ਚੰਡੀਗੜ੍ਹ, 2 ਦਸੰਬਰ
ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਦੌਰਾਨ ਬੈਰੀਕੇਡ ਟੱਪ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ’ਤੇ ਪੁਲੀਸ ਨੇ ਜਲ ਤੋਪਾਂ ਦੀ ਵਰਤੋਂ ਕੀਤੀ। ਚੰਡੀਗੜ੍ਹ ਪੁਲੀਸ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਸ੍ਰੀ ਖੱਟਰ ਦੀ ਸਰਕਾਰੀ ਰਿਹਾਇਸ਼ ਨੂੰ ਘੇਰਨ ਦੀ ਯੋਜਨਾ ਬਣਾਈ ਸੀ। ਯੂਥ ਕਾਂਗਰਸ ਦੇ ਕਾਰਕੁਨ ਨੇ ਕਿਹਾ ਕਿ ਉਹ “ਦਿੱਲੀ ਚਲੋ” ਮਾਰਚ ਦੌਰਾਨ ਹਜ਼ਾਰਾਂ ਕਿਸਾਨਾਂ ਨੂੰ ਰੋਕਣ ਖ਼ਿਲਾਫ਼ ਹਰਿਆਣਾ ਸਰਕਾਰ ਵਿਰੁਧ ਪ੍ਰਦਰਸ਼ਨ ਕਰ ਰਹੇ ਸਨ। ਸ੍ਰੀ ਖੱਟਰ ਦੀ ਰਿਹਾਇਸ਼ ਦੇ ਬਾਹਰ ਪੁਲੀਸ ਦੀ ਭਾਰੀ ਤਾਇਨਾਤੀ ਸੀ। ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਤਿੰਨ ਕਿਲੋਮੀਟਰ ਪਹਿਲਾਂ ਜਲ ਤੋਪਾਂ ਤਾਇਨਾਤ ਕਰ ਦਿੱਤੀਆਂ ਗਈਆਂ ਸਨ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਰਕੁਨ ਪਹਿਲਾਂ ਕਾਂਗਰਸ ਦੇ ਮੁੱਖ ਦਫਤਰ ਨੇੜੇ ਇਕੱਠੇ ਹੋਏ ਸਨ।