ਆਤਿਸ਼ ਗੁਪਤਾ
ਚੰਡੀਗੜ੍ਹ, 8 ਜੁਲਾਈ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਨਿੱਤ ਵਧ ਰਹੀਆਂ ਕੀਮਤਾਂ ਖ਼ਿਲਾਫ਼ ਚੰਡੀਗੜ੍ਹੀਆਂ ਨੇ ਵੀ ਸੜਕਾਂ ’ਤੇ ਉਤਰ ਕੇ ਰੋਸ ਮੁਜ਼ਾਹਰੇ ਕੀਤੇ। ਵੱਖ-ਵੱਖ ਕਿਸਾਨ ਜਥੇਬੰਦੀਆਂ, ਸਮਾਜਿਕ ਅਤੇ ਨੌਜਵਾਨ ਜਥੇਬੰਦੀਆਂ ਦੇ ਆਗੂਆਂ ਨੇ ਲਗਪਗ ਦਰਜਨ ਥਾਵਾਂ ’ਤੇ ਮਹਿੰਗਾਈ ਖ਼ਿਲਾਫ਼ ਟਰੈਕਟਰਾਂ, ਸਕੂਟਰਾਂ, ਮੋਟਰਾਈਕਲਾਂ, ਕਾਰਾਂ ਅਤੇ ਵੱਖ-ਵੱਖ ਵਾਹਨਾਂ ਨੂੰ ਸੜਕਾਂ ਕਿਨਾਰੇ ਖੜ੍ਹੇ ਕਰ ਕੇ ਅਤੇ ਖਾਲੀ ਗੈਸ ਸਿਲੰਡਰਾਂ ਹੱਥਾਂ ਵਿੱਚ ਲੈ ਕੇ ਰੋਸ ਮੁਜ਼ਾਹਰੇ ਕੀਤੇ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਮਟਕਾ ਚੌਕ ਵਿੱਚ ਪੱਕੇ ਮੋਰਚੇ ਵਾਲੀ ਥਾਂ ’ਤੇ ਪਹੁੰਚ ਕੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਕਿਸਾਨ ਮਜ਼ਦੂਰ, ਨੌਜਵਾਨ, ਵਿਦਿਆਰਥੀ, ਔਰਤਾਂ, ਕਰਮਚਾਰੀ, ਦੁਕਾਨਦਾਰ, ਟਰਾਂਸਪੋਰਟਰ, ਵਪਾਰੀ ਅਤੇ ਹਰ ਵਰਗ ਦੇ ਲੋਕ ਸ਼ਾਮਲ ਸਨ ਜਿਨ੍ਹਾਂ ਨੇ ਸੜਕ ਕਿਨਾਰੇ ਵਾਹਨ ਖੜ੍ਹੇ ਕਰ ਕੇ 10 ਮਿੰਟ ਹਾਰਨ ਵਜਾਏ।
ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਦੇ ਆਗੂ ਕਿਰਪਾਲ ਸਿੰਘ ਤੇ ਹੋਰ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨੇ ਤੇ ਮਹਿੰਗਾਈ ’ਤੇ ਨੱਥ ਪਾਉਣ ਲਈ ਫ਼ੈਸਲੇ ਲਵੇ। ਇਸ ਮੌਕੇ ਰਾਜ ਕੌਰ ਗਿੱਲ, ਪੇਂਡੂ ਸੰਘਰਸ਼ ਕਮੇਟੀ ਦੇ ਆਗੂ ਬਲਜੀਤ ਸਿੰਘ ਪਲਸੌਰਾ, ਗੁਰਪ੍ਰੀਤ ਸਿੰਘ ਸੋਮਲ, 22 ਸੈਕਟਰ ਗੁਰਦੁਆਰਾ ਤੋਂ ਗੁਰਜੋਤ ਸਿੰਘ ਸਾਹਨੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਅੰਦੋਲਨ ਦੇ ਹਮਾਇਤੀ ਹਾਜ਼ਰ ਸਨ।
ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਭਾਰੀ ਵਾਧੇ ਖ਼ਿਲਾਫ਼ ਅੱਜ ਅੰਨਦਾਤਾ ਸਮੇਤ ਆਮ ਨਾਗਰਿਕ ਵੀ ਸੜਕਾਂ ’ਤੇ ਉਤਰ ਆਏ। ਮੁਹਾਲੀ ਅਤੇ ਨੇੜਲੇ ਪਿੰਡਾਂ, ਕਸਬਿਆਂ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ਬਰਦਸਤ ਮੁਜ਼ਾਹਰੇ ਕੀਤੇ ਗਏ ਜਿਨ੍ਹਾਂ ਵਿੱਚ ਕਾਰੋਬਾਰੀ, ਨੌਕਰੀਪੇਸ਼ਾ ਲੋਕਾਂ, ਔਰਤਾਂ ਅਤੇ ਛੋਟੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ। ਇਲਾਕੇ ਦੇ ਕਿਸਾਨਾਂ ਨੇ ਮੁਹਾਲੀ ਏਅਰਪੋਰਟ ਸੜਕ, ਨੈਸ਼ਨਲ ਹਾਈਵੇਅ 21, ਲਾਂਡਰਾ ਵਿੱਚ ਪ੍ਰਦਰਸ਼ਨ ਕੀਤੇ। ਏਅਰਪੋਰਟ ਚੌਕ ਤੋਂ ਆਈਸਰ ਤੱਕ ਰੋਸ ਮਾਰਚ ਕੀਤਾ ਗਿਆ। ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਪ੍ਰਦਰਸ਼ਨ ਕੀਤਾ। ਇਸ ਜਗ੍ਹਾ ’ਤੇ ਸੰਯੁਕਤ ਕਿਸਾਨ ਮੋਰਚਾ ਦੇ ਸਮਰਥਨ ਵਿੱਚ ਲੜੀਵਾਰ ਭੁੱਖ-ਹੜਤਾਲ ਚੱਲ ਰਹੀ ਹੈ। ਇਸ ਮੌਕੇ ਪਰਵਿੰਦਰ ਸਿੰਘ ਬੈਦਵਾਨ, ਆਜ਼ਾਦ ਕੌਂਸਲਰ ਹਰਜਿੰਦਰ ਕੌਰ ਸੋਹਾਣਾ, ਸਮਾਜ ਸੇਵੀ ਨਰਿੰਦਰ ਸਿੰਘ ਕੰਗ, ਨਛੱਤਰ ਸਿੰਘ ਬੈਦਵਾਨ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ। ਇਸ ਦੌਰਾਨ ਕਿਸਾਨਾਂ ਅਤੇ ਆਮ ਲੋਕਾਂ ਨੇ ਦੇਸ਼ ਦੇ ਹੁਕਮਰਾਨਾਂ ਨੂੰ ਗੂੜੀ ਨੀਂਦ ਤੋਂ ਜਗਾਉਣ ਲਈ ਸੜਕ ਕਿਨਾਰੇ ਆਪਣੇ ਵਾਹਨ ਖੜ੍ਹੇ ਕਰ ਕੇ ਪ੍ਰੈਸ਼ਰ ਹਾਰਨ ਵਜਾਏ ਗਏ। ਇਸੇ ਤਰ੍ਹਾਂ ਲਾਂਡਰਾਂ ਟੀ- ਪੁਆਇੰਟ ’ਤੇ ਵੀ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਨੌਜਵਾਨ ਆਗੂ ਗੀਤਇੰਦਰ ਸਿੰਘ ਗਿੱਲ ਨੇ ਇਸ ਮੌਕੇ ਛਬੀਲ ਵੀ ਲਾਈ ਗਈ। ਫੇਜ਼-7 ਦੀ ਮਾਰਕੀਟ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ ਜਿਸ ਵਿੱਚ ਆਜ਼ਾਦ ਗਰੁੱਪ ਦੇ ਆਗੂਆਂ ਸਮੇਤ ਛੋਟੇ ਵਪਾਰੀਆਂ ਨੇ ਸ਼ਿਰਕਤ ਕੀਤੀ।
