ਚੰਡੀਗੜ੍ਹ ਵਾਟਰ ਟੈਂਕਰ ਐਸੋਸੀਏਸ਼ਨ ਵੱਲੋਂ ਜਲ ਸਪਲਾਈ ਠੱਪ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਜੂਨ
ਚੰਡੀਗੜ੍ਹ ਸ਼ਹਿਰ ਵਿੱਚ ਪਾਣੀ ਦਾ ਸਪਲਾਈ ਕਰਨ ਵਾਲਿਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਚੱਲਦਿਆਂ ਚੰਡੀਗੜ੍ਹ ਵਾਟਰ ਟੈਂਕਰ ਐਸੋਸੀਏਸ਼ਨ ਨੇ ਜਲ ਸਪਲਾਈ ਠੱਪ ਕਰ ਦਿੱਤੀ ਹੈ। ਐਸੋਸੀਏਸ਼ਨ ਦੇ ਮੈਂਬਰਾਂ ਨੇ ਅੱਜ ਲਗਾਤਾਰ ਦੂਜੇ ਦਿਨ ਡਿਪਟੀ ਕਮਿਸ਼ਨਰ ਵਿਰੁੱਧ ਪ੍ਰਦਰਸ਼ਨ ਕੀਤਾ ਹੈ। ਐਸੋਸੀਏਸ਼ਨ ਦੇ ਮੈਂਬਰ ਮਨੀਮਾਜਰਾ ਵਿੱਚ ਇਕੱਠੇ ਹੋ ਕੇ ਸੈਕਟਰ-17 ਵਿੱਚ ਪਹੁੰਚੇ ਜਿੱਥੇ ਉਨ੍ਹਾਂ ਨੇ ਚੰਡੀਗੜ੍ਹ ਦੇ ਡੀਸੀ ਵਿਰੁੱਧ ਨਾਅਰੇਬਾਜ਼ੀ ਕੀਤੀ।
ਐਸੋਸੀਏਸ਼ਨ ਦੇ ਆਗੂ ਪ੍ਰਿੰਸ ਸੋਢੀ ਨੇ ਕਿਹਾ ਕਿ ਚੰਡੀਗੜ੍ਹ ਦੇ ਡੀਸੀ ਨੇ ਪਿਛਲੇ ਦਿਨੀਂ ਨਿੱਜੀ ਪਾਣੀ ਟੈਂਕਰ ਚਲਾਉਣ ਵਾਲਿਆਂ ਦੇ ਟਿਊਬਵੈੱਲ ਬੰਦ ਕਰਨ ਦੇ ਹੁਕਮ ਦਿੱਤੇ ਸਨ। ਇਸ ਦਾ ਵਿਰੋਧ ਕਰਨ ’ਤੇ ਡੀਸੀ ਨੇ ਟਿਊਬਵੈੱਲ ਬੰਦ ਨਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਕੁਝ ਦਿਨ ਪਹਿਲਾਂ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਪਾਣੀ ਦੇ ਟੈਂਕਰ ਚਲਾਉਣ ਵਾਲਿਆਂ ਦੇ ਟਿਊਬਵੈੱਲ ਜ਼ਬਰੀ ਬੰਦ ਕਰ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਟਿਊਬਵੈੱਲ ਬੰਦ ਕੀਤੇ ਜਾਣ ਤੋਂ ਨਾਰਾਜ਼ ਸ਼ਹਿਰ ਦੇ ਸਾਰੇ ਵਾਟਰ ਟੈਂਕਰਾਂ ਦੇ ਪ੍ਰਬੰਧਕਾਂ ਨੇ ਆਪਣਾ ਕੰਮ ਠੱਪ ਕਰ ਦਿੱਤਾ ਹੈ। ਐਸੋਸੀਏਸ਼ਨ ਮੈਂਬਰਾਂ ਨੇ ਕਿਹਾ ਕਿ ਜਦੋਂ ਤੱਕ ਪ੍ਰਸ਼ਾਸਨ ਵੱਲੋਂ ਟਿਊਬਵੈੱਲ ਸ਼ੁਰੂ ਨਹੀਂ ਕੀਤੇ ਜਾਂਦੇ, ਪ੍ਰਦਰਸ਼ਨ ਜਾਰੀ ਰਹੇਗਾ।