ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਪੈਦਲ ਮਾਰਚ ਲਈ ਲਾਮਬੰਦੀ
ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਪਿੰਡਾਂ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ
ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ 1 ਨਵੰਬਰ ਨੂੰ ਕੱਢੇ ਜਾਣ ਵਾਲੇ ਪੈਦਲ ਰੋਸ ਮਾਰਚ ਪ੍ਰਤੀ ਲਾਮਬੰਦੀ ਲਈ ਪਿੰਡ-ਪਿੰਡ ਜਾ ਕੇ ਸ਼ੁਰੂ ਕੀਤੇ ਮੀਟਿੰਗਾਂ ਦੇ ਸਿਲਸਿਲੇ ਵਜੋਂ ਪਿੰਡ ਖੁੱਡਾ ਅਲੀਸ਼ੇਰ ਅਤੇ ਪਿੰਡ ਬਹਿਲਾਣਾ ਦੇ ਗੁਰਦੁਆਰਾ ਸਾਹਿਬਾਨ ਵਿਖੇ ਮੀਟਿੰਗਾਂ ਕੀਤੀਆਂ ਗਈਆਂ।
ਪਿੰਡ ਖੁੱਡਾ ਅਲੀਸ਼ੇਰ ਵਿੱਚ ਸਰਪ੍ਰਸਤ ਬਾਬਾ ਗੁਰਦਿਆਲ ਸਿੰਘ ਅਤੇ ਸਕੱਤਰ ਗੁਰਪ੍ਰੀਤ ਸਿੰਘ ਸੋਮਲ ਦੀ ਦੇਖ-ਰੇਖ ਹੇਠ ਹੋਈ ਜਿਸ ਵਿੱਚ ਨਾਥ ਸਿੰਘ ਨੰਬਰਦਾਰ, ਗੁਰਚਰਨ ਸਿੰਘ ਸਾਬਕਾ ਪੰਚ, ਗਿਆਨੀ ਖੁਸ਼ਹਾਲ ਸਿੰਘ, ਭਵਤਰਨ ਸਿੰਘ ਜਨਰਲ ਸਕੱਤਰ ਯੂਥ ਕਲੱਬ ਖੁੱਡਾ ਅਲੀਸ਼ੇਰ ਨੇ ਮੰਚ ਦੇ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡ ਖੁੱੱਡਾ ਅਲੀਸ਼ੇਰ ਤੋਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੈਦਲ ਰੋਸ ਮਾਰਚ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਵਿਸ਼ੇਸ਼ ਕਰਕੇ ਪਿੰਡ ਦੀਆਂ ਔਰਤਾਂ ਅਤੇ ਬੱਚੇ ਵੀ ਸ਼ਾਮਲ ਹੋਣਗੇ ਤਾਂ ਜੋ ਅਗਲੀ ਪੀੜ੍ਹੀ ਨੂੰ ਵੀ ਆਪਣੀ ਮਾਂ ਬੋਲੀ ਪੰਜਾਬੀ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਮੀਟਿੰਗ ਵਿੱਚ ਕਾਮਰੇਡ ਦੇਵੀ ਦਿਆਲ ਸ਼ਰਮਾ ਨੇ ਪਿੰਡ ਵਾਸੀਆਂ ਦੀ ਸ਼ਲਾਘਾ ਕੀਤੀ। ਪਿੰਡ ਬਹਿਲਾਣਾ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਹੱਲੋਮਾਜਰਾ, ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ, ਕੈਸ਼ੀਅਰ ਸ਼ਰਨਜੀਤ ਸਿੰਘ ਬੈਦਵਾਨ ਰਾਏਪੁਰ ਕਲਾਂ ਨੇ ਸ਼ਿਰਕਤ ਕੀਤੀ।
ਉਨ੍ਹਾਂ ਦੱਸਿਆ ਕਿ 1 ਨਵੰਬਰ ਨੂੰ ਇਹ ਪੈਦਲ ਰੋਸ ਮਾਰਚ ਸੈਕਟਰ 30 ਸਥਿਤ ਮੱਖਣ ਸ਼ਾਹ ਲੁਬਾਣਾ ਭਵਨ ਤੋਂ ਸ਼ੁਰੂ ਹੋ ਕੇ ਵੱਖ-ਵੱਖ ਖੇਤਰਾਂ ਵਿੱਚੋਂ ਦੀ ਹੁੰਦਾ ਹੋਇਆ ਸੈਕਟਰ 22 ਸਥਿਤ ਗੁਰਦੁਆਰਾ ਸਾਹਿਬ ਜਾ ਕੇ ਸਮਾਪਤ ਹੋਵੇਗਾ।