ਖਰੜ (ਸ਼ਸ਼ੀ ਪਾਲ ਜੈਨ): ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਹਰ ਰੋਜ਼ ਵਧ ਰਹੀਆਂ ਕੀਮਤਾਂ ਦੇ ਵਿਰੁੱਧ ਅੱਜ ਕਿਸਾਨਾਂ ਨੇ ਖਰੜ ਦੇ ਬੱਸ ਸਟੈਂਡ ਅਤੇ ਭਾਗੋਮਾਜਰਾ ਟੌਲ ਪਲਾਜ਼ਾ ’ਤੇ ਖਾਲੀ ਸਿਲੰਡਰ ਅਤੇ ਟਰੈਕਟਰ ਲਾ ਕੇ ਕੇਂਦਰ ਸਰਕਾਰ ਵਿਰੁੱਧ ਨਾਅੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂ ਮੇਹਰ ਸਿੰਘ ਥੇੜੀ, ਜਸਪਾਲ ਸਿੰਘ ਨਿਆਮੀਆਂ, ਦਵਿੰਦਰ ਸਿੰਘ ਦੇਹਕਲਾਂ ਤੇ ਰਵਿੰਦਰ ਸਿੰਘ ਦੇਹਕਲਾਂ ਆਦਿ ਮੌਜੂਦ ਸਨ।
ਮਟਕਾ ਚੌਕ ਵਿੱਚ ਝੰਡੇ ਲਾਉਣ ’ਤੇ ਵਿਵਾਦ
ਚੰਡੀਗੜ੍ਹ: ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਜਥੇਬੰਦੀਆਂ ਨੇ ਮਟਕਾ ਚੌਕ ਵਿੱਚ ਪੱਕਾ ਮੋਰਚਾ ਲਗਾਇਆ ਹੋਇਆ ਹੈ ਜਿੱਥੇ ਅੱਜ ਮੁੜ ਝੰਡੇ ਲਗਾਉਣ ’ਤੇ ਪੁਲੀਸ ਅਤੇ ਪ੍ਰਦਰਸ਼ਕਾਰੀਆਂ ਵਿੱਚ ਟਕਰਾਅ ਵਧ ਗਿਆ। ਜਦੋਂ ਮਹਿੰਗਾਈ ਖ਼ਿਲਾਫ਼ ਲੋਕ ਪ੍ਰਦਰਸ਼ਨ ਕਰ ਰਹੇ ਸਨ ਤਾਂ ਉਨ੍ਹਾਂ ਮਟਕਾ ਚੌਕ ਵਿੱਚ ਵੱਡੀ ਗਿਣਤੀ ’ਚ ਕਿਸਾਨੀ ਦੇ ਝੰਡੇ ਲਗਾ ਦਿੱਤੇ ਜਿਸਦਾ ਥਾਣਾ ਸੈਕਟਰ-17 ਦੀ ਪੁਲੀਸ ਨੇ ਵਿਰੋਧ ਕੀਤਾ ਤੇ ਕਿਸਾਨੀ ਦੇ ਝੰਡੇ ਉਖਾੜ ਸੁੱਟੇ। ਪੁਲੀਸ ਦੀ ਕਾਰਵਾਈ ਦਾ ਕਿਸਾਨ ਹਮਾਇਤੀਆਂ ਨੇ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸੰਘਰਸ਼ ਜਾਰੀ ਹੈ, ਉੱਦੋਂ ਤੱਕ ਇਹ ਝੰਡੇ ਲੱਗੇ ਰਹਿਣਗੇ। -ਟਨਸ
ਚੰਡੀਮੰਦਰ ਟੌਲ ਪਲਾਜ਼ਾ ’ਤੇ ਵੀ ਮੁਜ਼ਾਹਰਾ
