ਆਤਿਸ਼ ਗੁਪਤਾ
ਚੰਡੀਗੜ੍ਹ, 9 ਜੁਲਾਈ
ਚੰਡੀਗੜ੍ਹ ਪੁਲੀਸ ਨੇ ਚੋਰੀ ਅਤੇ ਝਪਟਮਾਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਬਬਰੀਆ ਗਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੇ ਪੁੱਛ-ਪੜਤਾਲ ਦੌਰਾਨ ਚੰਡੀਗੜ੍ਹ ਵਿੱਚ ਚੇਨੀਆਂ ਝਪਟਣ ਦੀ ਚਾਰ ਵਾਰਦਾਤਾਂ ਨੂੰ ਕਬੂਲਿਆ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਚੰਡੀਗੜ੍ਹ ਪੁਲੀਸ ਦੀ ਅਪਰਾਧ ਸ਼ਾਖਾ ਵੱਲੋਂ ਕੀਤੀ ਗਈ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਨਿਲ, ਹਰੀ ਪ੍ਰਕਾਸ਼, ਰਾਜੀਵ ਵਾਸੀਅਨ ਸ਼ਾਮਲੀ (ਉੱਤਰ ਪ੍ਰਦੇਸ਼) ਅਤੇ ਅਜੈ ਕੁਮਾਰ ਵਾਸੀ ਲੁਧਿਆਣਾ (ਪੰਜਾਬ) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਪਰਾਧ ਸ਼ਾਖਾ ਦੇ ਇੰਸਪੈਕਟਰ ਹਰਿੰਦਰ ਸੇਖੋਂ ਦੀ ਅਗਵਾਈ ਹੇਠ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਰਾਮ ਦਰਬਾਰ ਵਿੱਚੋਂ ਅਨਿਲ ਅਤੇ ਹਰੀ ਪ੍ਰਕਾਸ਼ ਨੂੰ ਕਾਬੂ ਕੀਤਾ। ਇਨ੍ਹਾਂ ਮੁਲਜ਼ਮਾਂ ਨੇ ਦੱਸਿਆ ਕਿ ਉਹ ‘ਬਬਰੀਆ ਗੈਂਗ’ ਦੇ ਮੈਂਬਰ ਹਨ ਅਤੇ ਦਿੱਲੀ ਵਿੱਚ ਲੁੱਟ-ਖੋਹ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ ਅਤੇ ਹੁਣ ਚੰਡੀਗੜ੍ਹ ਵਿੱਚ ਸਰਗਰਮ ਹਨ।
ਪੁਲੀਸ ਨੇ ਦੋਵਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ ਸੈਕਟਰ-11 ਵਿੱਚੋਂ ਅਜੈ ਕੁਮਾਰ ਅਤੇ ਰਾਜੀਵ ਨਾਂ ਦੇ ਦੋ ਮੁਲਜ਼ਮਾਂ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ ਗਿਆ। ਇਹ ਮੋਟਰਸਾਈਕਲ ਉਨ੍ਹਾਂ ਨੇ ਦਿੱਲੀ ਤੋਂ ਚੋਰੀ ਕੀਤਾ ਸੀ ਅਤੇ ਹਰਿਆਣਾ ਦੀ ਫਰਜ਼ੀ ਨੰਬਰ ਲਗਾ ਕੇ ਚਲਾ ਰਹੇ ਸਨ। ਪੁਲੀਸ ਵੱਲੋਂ ਚਾਰਾਂ ਮੁਲਜ਼ਮਾਂ ਤੋਂ ਕੀਤੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਇਸ ਗੈਂਗ ਨੇ ਚੰਡੀਗੜ੍ਹ ਵਿੱਚ ਝਪਟਮਾਰੀ ਦੀ ਚਾਰ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਇਹ ਵਾਰਦਾਤਾਂ ਥਾਣਾ ਸੈਕਟਰ-31, 11, 39 ਅਤੇ ਮਨੀਮਾਜਰਾ ਦੇ ਇਲਾਕਿਆਂ ਵਿੱਚ ਵਾਪਰੀਆਂ ਹਨ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 7 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਮੁਲਜ਼ਮਾਂ ਨੂੰ 4 ਦਿਨਾਂ ਦਾ ਪੁਲੀਸ ਰਿਮਾਂਡ ’ਤੇ ਭੇਜਿਆ ਹੈ।
ਚੋਰੀ ਦੇ 6 ਵਾਹਨਾਂ ਸਣੇ ਮੁਲਜ਼ਮ ਕਾਬੂ
ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸੈਕਟਰ-36 ਦੀ ਪੁਲੀਸ ਨੇ ਇਕ ਵਿਅਕਤੀ ਨੂੰ 6 ਵਾਹਨਾਂ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਸੋਹਾਣਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਸੈਕਟਰ-35/36 ਦੀ ਸੜਕ ’ਤੇ ਨਾਕਾਬੰਦੀ ਦੌਰਾਨ ਐਕਟਿਵਾ ਸਵਾਰ ਵਿਅਕਤੀ ਨੂੰ ਰੋਕ ਕੇ ਜਾਂਚ ਕੀਤੀ ਤਾਂ ਐਕਟਿਵਾ ਚੋਰੀ ਦਾ ਪਾਇਆ ਗਿਆ। ਪੁਲੀਸ ਨੇ ਸੁਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਤਾਂ ਊਸ ਤੋਂ 4 ਮੋਟਰਸਾਈਕਲ ਅਤੇ 2 ਐਕਟਿਵਾ ਸਕੂਟਰ ਬਰਾਮਦ ਹੋਏ। ਇਨ੍ਹਾਂ ਵਿੱਚੋਂ 4 ਵਾਹਨ ਮੁਹਾਲੀ ਅਤੇ 2 ਚੰਡੀਗੜ੍ਹ ਤੋਂ ਚੋਰੀ ਕੀਤੇ ਗਏ ਹਨ। ਥਾਣਾ ਸੈਕਟਰ-36 ਦੀ ਪੁਲੀਸ ਨੇ ਸੁਖਵਿੰਦਰ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।