
ਕੋਵਿਡ ਪ੍ਰਬੰਧਾਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ।
ਆਤਿਸ਼ ਗੁਪਤਾ
ਚੰਡੀਗੜ੍ਹ, 2 ਦਸੰਬਰ
ਕਰੋਨਾਵਾਇਰਸ ਦੇ ਦੌਰ ਜਾਰੀ ਹੈ ਪਰ ਫਿਲਹਾਲ ਚੰਡੀਗੜ੍ਹ ਵਿੱਚ ਰਾਤ ਦਾ ਕਰਫਿਊ ਨਹੀਂ ਲਗਾਇਆ ਜਾਵੇਗਾ ਅਤੇ ਨਾ ਹੀ ਦੁਕਾਨਾਂ ਬੰਦ ਕਰਨ ਦੇ ਸਮੇਂ ਵਿੱਚ ਕੋਈ ਬਦਲਾਅ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਕਰੋਨਾਵਾਇਰਸ ਦੇ ਪ੍ਰਬੰਧਾਂ ਸਬੰਧੀ ਕੀਤੀ ਸਮੀਖਿਆ ਬੈਠਕ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹਾਲਾਤ ਦੀ ਸਮੇਂ-ਸਮੇਂ ’ਤੇ ਸਮੀਖਿਆ ਕੀਤੀ ਜਾਵੇਗੀ ਜਿਸ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਨੇ ਸ਼ਹਿਰ ਵਿੱਚ ਪਾਬੰਦੀ ਦੇ ਬਾਵਜੂਦ ਚੱਲ ਰਹੇ ਨਾਜਾਇਜ਼ ਹੁੱਕਾ ਬਾਰਾਂ ਖ਼ਿਲਾਫ਼ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਅਤੇ ਚੰਡੀਗੜ੍ਹ ਪੁਲੀਸ ਨੂੰ ਕਿਹਾ ਕਿ ਕਲੱਬ/ਰੈਸਤਰਾਂ ਜਾਂ ਹੋਟਲਾਂ ਵਿੱਚ ਹੁੱਕਾ ਸਪਲਾਈ ਕਰਨ ਵਾਲੇ ਮਾਲਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸੇ ਦੌਰਾਨ ਪੁਲੀਸ ਨੇ ਦੱਸਿਆ ਕਿ ਸ਼ਹਿਰ ਵਿੱਚ ਦੋ ਹੁੱਕਾ ਬਾਰਾਂ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਵੇਰਵਿਆਂ ਅਨੁਸਾਰ ਥਾਣਾ ਸੈਕਟਰ-26 ਦੀ ਪੁਲੀਸ ਨੇ ਹੁੱਕਾ ਸਪਲਾਈ ਕਰਨ ਦੇ ਦੋਸ਼ ਤਹਿਤ ਪ੍ਰਭਾਤ ਸੈਣੀ ਵਾਸੀ ਜ਼ੀਰਕਪੁਰ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਪੁਲੀਸ ਨੇ ਦੇਰ ਰਾਤ ਤੱਕ ਕਲੱਬ ਖੋਲ੍ਹਣ ਸਬੰਧੀ ਇੰਡਸਟਰੀਅਲ ਏਰੀਆ ਸਥਿਤ ਕਲੱਬ ਦੇ ਮਾਲਕ ਖ਼ਿਲਾਫ਼ ਵੀ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸ੍ਰੀ ਬਦਨੌਰ ਨੇ ਕਰੋਨਾ ਕਾਰਨ ਘਰਾਂ ਵਿੱਚ ਇਕਾਂਤਵਾਸ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਵਿਗੜਣ ਤੋਂ ਪਹਿਲਾਂ ਡਾਕਟਰਾਂ ਨਾਲ ਸੰਪਰਕ ਕਰਨ।ਇਸੇ ਦੌਰਾਨ ਪੀਜੀਆਈ ਦੇ ਡਾਇਰੈਕਟਰ ਡਾ. ਜਗਤ ਰਾਮ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਕੋਵਿਡ ਦੇ ਪਾਜ਼ੇਟਿਵ ਕੇਸਾਂ ਦੀ ਦਰ 10 ਫ਼ੀਸਦ ਹੈ। ਸੈਕਟਰ-32 ਹਸਪਤਾਲ ਦੀ ਡਾ. ਜਸਵਿੰਦਰ ਕੌਰ ਨੇ ਦੱਸਿਆ ਕਿ ਯੂਰੋਲੌਜੀ, ਨਿਉਰੋ ਸਰਜਰੀ, ਪਲਾਸਟਿਕ ਸਰਜਰੀ ਅਤੇ ਕਾਰਡੀਓ ਸਰਜਰੀ ਦੇ ਖੇਤਰ ਵਿੱਚ ਚਾਰ ਓਪੀਡੀਜ਼ ਸ਼ੁਰੂ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਮਨਦੀਪ ਕੰਗ ਨੇ ਦੱਸਿਆ ਕਿ ਓਪੀਡੀ ਰਾਹੀ 10 ਹਜ਼ਾਰ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱੱਸਿਆ ਕਿ ਸਿਹਤ ਵਿਭਾਗ ਵੱਲੋਂ ਮਲੇਰੀਆ ਅਤੇ ਡੇਂਗੂ ਦੀ ਰੋਕਥਾਮ ਲਈ ਹੁਣ ਤੱਕ 8500 ਘਰਾਂ ਦੀ ਜਾਂਚ ਕੀਤੀ ਗਈ ਹੈ ਅਤੇ ਲੋੜ ਅਨੁਸਾਰ ਫੌਗਿੰਗ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਡੇਂਗੂ ਦੇ 240 ਕੇਸ ਪਾਏ ਗਏ ਹਨ ਜਦਕਿ ਕਰੋਨਾ ਦੀ ਰੋਕਥਾਮ ਲਈ ਮੋਬਾਈਲ ਟੀਮਾਂ ਰਾਹੀਂ ਸੈਕਟਰ-17 ਬੱਸ ਅੱਡਾ, ਰੇਲਵੇ ਸਟੇਸ਼ਨ, ਬੁੜੈਲ ਜੇਲ੍ਹ, ਸੈਕਟਰ-26 ਸਬਜ਼ੀ ਮੰਡੀ ਂ ’ਤੇ ਜਾਂਚ ਕੀਤੀ ਜਾ ਰਹੀ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ
ਜ਼ਰੂਰ ਪੜ੍ਹੋ