ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਗਸਤ
ਚੰਡੀਗੜ੍ਹ ਪੁਲੀਸ ਵੱਲੋਂ ਇੰਡੀਅਨ ਆਇਲ ਦੇ ਸਹਿਯੋਗ ਨਾਲ ਸੈਕਟਰ-26 ਪੁਲੀਸ ਲਾਈਨ ਵਿੱਚ ਰੁਜ਼ਗਾਰ ਮੇਲਾ ਲਗਾਇਆ ਗਿਆ। ਇਸ ਮੌਕੇ ਚੰਡੀਗੜ੍ਹ ਦੇ ਡੀਜੀਪੀ ਸੰਜੇ ਬੈਨੀਵਾਲ ਨੇ 37 ਲੜਕੀਆਂ ਨੂੰ ਇੰਡੀਅਨ ਆਇਲ ਵਿੱਚ ਨੌਕਰੀ ਲਈ ਨਿਯਕੁਤੀ ਪੱਤਰ ਦਿੱਤੇ ਗਏ। ਸੰਜੇ ਬੈਨੀਵਾਲ ਨੇ ਕਿਹਾ ਕਿ ਚੰਡੀਗੜ੍ਹ ਪੁਲੀਸ ਲੜਕੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਆਤਮ ਨਿਰਭਰ ਬਨਾਉਣ ਲਈ ਵੱਖ ਵੱਖ ਤਰ੍ਹਾਂ ਦੇ ਕਾਰਜ ਕਰ ਰਹੀ ਹੈ, ਜਿਸ ਤਹਿਤ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਲੜਕੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਡੀਜੀਪੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪੁਲੀਸ ਵੱਲੋਂ ਲਗਾਏ ਗਏ ਰੁਜ਼ਗਾਰ ਮੇਲੇ ਵਿੱਚ ਸੈਂਕੜੇ ਨੌਜਵਾਨਾਂ ਨੂੰ ਰੁਜ਼ਗਾਰ ਦਵਾਇਆ ਗਿਆ ਹੈ। ਇਸ ਮੌਕੇ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਚੰਡੀਗੜ੍ਹ ਪੁਲੀਸ ਨੂੰ 2000 ਸੁਰੱਖਿਆ ਕਿਟਾਂ ਵੀ ਮੁਹੱਈਆ ਕਰਵਾਈਆਂ। ਸਮਾਗਮ ਵਿੱਚ ਚੰਡੀਗੜ੍ਹ ਪੁਲੀਸ ਦੀ ਐੱਸਐੱਸਪੀ ਨਿਲਾਂਬਰੀ ਜਗਦਲੇ ਸਣੇ ਹੋਰ ਪੁਲੀਸ ਮੁਲਾਜ਼ਮ ਵੀ ਹਾਜ਼ਰ ਸਨ।