ਪੱਤਰ ਪ੍ਰੇਰਕ
ਚੰਡੀਗੜ੍ਹ, 19 ਮਾਰਚ
ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ 31 ਮਾਰਚ ਨੂੰ ਉਲੀਕੇ ਗਏ ਗਵਰਨਰ ਹਾਊਸ, ਪੰਜਾਬ ਦੇ ਘਿਰਾਓ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅੱਜ ਪਿੰਡ ਕਜਹੇੜੀ ਵਿੱਚ ਜੋਗਾ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮੰਚ ਦੇ ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ, ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਸਰਪ੍ਰਸਤ ਬਾਬਾ ਸਾਧੂ ਸਿੰਘ ਸਾਰੰਗਪੁਰ, ਸ਼ਰਨਜੀਤ ਸਿੰਘ ਰਾਏਪੁਰ ਕਲਾਂ ਆਦਿ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਪੰਜਾਬੀ ਮੰਚ ਦੇ ਉਕਤ ਅਹੁਦੇਦਾਰਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ 31 ਮਾਰਚ 2022 ਨੂੰ ਮਸਜਿਦ ਗਰਾਊਂਡ ਸੈਕਟਰ-20 ਚੰਡੀਗੜ੍ਹ ਤੋਂ ਗਵਰਨਰ ਪੰਜਾਬ ਨੂੰ ਯਾਦ ਪੱਤਰ ਦੇਣ ਲਈ ਰਾਜ ਭਵਨ, ਪੰਜਾਬ ਵੱਲ ਪੁਰ-ਅਮਨ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਚੰਡੀਗੜ੍ਹ ਪ੍ਰਸ਼ਾਸਨ ਰੋਸ ਮਾਰਚ ਵਿੱਚ ਵਿਘਨ ਪਾ ਕੇ ਕਿਸੇ ਨੂੰ ਗ੍ਰਿਫ਼ਤਾਰ ਕਰਦਾ ਹੈ ਤਾਂ ਰਾਜਪਾਲ ਨੂੰ ਯਾਦ ਪੱਤਰ ਦੇਣ ਲਈ ਗ੍ਰਿਫ਼ਤਾਰੀਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਹਰ ਪੰਜਾਬੀ ਹਿਤੈਸ਼ੀਆਂ ਨੂੰ ਰੋਸ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।