ਪੰਚਕੂਲਾ (ਪੀ.ਪੀ. ਵਰਮਾ): ਇੱਥੋਂ ਦੇ ਚੰਡੀਮੰਦਰ ਟੌਲ ਪਲਾਜ਼ਾ ਅਤੇ ਪਿੰਜੌਰ ਦੇ ਬੱਸ ਸਟੈਂਡ ਨੇੜੇ ਕਿਸਾਨਾਂ ਨੇ ਮਹਿੰਗਾਈ ਖਿਲਾਫ਼ ਮੁਜ਼ਾਹਰਾ ਕੀਤਾ ਜਿਸ ਵਿੱਚ ਔਰਤਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਆਗੂਆਂ ਨੇ ਸੜਕਾਂ ’ਤੇ ਗੈਸ ਸਿਲੰਡਰ ਰੇੜ ਕੇ ਪ੍ਰਦਰਸ਼ਨ ਕਰਦਿਆਂ ਸਰਕਾਰ ਖਿਲਾਫ਼ ਨਾਰੇਬਾਜ਼ੀ ਕੀਤੀ। ਕਿਸਾਨ ਆਗੂ ਕਰਮ ਸਿੰਘ ਨੇ ਕਿਹਾ ਕਿ ਅਜਿਹੀ ਮਹਿੰਗਾਈ ਵਿੱਚ ਗਰੀਬ ਲੋਕਾਂ ਦਾ ਬਹੁਤ ਬੁਰਾ ਹਾਲ ਹੈ। ਨੱਗਲ-ਬਰਵਾਲਾ ਟੌਲ ਪਲਾਜ਼ਾ ’ਤੇ ਵੀ ਮਹਿੰਗਾਈ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ।
ਜ਼ੀਰਕਪੁਰ ਵਾਸੀਆਂ ਨੇ ਨਿਵੇਕਲੇ ਅੰਦਾਜ਼ ’ਚ ਪ੍ਰਗਟਾਇਆ ਰੋਸ
ਜ਼ੀਰਕਪੁਰ (ਹਰਜੀਤ ਸਿੰਘ): ਇੱਥੇ ਵੱਖ-ਵੱਖ ਪਿੰਡਾਂ ਅਤੇ ਕਲੋਨੀਆਂ ਵਾਸੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਗਏ। ਇਸ ਦੌਰਾਨ ਪੰਚਕੂਲਾ ਸੜਕ ’ਤੇ ਕੇ ਏਰੀਆ ਦੇ ਲਾਈਟ ਪੁਆਇੰਟ ’ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਨੌਜਵਾਨਾਂ ਦੀ ਅਗਵਾਈ ਹੇਠ ਇਲਾਕੇ ਦੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸ਼ਹਿਰ ਵਿੱਚ ਲੋਕਾਂ ਵੱਲੋਂ ਰੇਹੜੇ ’ਤੇ ਖਾਲੀ ਗੈਸ ਸਿਲੰਡਰ ਰੱਖ ਕੇ ਸੜਕਾਂ ਉੱਪਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਿੰਡ ਛੱਤ ਅਤੇ ਸ਼ਤਾਬਗੜ੍ਹ ਵਾਸੀਆਂ ਵੱਲੋਂ ਪਟਿਆਲਾ ਰੋਡ ’ਤੇ ਹਵਾਈ ਅੱਡੇ ਦੀ ਲਾਈਟ ਪੁਆਇੰਟ ’ਤੇ ਪ੍ਰਦਰਸ਼ਨ ਕੀਤਾ ਗਿਆ। ਮਹਿਲਾ ਮੰਡਲ ਦੀ ਮਹਿਲਾ ਮੈਂਬਰਾਂ ਨੇ ਵੀ ਮੋਦੀ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ।