26.2 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਦਰਜ ਜਦਕਿ ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 25.4 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 21.9 ਡਿਗਰੀ ਦਰਜ ਕੀਤਾ ਗਿਆ।

