ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਫਰਵਰੀ
ਕਿਸਾਨਾਂ ਦੀ ਹਮਾਇਤ ਵਿੱਚ ਚੰਡੀਗੜ੍ਹ ਵਾਸੀਆਂ ਵੱਲੋਂ ਪਿਛਲੇ ਲੰਮੇਂ ਸਮੇਂ ਤੋਂ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਦੌਰਾਨ ਅੱਜ ਸ਼ਹਿਰ ਦੇ ਸੈਕਟਰ-20 ਨੇੜੇ ਲੈਬਰ ਚੌਕ ਵਿੱਚ ਸ਼ਹਿਰ ਵਾਸੀ ਆਪਣੇ ਪਾਲਤੂ ਜਾਨਵਰਾਂ ਸਣੇ ਸੜਕਾਂ ’ਤੇ ਉੱਤਰੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਜਗਾਉਣ ਦੀ ਕੋਸ਼ਿਸ਼ ਕਰਦਿਆਂ ਅੱਜ ‘ਫ਼ਸਲ ਨਹੀਂ ਤਾਂ ਨਸਲ ਨਹੀਂ’ ਦਾ ਨਾਅਰਾ ਦਿੱਤਾ ਗਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀ ਕੁੱਤੇ, ਖ਼ਰਗੋਸ਼, ਤੋਤੇ ਅਤੇ ਹੋਰ ਪਾਲਤੂ ਜਾਨਵਰਾਂ ਨਾਲ ਖੜ੍ਹੇ ਵਿਖਾਈ ਦਿੱਤੇ ਹਨ। ਚੰਡੀਗੜ੍ਹ ਪੈੱਟ ਲਵਰਜ਼ ਐਸੋਸੀਏਸ਼ਨ ਦੇ ਆਗੂ ਸੋਨੂੰ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ’ਤੇ ਲਿਆਂਦੇ ਤਿੰਨੇ ਕਾਨੂੰਨ ਕਿਸਾਨੀ ਨੂੰ ਤਬਾਹ ਕਰ ਦੇਣਗੇ।