ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਜੂਨ
ਕਰੋਨਾਵਾਇਰਸ ਮਹਾਮਾਰੀ ਤੋਂ ਬਾਅਦ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਦੇਸ਼ ਭਰ ਵਿੱਚ ਸਿਹਤ ਅਤੇ ਤੰਦਰੁਸਤੀ ਕੇਂਦਰਾਂ ’ਚ ਟੈਲੀਕੰਸਲਟੇਸ਼ਨ ਸਹੂਲਤ ਦੀ ਸ਼ੁਰੂਆਤ ਕੀਤੀ ਸੀ। ਟੈਲੀਕੰਸਲਟੇਸ਼ਨ ਸਹੂਲਤ ਨੂੰ ਸਹੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਚੰਡੀਗੜ੍ਹ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਹ ਜਾਣਕਾਰੀ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਸ੍ਰੀ ਧਰਮਪਾਲ ਵੱਲੋਂ ਸਿਟੀ ਬਿਊਟੀਫੁੱਲ ਦੇ ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਸ਼ਹਿਰ ਵਾਸੀਆਂ ਨੂੰ ਟੈਲੀ ਕੰਸਲਟੈਂਸੀ ਦੀ ਸਹੂਲਤ ਦੇਣ ਦਾ ਫ਼ੈਸਲਾ ਲਿਆ। ਇਸ ਨਾਲ ਲੋਕਾਂ ਨੂੰ ਗੰਭੀਰ ਸਿਹਤ ਸਮੱਸਿਆ ਹੋਣ ’ਤੇ ਹੀ ਹਸਪਤਾਲ ਵਿੱਚ ਜਾਣਾ ਪੈਂਦਾ ਹੈ, ਨਹੀਂ ਤਾਂ ਮਾਮੂਲੀ ਬਿਮਾਰੀ ਦੀ ਦਵਾਈ ਤਾਂ ਟੈਲੀਫੋਨ ਰਾਹੀਂ ਹੀ ਦੇ ਦਿੱਤੀ ਜਾਂਦੀ ਹੈ।
ਇਸ ਤੋਂ ਇਲਾਵਾ ਚੰਡੀਗੜ੍ਹ ਪ੍ਰਸ਼ਾਸਨ ਭਵਿੱਖ ਵਿੱਚ ਹਰੇਕ ਸਿਹਤ ਅਤੇ ਤੰਦਰੁਸਤੀ ਕੇਂਦਰ ’ਤੇ ਕੰਪਿਊਟਰ ਤੇ ਵੀਡੀਓ ਕੰਸਲਟੇਸ਼ਨ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਨਾਲ ਮਰੀਜ਼ ਟੈਲੀ ਮੈਡੀਸਨ/ਈ-ਸੰਜੀਵਨੀ ਰਾਹੀਂ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੈ ਸਕਣਗੇ। ਸਿਹਤ ਵਿਭਾਗ ਟੈਲੀਕੰਸਲਟੈਂਸੀ ਦੀ ਸਹੂਲਤ ਲਈ 205 ਕੰਪਿਊਟਰ ਅਤੇ ਹੋਰ ਲੋੜੀਂਦੇ ਉਪਕਰਨਾਂ ਦੀ ਖਰੀਦ ਕਰਨ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਬਹੁਤ ਜ਼ਿਆਦਾ ਲੋੜ ਪੈਣ ’ਤੇ ਹੀ ਹਸਪਤਾਲ ਪਹੁੰਚ ਕਰਨੀ ਪਵੇ।
ਯੂਟੀ ਦੇ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਧਰਮਪਾਲ ਨੇ ਦੱਸਿਆ ਕਿ ਯੂਟੀ ਦੇ ਇੰਜਨੀਅਰਿੰਗ ਵਿਭਾਗ ਵੱਲੋਂ ਸ਼ਹਿਰ ਵਿਚਲੇ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਤੇ ਤਿੰਨ ਤੋਂ ਚਾਰ ਮਹੀਨੇ ਵਿੱਚ ਇਹ ਕੰਮ ਪੂਰਾ ਕਰ ਲਿਆ ਜਾਵੇਗਾ।