ਚੰਡੀਗੜ੍ਹ: ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦੇ ਜਨਮ ਦਿਨ ਨੂੰ ‘ਬੇਰੁਜ਼ਗਾਰੀ ਦਿਵਸ’ ਵਜੋਂ ਮਨਾਇਆ
ਚੰਡੀਗੜ੍ਹ ਯੂਥ ਕਾਂਗਰਸ ਵੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ‘ਬੇਰੁਜ਼ਗਾਰੀ ਦਿਵਸ’ ਵਜੋਂ ਮਨਾਇਆ ਗਿਆ। ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ ਦੀ ਅਗਵਾਈ ਹੇਠ ਯੂਥ ਕਾਂਗਰਸੀਆਂ ਨੇ ਸੈਕਟਰ 35 ਵਿਖੇ ਸਥਿਤ ਕਾਂਗਰਸ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਯੂਥ ਕਾਂਗਰਸੀਆਂ ਨੇ ਚਾਹ ਦੀ ਰੇਹੜੀ ਲਗਾ ਕੇ, ਜੁੱਤੇ ਪੋਲਿਸ਼ ਕਰਕੇ ਅਤੇ ਸਬਜ਼ੀਆਂ ਵੇਚ ਕੇ ਵੱਖਰੇ ਢੰਗ ਨਾਲ ਪ੍ਰਦਰਸ਼ਨ ਕੀਤਾ ਹੈ।
ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਸਾਲ ਦੋ ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਕੀਤੇ ਸੀ ਪਰ ਨੌਜਵਾਨਾਂ ਦਾ ਰੁਜ਼ਗਾਰ ਲਗਾਤਾਰ ਖੁਸਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬੇਰੁਜ਼ਗਾਰੀ ਲਗਾਤਾਰ ਵੱਧ ਰਹੀ ਹੈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਭਾਲ ਵਿੱਚ ਥਾਂ-ਥਾਂ ’ਤੇ ਧੱਕੇ ਖਾਣ ਲਈ ਮਜਬੂਰ ਹੋਣਾ ਪੈ ਰਹੇ ਹੈ। ਭਾਜਪਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਸਾਰੇ ਖੇਤਰਾਂ ਦਾ ਨਿਜੀਕਰਨ ਕੀਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਦੇਸ਼ ਵਿੱਚ ਆਪਣੀ ਮਨਮਾਨੀਆਂ ਕੀਤੀਆਂ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਯੂਥ ਕਾਂਗਰਸ ਵੱਲੋਂ ਦੇਸ਼ ਭਰ ਵਿੱਚ ਭਾਜਪਾ ਦੀਆਂ ਮਨਮਾਨੀਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ।